ਬਠਿੰਡਾ: ਪੰਜਾਬ ਸਰਕਾਰ ਵੱਲੋਂ ਥਰਮਲ ਬੰਦ ਕਰਨ ਦੇ ਫ਼ੈਸਲੇ ਤੋਂ ਬਾਅਦ ਆਪਣੀਆਂ ਨੌਕਰੀਆਂ ਬਚਾਉਣ ਲਈ ਸੰਘਰਸ਼ ਕਰ ਰਹੇ ਕੱਚੇ ਮੁਲਾਜ਼ਮਾਂ ਦੇ ਸੰਘਰਸ਼ ਅੱਗੇ ਪੰਜਾਬ ਸਰਕਾਰ ਝੁਕ ਗਈ ਹੈ। ਸਰਕਾਰ, ਪਾਵਰਕੌਮ ਮੈਨੇਜਮੈਂਟ ਅਤੇ ਪ੍ਰਸ਼ਾਸਨ ਨੇ ਸੰਘਰਸ਼ ਅੱਗੇ ਝੁਕਦਿਆਂ ਪੈਸਕੋ ਕੰਪਨੀ ਰਾਹੀਂ ਡਿਊਟੀਆਂ 'ਤੇ ਰੱਖਣ ਦੇ ਸਮਝੌਤੇ ਦਾ ਪ੍ਰਸਤਾਵ ਰੱਖਿਆ। ਇਹ ਪ੍ਰਸਤਾਵ ਸੁਣਨ ਤੋਂ ਬਾਅਦ ਥਰਮਲ ਕੰਟਰੈਕਟਰ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਨੇ ੯੦ ਦਿਨਾਂ ਤੋਂ ਮਿੰਨੀ ਸਕੱਤਰੇਤ ਅੱਗੇ ਲਾਇਆ ਪੱਕਾ ਧਰਨਾ ਚੁੱਕਣ ਦਾ ਐਲਾਨ ਕਰ ਦਿੱਤਾ। ਮਿੰਨੀ ਸਕੱਤਰੇਤ ਅੱਗੇ ਪਹੁੰਚੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੇ ਜਨਰਲ ਮੈਨੇਜਰ ਬੀ ਕੇ ਗਰਗ ਅਤੇ ਤਹਿਸੀਲਦਾਰ ਵੱਲੋਂ ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ ਕਮੇਟੀ ਪੰਜਾਬ ਦੇ ਆਗੂਆਂ ਨੂੰ ਸਮਝੌਤੇ ਦਾ ਪੱਤਰ ਸੌਂਪਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦੀਆਂ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਨਾਲ ਹੋਈਆਂ ਮੀਟਿੰਗਾਂ ਤੋਂ ਬਾਅਦ ਫ਼ੈਸਲਾ ਲਿਆ ਗਿਆ ਹੈ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਪੈਸਕੋ ਅਧੀਨ ਪੱਛਮ ਜ਼ੋਨ ਬਠਿੰਡਾ ਅਤੇ ਹੋਰ ਨਜ਼ਦੀਕੀ ਗਰਿੱਡਾਂ 'ਤੇ ਰੱਖ ਕੇ ਐਡਜਸਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਸੀ ਕਿ ਉਨ੍ਹਾਂ ਨੂੰ ਐਡਜਸਟ ਕੀਤਾ ਜਾਵੇਗਾ। ਕਮੇਟੀ ਆਗੂ ਵਿਜੇ ਕੁਮਾਰ ਨੇ ਧਰਨੇ ਵਿੱਚ ਬੈਠੇ ਕੱਚੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਾਂ, ਬੱਚਿਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੂੰ ਕਿਹਾ ਕਿ 90 ਦਿਨਾਂ ਦੇ ਦਿੱਤੇ ਜਾ ਰਹੇ ਧਰਨੇ ਵਿੱਚ ਉਨ੍ਹਾਂ ਦੀ ਇਹ ਵੱਡੀ ਜਿੱਤ ਹੋਈ ਹੈ, ਪਰ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚਲਵਾਉਣ ਲਈ ਉਹ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਤਹਿਤ ਉਨ੍ਹਾਂ ਨੂੰ ਪੈਸਕੋ ਰਾਹੀਂ ਲਿਆ ਕੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਪਹਿਲਾਂ ਨਾਲੋਂ ਤਨਖ਼ਾਹ ਨਾ ਘਟਾਉਣ ਦਾ ਵੀ ਵਿਸ਼ਵਾਸ ਦਿਵਾਇਆ ਗਿਆ ਹੈ ਅਤੇ ਨਾਲ ਹੀ ਪ੍ਰਸ਼ਾਸਨ ਵੱਲੋਂ ਇਸ ਧਰਨੇ ਦੌਰਾਨ ਪਏ ਕੱਚੇ ਕਾਮਿਆਂ 'ਤੇ ਕੇਸ ਰੱਦ ਕਰਨ ਦਾ ਵੀ ਵਿਸ਼ਵਾਸ ਦਿਵਾਇਆ ਗਿਆ ਹੈ।