Punjab Government: ਪੰਜਾਬ ਪੁਲਿਸ ਹੁਣ ਨਸ਼ਿਆਂ ਖਿਲਾਫ ਮੁਹਿੰਮ ਹੋਰ ਤੇਜ਼ ਕਰਨ ਜਾ ਰਹੀ ਹੈ। ਜੇ ਕੋਈ ਤਸਕਰ ਫੜਿਆ ਜਾਂਦਾ ਹੈ ਤਾਂ ਉਸ ਦੀ ਜਾਇਦਾਦ ਸੱਤ ਦਿਨਾਂ ਦੇ ਅੰਦਰ ਜ਼ਬਤ ਕਰ ਲਈ ਜਾਵੇਗੀ। ਜੇ ਕੋਈ ਵੀ ਪੁਲਿਸ ਮੁਲਾਜ਼ਮ ਕਿਸੇ ਵੀ ਪੱਧਰ 'ਤੇ ਨਸ਼ੇ ਦਾ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਨੂੰ ਮੌਕੇ 'ਤੇ ਹੀ ਬਰਖ਼ਾਸਤ ਕਰ ਦਿੱਤਾ ਜਾਵੇਗਾ। ਇਨ੍ਹਾਂ ਗੱਲਾਂ ਦੀ ਜਾਣਕਾਰੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ।
ਇਸ ਦੇ ਨਾਲ ਹੀ ਮੁਲਾਜ਼ਮਾਂ ਦੀ ਘਾਟ ਨੂੰ ਪੂਰਾ ਕਰਨ ਲਈ ਦਸ ਹਜ਼ਾਰ ਨਵੇਂ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਮਿਸ਼ਨ ਨਾਲ ਕੰਮ ਕਰੇਗੀ, ਜਦਕਿ ਇਸ ਕੰਮ ਵਿੱਚ ਕਮਿਸ਼ਨ ਦੀ ਕੋਈ ਥਾਂ ਨਹੀਂ ਹੋਵੇਗੀ। ਥਾਣਿਆਂ ਵਿੱਚ ਯਾਰੀਆਂ ਤੇ ਰਿਸ਼ਤੇਦਾਰੀਆਂ ਖ਼ਤਮ ਕਰਨ ਲਈ ਵੱਡੇ ਪੱਧਰ 'ਤੇ ਤਬਾਦਲੇ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੇ ਇਹ ਫੈਸਲਾ ਅੱਜ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਲਿਆ।
ਜ਼ਿਕਰ ਕਰ ਦਈਏ ਕਿ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਮੁੱਖ ਮੰਤਰੀ ਨੇ ਡੀਜੀਪੀ ਗੌਰਵ ਯਾਦਵ ਨਾਲ ਆਪਣੀ ਰਿਹਾਇਸ਼ 'ਤੇ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਪੁਲਿਸ ਨੂੰ ਲੋਕਾਂ ਨਾਲ ਜੁੜਨ ਦੀ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਇਹ ਫੈਸਲਾ ਕੀਤਾ ਗਿਆ ਕਿ ਪੁਲਿਸ ਮੁਲਾਜ਼ਮ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ ਦਫ਼ਤਰਾਂ ਵਿੱਚ ਬੈਠਣਗੇ। ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।