Good News: ਕਿਸਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਕਰ ਦਿੱਤਾ ਇਹ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਗੰਨਾ ਉਤਪਾਦਕਾਂ ਦੇ ਹਿੱਤ ਮਹਿਫੂਜ਼ ਰੱਖਣ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਫਸਲ ਨੂੰ ਖਰੀਦ ਕੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਇਆ ਜਾਵੇਗਾ।
ਗੰਨਾ ਕੰਟਰੋਲ ਬੋਰਡ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦਾ ਭਾਅ ਮੌਜੂਦਾ 360 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਕਿਸਾਨਾਂ ਨੂੰ ਬੀਤੇ ਸਾਲ ਨਾਲੋਂ ਇਸ ਸਾਲ ਸਟੇਟ ਐਗਰੀਡ ਪ੍ਰਾਈਸ ਦੇ ਤਹਿਤ ਗੰਨੇ ਦੀ ਕੀਮਤ ਪ੍ਰਤੀ ਕੁਇੰਟਲ 20 ਰੁਪਏ ਵੱਧ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਵਿਚ ਹਾਜ਼ਰ ਪ੍ਰਾਈਵੇਟ ਮਿੱਲ ਮਾਲਕਾਂ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦੀ ਪੂਰੀ ਕੀਮਤ ਮਿਲੇਗੀ।
While presiding over a meeting of Sugarcane control Board, CM @BhagwantMann said that the state govt has decided to increase price of sugarcane to ₹380 per quintal from ₹360 p.q. He said farmers will get additional ₹20 per quintal under SAP of sugarcane as compared to last yr. pic.twitter.com/af6tt5gZmy
— Government of Punjab (@PunjabGovtIndia) October 11, 2022
ਮੁੱਖ ਮੰਤਰੀ ਨੇ ਮਿੱਲਾਂ ਨੂੰ ਨਿਰਧਾਰਤ ਸਮੇਂ ਉਤੇ ਖਰੀਦ ਸ਼ੁਰੂ ਕਰਨ ਅਤੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲਮੱਠ ਨਾ ਸਹਿਣਯੋਗ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਫਸਲੀ ਵਿਭਿੰਨਤਾ ਦੇ ਤਹਿਤ ਗੰਨੇ ਦੀ ਫਸਲ ਅਪਣਾਉਣ ਵਿਚ ਡੂੰਘੀ ਦਿਲਚਸਪੀ ਰੱਖਦੇ ਹਨ ਪਰ ਸਹੀ ਮੁੱਲ ਤੇ ਸਮੇਂ ਸਿਰ ਅਦਾਇਗੀ ਨਾ ਹੋਣ ਕਰਕੇ ਉਹ ਜਕੋਤਕੀ ਵਿਚ ਫਸੇ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਗੰਨੇ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਲਈ ਫਸਲ ਦੀ ਕੀਮਤ ਵਧਾ ਕੇ ਕਿਸਾਨਾਂ ਦੀ ਆਮਦਨ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਫਗਵਾੜਾ ਖੰਡ ਮਿੱਲ ਵੱਲ ਖੜ੍ਹੇ ਬਕਾਏ ਦੇ ਮਸਲੇ ਨੂੰ ਛੇਤੀ ਹੱਲ ਕਰ ਲਵੇਗੀ। ਭਗਵੰਤ ਮਾਨ ਨੇ ਕਿਹਾ ਕਿ ਫਗਵਾੜਾ ਖੰਡ ਮਿੱਲ ਦੇ ਆਲੇ-ਦੁਆਲੇ ਹੁੰਦੀ ਗੰਨੇ ਦੀ ਫਸਲ ਕਿਸਾਨਾਂ ਪਾਸੋਂ ਖਰੀਦਣ ਲਈ ਢੁਕਵੇਂ ਕਦਮ ਚੁੱਕੇ ਜਾਣਗੇ ਅਤੇ ਕਿਸੇ ਵੀ ਕਿਸਾਨ ਨੂੰ ਉਸ ਦੀ ਫਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :