ਅਸ਼ਰਫ ਢੁੱਡੀ
Punjab News: ਅੱਜ ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਧੰਨਵਾਦ ਵੀ ਕੀਤਾ। ਉਨ੍ਹਾਂ ਸਿੱਖ ਕੌਮ ਦੀ ਤਰਫੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜੋ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਕੈਦ ਹਨ।
ਮੰਗ ਪੱਤਰ ਵਿੱਚ ਦੱਸਿਆ ਗਿਆ ਕਿ 1984 ਵਿੱਚ ਆਪ੍ਰੇਸ਼ਨ ਬਲੂ ਸਟਾਰ ਸਮੇਂ ਉਹ ਸਿੱਖ ਸੰਘਰਸ਼ ਦੇ ਰਾਹ ਤੁਰ ਪਏ ਜਿਸ ਮਗਰੋਂ ਉਨ੍ਹਾਂ ਨੂੰ ਸਜ਼ਾਵਾਂ ਹੋਈਆਂ। ਹੁਣ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਇਹ ਕੈਦੀ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਦੀ ਰਿਹਾਈ ਲਈ ਭਾਰਤ ਸਰਕਾਰ ਨੂੰ ਕਈ ਪੱਤਰ ਲਿਖੇ ਗਏ ਹਨ। ਇਸ ਦੇ ਬਾਵਜੂਦ ਉਨ੍ਹਾਂ ਦੀ ਰਿਹਾਈ ਨਹੀਂ ਹੋਈ।
ਸ਼੍ਰੋਮਣੀ ਕਮੇਟੀ ਵੱਲੋਂ ਨੌਂ ਸਿੱਖ ਕੈਦੀ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਨੌਂ ਕੈਦੀਆਂ ਦੇ ਨਾਂ ਗੁਰਦੀਪ ਸਿੰਘ, ਦਵਿੰਦਰਪਾਲ ਸਿੰਘ ਭੁੱਲਰ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ ਲੱਖਾ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਹਨ। ਸਿੱਖ ਕੈਦੀ ਗੁਰਦੀਪ ਸਿੰਘ ਪਿਛਲੇ 32 ਸਾਲਾਂ ਤੋਂ ਤੇ ਦਵਿੰਦਰਪਾਲ ਸਿੰਘ 28 ਸਾਲ, ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ। ਪਰਮਜੀਤ ਸਿੰਘ ਭਿਓਰਾ 25 ਸਾਲ ਤੇ ਜਗਤਾਰ ਸਿੰਘ ਤਾਰਾ 17 ਸਾਲ ਤੋਂ ਕੈਦ ਹਨ।
ਇਹ ਵੀ ਪੜ੍ਹੋ: Viral Video: ਕਲਾਕਾਰ ਨੇ ਮੇਕਅਪ ਰਾਹੀਂ ਖੁਦ ਨੂੰ ਮਾਈਕਲ ਜੈਕਸਨ 'ਚ ਬਦਲਿਆ, ਯੂਜ਼ਰਸ ਉਸ ਦੇ ਹੁਨਰ ਦੇ ਕਾਇਲ ਹੋ ਗਏ
ਇਸ ਦੇ ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਦੇ ਗੁਰਦੁਆਰਿਆਂ ਉਪਰ ਕਬਜ਼ੇ ਸਬੰਧੀ ਇੱਕ ਹੋਰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਰਾਹੀਂ ਮੰਗ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬ ਦਾ ਪ੍ਰਬੰਧ ਜੋ ਸਿੱਖ ਗੁਰਦੁਆਰਾ ਐਕਟ 1925 ਤਹਿਤ ਸ਼੍ਰੋਮਣੀ ਕਮੇਟੀ ਅਧੀਨ ਆਉਂਦਾ ਹੈ, ਵਾਪਸ ਕੀਤਾ ਜਾਵੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਸਵੇਰੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਜਲ੍ਹਿਆਂ ਵਾਲਾ ਬਾਗ, ਰਾਮਤੀਰਥ ਮੰਦਿਰ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨ ਕੀਤੇ।
ਇਹ ਵੀ ਪੜ੍ਹੋ: ਧੋਖਾਧੜੀ ਦਾ ਨਵਾਂ ਤਰੀਕਾ... AI ਦੀ ਮਦਦ ਨਾਲ ਇਂਝ ਲੋਕਾਂ ਨੂੰ ਧੋਖਾ ਦੇ ਰਹੇ ਹਨ ਸਕੈਮਰਜ਼, ਤੁਸੀਂ ਨਾ ਕਰੋ ਇਹ ਗਲਤੀ