ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਥਰਮਲ ਪਲਾਂਟ, ਬਠਿੰਡਾ ਨੂੰ ਬੰਦ ਕਰਨ ਬਾਰੇ ਸਰਕਾਰ ਵੱਲੋਂ ਲਏ ਫੈਸਲੇ ਤੋਂ ਪਿੱਛੇ ਹਟਣ ਦੀ ਸੰਭਾਵਨਾ ਰੱਦ ਕਰ ਦਿੱਤੀ ਸੀ ਤੇ ਮੁਲਾਜ਼ਮਾਂ ਨੂੰ ਸੰਘਰਸ਼ ਬੰਦ ਕਰਨ ਦੀ ਅਪੀਲ ਕੀਤੀ ਸੀ। ਕੈਪਟਨ ਦੀ ਇਸ ਅਪੀਲ ਦਾ ਮੁਲਾਜ਼ਮਾਂ 'ਤੇ ਕੋਈ ਅਸਰ ਹੁੰਦਾ ਦਿਖਾਈ ਨਹੀਂ ਦੇ ਰਿਹਾ।
ਅੱਜ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਮੁਲਾਜ਼ਮਾਂ ਨੇ ਸਰਕਾਰ ਦੇ ਫੈਸਲੇ ਖ਼ਿਲਾਫ ਫਿਰ ਰੋਸ ਪ੍ਰਦਰਸ਼ਨ ਕੀਤਾ ਹੈ। ਮੁਲਾਜ਼ਮ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਸਰਕਾਰ ਦਾ ਇਹ ਫ਼ੈਸਲਾ ਨਾ ਸਿਰਫ ਮੁਲਾਜ਼ਮਾਂ ਦੇ ਭਵਿੱਖ ਨੂੰ ਧੁੰਦਲਾ ਕਰ ਦੇਵੇਗਾ ਬਲਕਿ ਇਸ ਨਾਲ ਖਪਤਕਾਰਾਂ ਨੂੰ ਵੀ ਭਵਿੱਖ 'ਚ ਮਹਿੰਗੀ ਬਿਜਲੀ ਸਪਲਾਈ ਮਿਲਣ ਦੀ ਪੂਰੀ ਸੰਭਾਵਨਾ ਹੋਵੇਗੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਸਰਕਾਰ ਤੇ ਪਾਵਰਕਾਮ ਨੂੰ ਬਠਿੰਡਾ ਥਰਮਲ ਪਲਾਂਟ ਤੋਂ ਪੈਦਾ ਕੀਤੀ ਜਾਂਦੀ ਬਿਜਲੀ ਦੀ ਉਤਪਾਦਨ ਲਾਗਤ ਦਾ ਪੂਰਾ ਬਿਉਰਾ ਭੇਜਿਆ ਗਿਆ ਸੀ, ਜਦ ਕਿ ਹੁਣ ਸਰਕਾਰ ਵੱਲੋਂ ਜੋ ਤੱਥ ਉਤਪਾਦਨ ਲਾਗਤ ਦੇ ਪੇਸ਼ ਕੀਤੇ ਗਏ ਹਨ, ਉਹ ਅਸਲ ਉਤਪਾਦਨ ਲਾਗਤ ਤੋਂ ਕਈ ਗੁਣਾ ਵੱਧ ਹਨ, ਜੋ ਸਪੱਸ਼ਟ ਤੌਰ 'ਤੇ ਇਹ ਸੰਕੇਤ ਹੈ ਕਿ ਸਰਕਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਲਾਭ ਦੇਣ ਲਈ ਇਹ ਸਭ ਕੁਝ ਕੀਤਾ ਹੈ।
ਉਨ੍ਹਾਂ ਕਿਹਾ ਕਿ ਬਠਿੰਡਾ ਦੇ ਸਰਕਾਰੀ ਥਰਮਲ ਪਲਾਂਟਾਂ ਦੀਆਂ ਚਿਮਨੀਆਂ ਠੰਢੀਆਂ ਹੋਣ ਨਾਲ ਨਾ ਕੇਵਲ ਮੁਲਾਜ਼ਮਾਂ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਕਿਸੇ ਹਾਲਤ 'ਚ ਸਰਕਾਰੀ ਖੇਤਰ ਦੇ ਇਨ੍ਹਾਂ ਥਰਮਲ ਪਲਾਂਟਾਂ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਕਿਹਾ ਸੀ ਬਠਿੰਡਾ ਥਰਮਲ ਪਲਾਂਟ ਤੇ ਰੋਪੜ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਕਰਨ ਦਾ ਫੈਸਲਾ ਬਿਜਲੀ ਦੀ ਮੰਗ ਘਟਣ ਤੇ ਹੋਰ ਬਦਲਵੇਂ ਵਸੀਲਿਆਂ ਤੋਂ ਸਸਤੀ ਬਿਜਲੀ ਦੀ ਮੌਜੂਦਗੀ ਹੋਣ ਜਿਹੇ ਅਹਿਮ ਕਾਰਨਾਂ ਕਰਕੇ ਇਹ ਫੈਸਲਾ ਲਿਆ ਗਿਆ।