ਕੇਂਦਰ ਵੱਲੋਂ ਆਏ ਪੈਸਿਆਂ ਨੂੰ ਸਮਾਂ ਬਰਬਾਦ ਕਰੇ ਬਿਨਾਂ ਲੋਕਾਂ ਦੀ ਭਲਾਈ ਲਈ ਵਰਤੇ ਸੂਬਾ ਸਰਕਾਰ-ਜਾਖੜ
ਸੁਨੀਲ ਜਾਖੜ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹੜ੍ਹਾਂ ‘ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਵਲੋਂ ਦਿੱਤੇ ਫੰਡਾਂ ਨੂੰ ਤੁਰੰਤ ਵੰਡਣ ਅਤੇ ਅਜਿਹੇ ਸਮੇਂ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ।
Punjab News: ਹੜ੍ਹ ਪ੍ਰਭਾਵਿਤ ਪੰਜਾਬ ਨੂੰ ਸੂਬਾਈ ਆਫ਼ਤ ਨਾਲ ਨਜਿੱਠਣ ਲਈ ਤੁਰੰਤ ਫੰਡ ਜਾਰੀ ਕਰਨ ਲਈ ਅਤੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਕਟ ਵਿੱਚ ਘਿਰੇ ਲੋਕਾਂ ਤੱਕ ਪਹੁੰਚ ਕਰਨ ਵਿੱਚ ਹੁਣ ਕੋਈ ਵੀ ਪਲ ਬਰਬਾਦ ਨਾ ਕਰੇ। ਪੇਂਡੂ ਅਤੇ ਸ਼ਹਿਰੀ ਖੇਤਰ ਵਿਚ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਬਿਨਾਂ ਦੇਰੀ 20,000 ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ।
ਸੁਨੀਲ ਜਾਖੜ ਨੇ ਕਿਹਾ ਕਿ ਮੈਂ ਭਗਵੰਤ ਮਾਨ ਨੂੰ ਬੇਨਤੀ ਕਰਦਾ ਹਾਂ ਕਿ ਉਹ ਹੜ੍ਹਾਂ ‘ਤੋਂ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਵਲੋਂ ਦਿੱਤੇ ਫੰਡਾਂ ਨੂੰ ਤੁਰੰਤ ਵੰਡਣ ਅਤੇ ਅਜਿਹੇ ਸਮੇਂ ਗਿਰਦਾਵਰੀ ਦਾ ਇੰਤਜ਼ਾਰ ਨਾ ਕੀਤਾ ਜਾਵੇ। ਜਾਖੜ ਨੇ ਜਾਰੀ ਆਪਣੇ ਇੱਕ ਬਿਆਨ ਵਿੱਚ ਕਿਹਾ ਕਿ ਹਰੇਕ ਨੂੰ ਤੁਰੰਤ ਠੋਸ ਰਾਹਤ ਦੇਣਾ ਸੂਬੇ ਦੀ ਪ੍ਰਮੁੱਖ ਤਰਜੀਹ ਹੋਣੀ ਚਾਹੀਦੀ ਹੈ।
ਕੇਂਦਰ ਨੇ ਭਾਰੀ ਮੀਂਹ ਅਤੇ ਇਸ ਨਾਲ ਜੁੜੀਆਂ ਕੁਦਰਤੀ ਆਫ਼ਤਾਂ ਦੇ ਮੱਦੇਨਜ਼ਰ ਦੇਸ਼ ਦੇ 22 ਸੂਬਿਆਂ ਨੂੰ ਤੁਰੰਤ ਫੰਡ ਮੁਹੱਈਆ ਕਰਵਾਉਣ ਲਈ ਅਤੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਢਿੱਲ ਦੇ ਕੇ ਅੱਜ ਸੂਬਿਆਂ ਨੂੰ ਫੰਡ ਜਾਰੀ ਕੀਤੇ ਹਨ। ਪੰਜਾਬ ਨੂੰ ਇਸ ਮਕਸਦ ਲਈ 218.40 ਕਰੋੜ ਰੁਪਏ ਮਿਲੇ ਹਨ।
ਪੰਜਾਬ ਸਰਕਾਰ ਨੂੰ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਨਾਗਰਿਕਾਂ ਨੂੰ ਰਾਹਤ ਯਕੀਨੀ ਬਣਾਉਣ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਤੋਂ ਬਚਣ ਦੀ ਅਪੀਲ ਕਰਦਿਆਂ ਸੁਨੀਲ ਜਾਖੜ ਨੇ ਅੱਜ ਕੇਂਦਰ ਸਰਕਾਰ ਵੱਲੋਂ ਹਰ ਲੋੜੀਂਦੀ ਮੱਦਦ ਅਤੇ ਸਹਾਇਤਾ ਦਾ ਭਰੋਸਾ ਦਿੱਤਾ। ਜਾਖੜ ਨੇ ਕਿਹਾ ਕਿ ਇਹ ਗ੍ਰਹਿ ਮੰਤਰੀ ਅਮਿਤ ਸ਼ਾਹ ਹੀ ਸਨ, ਜਿਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਫ਼ਤ ਦੀ ਗੰਭੀਰਤਾ ਨੂੰ ਸਮਝਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਕੀਤੀ ਸੀ ਅਤੇ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਸੀ।
ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀ ਰਾਹਤ ਦੇਣ ਦੀ ਮੱਠੀ ਰਫ਼ਤਾਰ ਤੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਲਾਪਰਵਾਹੀ ਵਾਲਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ, ਜਿਸਨੇ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਹੈ। ਭਗਵੰਤ ਮਾਨ ਸਰਕਾਰ ਨੇ ਕਾਰਵਾਈ ਕਰਨ ਵਿੱਚ ਦੇਰ ਕੀਤੀ ਅਤੇ ਨਾਗਰਿਕਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾਇਆ। ਜੋ ਸੂਬੇ ਦੀ ਮਸ਼ੀਨਰੀ ਦੇ ਕੰਮ ਕਰਨ ਵਿੱਚ ਇੱਕ ਚਿੰਤਾਜਨਕ ਪੈਟਰਨ ਨੂੰ ਦਰਸਾਉਂਦਾ ਹੈ।