Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ ਨੂੰ ਮੰਨਿਆ ਕਿ ਉਨ੍ਹਾਂ ਨੇ ਅਕਾਲੀ ਸਰਕਾਰ ਦੌਰਾਨ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫੀ ਦਿਵਾਉਣ 'ਚ ਭੂਮਿਕਾ ਨਿਭਾਈ ਸੀ। ਸੁਖਬੀਰ ਬਾਦਲ ਦੇ ਮਾਮਲੇ ਨੂੰ ਲੈ ਕੇ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ, ਜਿਸ ਵਿੱਚ ਉਨ੍ਹਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੈਬਨਿਟ ਦੇ ਹੋਰ ਮੈਂਬਰਾਂ ਨੂੰ ਧਾਰਮਿਕ ਬੇਅਦਬੀ ਦੇ ਦੋਸ਼ਾਂ ਵਿੱਚ ਸਜ਼ਾ ਸੁਣਾਈ ਗਈ। ਇਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਦਿੱਤਾ ਗਿਆ ਵੱਡਾ ਸਨਮਾਨ ਵਾਪਸ ਲੈ ਲਿਆ ਹੈ।
ਅਕਾਲੀ ਸਰਕਾਰ ਦੌਰਾਨ ਵਿਵਾਦਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਨੂੰ ਧਿਆਨ ਵਿੱਚ ਰੱਖਦਿਆਂ ਅਕਾਲ ਤਖ਼ਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ‘ਫ਼ਖਰ-ਏ-ਕੌਮ’ ਖ਼ਿਤਾਬ ਵਾਪਸ ਲੈ ਲਿਆ ਹੈ।
ਦਰਅਸਲ 2007 ਵਿੱਚ ਸਲਾਬਤਪੁਰਾ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਗੁਰੂ ਗੋਬਿੰਦ ਸਿੰਘ ਜੀ ਦੀ ਮਰਿਆਦਾ ਦਾ ਪਾਲਣ ਕਰਦੇ ਹੋਏ ਉਨ੍ਹਾਂ ਵਾਂਗ ਕੱਪੜੇ ਪਾ ਕੇ ‘ਅੰਮ੍ਰਿਤ ਛਕਾਉਣ’ ਦਾ ਡਰਾਮਾ ਕੀਤਾ ਸੀ। ਇਸ ਸਬੰਧੀ ਰਾਮ ਰਹੀਮ ਖ਼ਿਲਾਫ਼ ਪੁਲਿਸ ਕੇਸ ਵੀ ਦਰਜ ਕੀਤਾ ਗਿਆ ਸੀ ਪਰ ਅਕਾਲੀ ਸਰਕਾਰ ਨੇ ਰਾਮ ਰਹੀਮ ਨੂੰ ਸਜ਼ਾ ਦਿਵਾਉਣ ਦੀ ਬਜਾਏ ਉਸ ਵਿਰੁੱਧ ਦਰਜ ਕੀਤੇ ਕੇਸ ਵਾਪਸ ਲੈ ਲਏ।
ਅਕਾਲ ਤਖ਼ਤ ਸਾਹਿਬ ਨੇ ਕਾਰਵਾਈ ਕਰਦੇ ਹੋਏ ਰਾਮ ਰਹੀਮ ਨੂੰ ਸਿੱਖ ਪੰਥ ਵਿੱਚੋਂ ਛੇਕ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਗੁਰਮੀਤ ਰਾਮ ਰਹੀਮ ਨੂੰ ਮਾਫੀ ਦਿਵਾਉਣ ਲਈ ਆਪਣਾ ਪ੍ਰਭਾਵ ਵਰਤਿਆ। ਇਸ ਤੋਂ ਬਾਅਦ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਦੀ ਲੀਡਰਸ਼ਿਪ ਨੂੰ ਸਿੱਖ ਪੰਥ ਦੇ ਰੋਹ ਅਤੇ ਰੋਸ ਦਾ ਸਾਹਮਣਾ ਕਰਨਾ ਪਿਆ। ਅੰਤ ਵਿੱਚ ਅਕਾਲ ਤਖ਼ਤ ਸਾਹਿਬ ਨੇ ਗੁਰਮੀਤ ਰਾਮ ਰਹੀਮ ਨੂੰ ਮੁਆਫ਼ੀ ਦੇਣ ਦਾ ਫੈਸਲਾ ਵਾਪਸ ਲੈ ਲਿਆ ਸੀ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਹੋਰ ਮੈਂਬਰਾਂ ਦੀ ਜਵਾਬਦੇਹੀ ਤੈਅ ਕਰ ਦਿੱਤੀ ਸੀ।
ਸੁਖਬੀਰ ਬਾਦਲ ਨੇ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਦੇ ਸਾਹਮਣੇ ਅਕਾਲੀ ਸਰਕਾਰ ਦੌਰਾਨ ਹੋਈਆਂ ਗਲਤੀਆਂ ਨੂੰ ਸਵੀਕਾਰ ਕੀਤਾ ਸੀ। ਫੈਸਲਾ ਸੁਣਾਉਂਦੇ ਹੋਏ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਸੀ ਕਿ ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਨੇ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦਾ ਅਕਸ ਖਰਾਬ ਹੋਇਆ।