Highway Closed: ਪੰਜਾਬ ਵਿੱਚ ਮਨਰੇਗਾ ਮਜ਼ਦੂਰਾਂ ਨੇ ਇੱਕ ਵਾਰ ਫਿਰ ਸੰਘਰਸ਼ ਦਾ ਐਲਾਨ ਕੀਤਾ ਹੈ। ਜਿਸ ਕਾਰਨ ਹਰ ਪਾਸੇ ਹਲਚਲ ਮੱਚੀ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਏਟਕ ਪੰਜਾਬ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਆਗੂਆਂ ਸ਼ਬੇਗ ਝੰਗੜ ਭੈਣੀ ਅਤੇ ਕੁਲਦੀਪ ਬਖੁਸ਼ਾਹ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵੱਲੋਂ ਕਾਨੂੰਨ ਅਨੁਸਾਰ ਕੰਮ ਨਹੀਂ ਦਿੱਤਾ ਜਾ ਰਿਹਾ।
ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਉਹ ਨਰੇਗਾ ਮਜ਼ਦੂਰਾਂ ਨੂੰ ਕੰਮ ਦਿਵਾਉਣ ਲਈ ਉਨ੍ਹਾਂ ਦੇ ਹੱਕ ਵਿੱਚ ਮੁਹਿੰਮ ਵੀ ਚਲਾ ਰਹੇ ਹਨ। ਇਸ ਦੌਰਾਨ, ਲੰਬੇ ਸੰਘਰਸ਼ ਤੋਂ ਬਾਅਦ, ਨਰੇਗਾ ਵਿਭਾਗ ਨੇ ਕੁਝ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਕੰਮ ਦਿੱਤਾ, ਪਰ ਜਿਨ੍ਹਾਂ ਪਿੰਡਾਂ ਵਿੱਚ ਕੰਮ ਦਿੱਤਾ ਗਿਆ ਸੀ, ਉੱਥੇ ਕਾਨੂੰਨ ਅਨੁਸਾਰ ਨਰੇਗਾ ਸਾਥੀ ਨਿਯੁਕਤ ਨਹੀਂ ਕੀਤੇ ਗਏ। ਜਿਸ ਕਾਰਨ ਮਜ਼ਦੂਰਾਂ ਨੂੰ ਆਪਣੀ ਹਾਜ਼ਰੀ ਦਰਜ ਕਰਵਾਉਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ ਅਤੇ ਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਉਲੰਘਣਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਡੀ.ਸੀ. ਫਾਜ਼ਿਲਕਾ ਮੈਡਮ ਅਮਨਪ੍ਰੀਤ ਕੌਰ ਨੂੰ ਮਿਲੇ ਅਤੇ ਇਹ ਮਾਮਲਾ ਵਾਰ-ਵਾਰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ, ਪਰ ਉਨ੍ਹਾਂ ਨੂੰ ਭਰੋਸਾ ਦੇਣ ਤੋਂ ਸਿਵਾਏ ਕੁਝ ਨਹੀਂ ਮਿਲਿਆ।
ਆਗੂਆਂ ਨੇ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂਆਂ ਕਾਮਰੇਡ ਹੰਸ ਰਾਜ ਗੋਲਡਨ ਅਤੇ ਕਾਮਰੇਡ ਸੁਰਿੰਦਰ ਢੰਡੀਆਂ ਨਾਲ ਵੀ ਲਗਾਤਾਰ ਮੀਟਿੰਗਾਂ ਕੀਤੀਆਂ, ਪਰ ਫਿਰ ਵੀ ਨਰੇਗਾ ਵਰਕਰਾਂ ਅਤੇ ਸਾਥੀਆਂ ਨੂੰ ਕਾਨੂੰਨ ਅਨੁਸਾਰ ਰਜਿਸਟਰਡ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਬਾਕੀ ਪਿੰਡਾਂ ਵਿੱਚ ਵੀ ਨਰੇਗਾ ਵਰਕਰਾਂ ਨੂੰ ਕੰਮ ਨਹੀਂ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਉਨ੍ਹਾਂ ਨੇ 30 ਅਪ੍ਰੈਲ, ਬੁੱਧਵਾਰ ਨੂੰ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ 'ਤੇ ਓਵਰਬ੍ਰਿਜ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਮਰੇਡ ਗੁਰਦਿਆਲ ਢਾਬਾ, ਹਰਦੀਪ ਮੰਡੀ ਹਜੂਰ ਸਿੰਘ, ਰੋਸ਼ਨ ਸਰਪੰਚ ਨਵਾਂ ਹਸਤਾ, ਕੁਲਦੀਪ ਦੋਨਾ ਨਾਨਕਾ ਅਤੇ ਸੰਦੀਪ ਅਮਰਪੁਰਾ ਮੌਜੂਦ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।