ਬਠਿੰਡਾ: ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਬੈਨਰ ਹੇਠ ਤਕਰੀਬਨ 10 ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਬਠਿੰਡਾ ਦੇ ਘਨ੍ਹੱਈਆ ਚੌਕ ਵਿੱਚ ਧਰਨਾ ਦਿੱਤਾ। ਧਰਨੇ ਵਿੱਚ ਦਰਜਨ ਤੋਂ ਵੱਧ ਮੁਲਾਜ਼ਮ ਜਥੇਬੰਦੀਆਂ ਸ਼ਾਮਲ ਹੋਈਆਂ। ਇੱਥੇ ਪ੍ਰਦਰਸ਼ਨਕਾਰੀਆਂ ਨੇ ਬਿਜਲੀ ਮੰਤਰੀ ਤੇ ਮੁੱਖ ਮੰਤਰੀ ਦੇ ਘਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ। ਗੁਰੂ ਨਾਨਕ ਦੇਵ ਬਿਜਲੀ ਤਾਪ ਘਰ ਬਠਿੰਡਾ ਦੇ ਮੁਲਾਜ਼ਮਾਂ ਨੇ ਸਰਕਾਰ ਦੇ ਫੈਸਲੇ ਖਿਲਾਫ ਲਗਾਤਾਰ ਚੱਲ ਰਿਹਾ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਹੈ। ਜਿੱਥੇ ਇੱਕ ਪਾਸੇ ਥਰਮਲ ਦੇ 'ਕੱਚੇ-ਕਾਮੇ' ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਬੈਠੇ ਹਨ, ਉੱਥੇ ਹੀ ਅੱਜ ਥਰਮਲ ਪਲਾਂਟ ਦੀਆਂ ਜੜਾਂ ਦੇ ਬਿਲਕੁਲ ਨਾਲ ਭਾਈ ਘਨ੍ਹੱਈਆ ਚੌਕ ਵਿਖੇ ਪੀ.ਐੱਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਬੈਨਰ ਹੇਠ ਦਰਜਨ ਤੋਂ ਵੱਧ ਜਥੇਬੰਦੀਆਂ ਨੇ ਇੱਕ ਵਿਸ਼ਾਲ ਧਰਨਾ ਦਿੱਤਾ। ਧਰਨੇ ਵਿੱਚ ਪੰਜਾਬ ਦੇ ਤਕਰੀਬਨ ਦਸ ਜ਼ਿਲ੍ਹਿਆਂ ਦੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ । ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨਾਲ ਗੱਲ ਕਰਨ ਨੂੰ ਵੀ ਤਿਆਰ ਨਹੀਂ ਜੇਕਰ ਹੁਣ ਵੀ ਸਰਕਾਰ ਨੇ ਸਾਡੀ ਕੋਈ ਗੱਲ ਨਾ ਸੁਣੀ ਤਾਂ ਉਹ 18 ਜਨਵਰੀ ਨੁੰ ਪੰਜਾਬ ਦੇ ਬਿਜਲੀ ਮੰਤਰੀ ਰਾਣਾ ਗੁਰਜੀਤ ਦੇ ਘਰ ਦੇ ਬਾਹਰ ਵਿਸ਼ਾਲ ਧਰਨਾ ਦੇਣਗੇ ਜੇਕਰ ਫਿਰ ਵੀ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ 7 ਫਰਵਰੀ ਨੂੰ ਲੋਕਾਂ ਨੂੰ ਲਾਮਬੰਦ ਕਰਕੇ ਮੁੱਖ ਮੰਤਰੀ ਦੇ ਘਰ ਮੋਤੀ ਮਹਿਲ ਵੱਲ ਨੂੰ ਕੂਚ ਕੀਤਾ ਜਾਏਗਾ।