Punjab Drugs: ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਨ੍ਹਾਂ ਅੰਕੜਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਮੁੱਖ ਸਕੱਤਰ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।


ਕਿਵੇਂ ਸ਼ੁਰੂ ਹੋਇਆ ਮਾਮਲਾ


ਜ਼ਿਕਰ ਕਰ ਦਈਏ ਕਿ ਜਲੰਧਰ ਵਾਸੀ ਨਿਧੀ ਨੇ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਸੀ। ਉਸ ਦੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਐਫਆਈਆਰ ਦਰਜ ਕੀਤੀ ਗਈ ਸੀ, ਜਿਸ ਵਿਚ 12 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਸੀ। ਪਟੀਸ਼ਨਰ ਉਨ੍ਹਾਂ ਵਿੱਚੋਂ ਇੱਕ ਹੈ, ਭਾਵੇਂ ਉਸ ਦੀ ਇਸ ਕੇਸ ਵਿੱਚ ਕੋਈ ਭੂਮਿਕਾ ਨਹੀਂ ਹੈ।


ਨਸ਼ੇ ਦੀ ਓਵਰਡੋਜ਼ ਨਾਲ 266 ਮੌਤਾਂ


ਇਸ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਹਾਈਕੋਰਟ ਨੇ ਬਿਊਰੋ ਆਫ ਇਨਵੈਸਟੀਗੇਸ਼ਨ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਜਾਣਕਾਰੀ ਦੇਣ ਦਾ ਹੁਕਮ ਦਿੱਤਾ ਸੀ। ਬਿਊਰੋ ਨੇ ਹਾਈ ਕੋਰਟ ਨੂੰ ਦੱਸਿਆ ਕਿ 1 ਅਪ੍ਰੈਲ, 2020 ਤੋਂ 31 ਮਾਰਚ, 2023 ਤੱਕ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਕਾਰਨ 266 ਲੋਕਾਂ ਦੀ ਮੌਤ ਹੋ ਚੁੱਕੀ ਹੈ।


ਜ਼ਿਲ੍ਹਿਆਂ ਦੇ ਹਿਸਾਬ ਨਾਲ ਨੌਜਵਾਨਾਂ ਦੀ ਮੌਤ


2020-21 ਦਰਮਿਆਨ 36, 2021-22 ਦਰਮਿਆਨ 71 ਅਤੇ 2022-23 ਵਿੱਚ 156 ਲੋਕਾਂ ਨੇ ਆਪਣੀ ਜਾਨ ਗਵਾਈ। ਬਠਿੰਡਾ ਵਿੱਚ ਸਭ ਤੋਂ ਵੱਧ 38, ਤਰਨਤਾਰਨ ਵਿੱਚ 30, ਫ਼ਿਰੋਜ਼ਪੁਰ ਵਿੱਚ 19, ਮੋਗਾ ਅਤੇ ਅੰਮ੍ਰਿਤਸਰ ਵਿੱਚ 17, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਵਿੱਚ 14 ਅਤੇ ਫਰੀਦਕੋਟ ਵਿੱਚ 13 ਮੌਤਾਂ ਹੋਈਆਂ ਹਨ। ਹਰ ਸਾਲ ਵੱਧ ਰਹੀਆਂ ਮੌਤਾਂ 'ਤੇ ਚਿੰਤਾ ਜ਼ਾਹਰ ਕਰਦਿਆਂ ਹਾਈਕੋਰਟ ਨੇ ਹੁਣ ਪੰਜਾਬ ਦੇ ਮੁੱਖ ਸਕੱਤਰ ਨੂੰ ਨਸ਼ਿਆਂ 'ਤੇ ਕਾਬੂ ਪਾਉਣ ਲਈ ਚੁੱਕੇ ਗਏ ਕਦਮਾਂ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।