ਪੰਜਾਬ ਵਿੱਚ ਆਪਣੇ ਆਪ ਨੂੰ ਪੰਥਕ ਪਾਰਟੀ ਦਾ ਦਰਜਾ ਦੇਣ ਵਾਲੇ ਅਕਾਲੀ ਦਲ ਨੇ ਵਿਸਾਖੀ ਮੌਕੇ ਲੋਕ ਸਭਾ ਚੋਣਾਂ 2024 ਲਈ ਆਪਣੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਆਨੰਦਪੁਰ ਸਾਹਿਬ, ਫਤਿਹਗੜ੍ਹ ਸਾਹਿਬ, ਫਰੀਦਕੋਟ, ਸੰਗਰੂਰ ਅਤੇ ਪਟਿਆਲਾ ਸੀਟਾਂ ਲਈ ਉਮੀਦਵਾਰ ਖੜ੍ਹੇ ਕੀਤੇ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਅੰਮ੍ਰਿਤਸਰ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਉਮੀਦਵਾਰ ਬਣਾਇਆ ਹੈ। ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ ਤੇ ਫ਼ਰੀਦਕੋਟ ਤੋਂ ਰਾਜਵਿੰਦਰ ਸਿੰਘ, ਸੰਗਰੂਰ ਤੋਂ ਇਕਲਾਬ ਸਿੰਘ ਝੂੰਦਾ ਤੇ ਪਟਿਆਲਾ ਤੋਂ ਐਨ.ਕੇ ਸ਼ਰਮਾ ਨੂੰ ਉਮੀਦਵਾਰ ਬਣਾਇਆ ਗਿਆ ਹੈ।
ਇਸ ਗੱਲ ਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ, ਡਾ ਦਲਜੀਤ ਸਿੰਘ ਚੀਮਾ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ।