ਪੰਜਾਬ 'ਚ ਸ਼ੁਰੂ ਹੋ ਰਿਹਾ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਘਰ ਬੈਠੇ ਮਿਲਣਗੀਆਂ 40 ਨਾਗਰਿਕ ਕੇਂਦਰਿਤ ਸੇਵਾਵਾਂ
ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਛੇਤੀ ਹੀ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਉਤੇ ਵਿਚਾਰ ਕਰ ਰਹੀ ਹੈ। ਇਸ ਤਹਿਤ ਪੰਜਾਬ ਵਾਸੀਆਂ ਨੂੰ 40 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਦਰ ਉਤੇ ਜਾ ਕੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਸਕੀਮ ਐਪ ਜ਼ਰੀਏ ਆਨਲਾਈਨ ਮੁਹੱਈਆ ਹੋਵੇਗੀ ਅਤੇ ਨਾਗਰਿਕਾਂ ਨੂੰ ਸਿਰਫ ਇੱਕ ਫੋਨ ਕਾਲ ਨਾਲ ਇਸ ਸਕੀਮ ਦਾ ਲਾਭ ਮਿਲੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਤੋਂ ਸੇਵਾਵਾਂ ਹਾਸਲ ਹੋਣਗੀਆਂ।
ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਖਾਸ ਕਰਕੇ ਮੀਡੀਆ ਨੂੰ ਸੱਦਾ ਦਿੱਤਾ ਕਿ ਨੌਜਵਾਨਾਂ ਨੂੰ ਭੜਕਾ ਕੇ ਸੂਬੇ ਨੂੰ ਅਸਥਿਰ ਕਰਨ ਦੀਆਂ ਕੋਸ਼ਿਸ਼ਾਂ ਕਰਨ ਵਾਲੇ ਲੋਕਾਂ ਨੂੰ ਮੂੰਹ ਨਾ ਲਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਕਮਾਤਰ ਉਦੇਸ਼ ਅਮਨ-ਸ਼ਾਂਤੀ, ਵਿਕਾਸ ਤੇ ਖੁਸ਼ਹਾਲੀ ਲਿਆਉਣਾ ਹੈ ਅਤੇ ਇਸ ਮਨੋਰਥ ਨੂੰ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੂਰਾ ਕੀਤਾ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਦੇ ਸਹਾਇਕ ਕਿੱਤਿਆਂ ਨੂੰ ਉਤਸ਼ਾਹਿਤ ਕਰਨ ਵੱਲ ਵਧੇਰੇ ਧਿਆਨ ਦੇ ਰਹੀ ਹੈ ਤਾਂ ਕਿ ਕਿਸਾਨਾਂ ਦੀ ਆਮਦਨ ਵਧਾਈ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਫੂਡ ਪ੍ਰੋਸੈਸਿੰਗ ਸੈਕਟਰ ਉਤੇ ਜ਼ੋਰ ਦੇ ਰਹੀ ਹੈ ਤੇ ਗੰਨਾ, ਲੀਚੀ, ਲਸਣ ਅਤੇ ਕਿੰਨੂ ਸਮੇਤ ਹੋਰ ਫਲਾਂ ਲਈ ਛੇਤੀ ਹੀ ਪ੍ਰੋਸੈਸਿੰਗ ਪਲਾਂਟ ਸਥਾਪਤ ਕਰੇਗੀ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮਿਲਕਫੈਡ ਰਾਹੀਂ ਦੁੱਧ ਦਾ ਉਤਪਾਦਨ ਵਧਾਉਣ ਉਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਕਿ ਇਸ ਦਾ ਵਿਸਤਾਰ ਹੋਰ ਸੂਬਿਆਂ ਵਿਚ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਉਤਪਾਦ ਆਲਮੀ ਪੱਧਰ ਉਤੇ ਖਾਸ ਕਰਕੇ ਪੰਜਾਬੀ ਭਾਈਚਾਰੇ ਵਿਚ ਬਹੁਤ ਪ੍ਰਸਿੱਧ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਉਤਪਾਦਾਂ ਨੇ ਪੇਂਡੂ ਅਤੇ ਖੇਤਰੀ ਮਾਰਕੀਟ ਤੋਂ ਬਾਅਦ ਘਰੇਲੂ ਅਤੇ ਕੌਮਾਂਤਰੀ ਮਾਰਕੀਟ ਵਿਚ ਵੱਡਾ ਨਾਮਣਾ ਖੱਟਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਵਸਤਾਂ ਦੀ ਪ੍ਰੋਸੈਸਿੰਗ ਰਾਹੀਂ ਹੋਰ ਮੁਨਾਫਾ ਦੇਣ ਦੇ ਯਤਨ ਕੀਤੇ ਜਾ ਰਹੇ ਹਨ।