Punjab News: ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਪੰਜਾਬ ਸਰਕਾਰ ਨੂੰ ਠੋਸ ਤੇ ਤਰਲ ਕੂੜੇ (ਰਹਿੰਦ-ਖੂੰਹਦ) ਦੇ ਪ੍ਰਬੰਧਨ ਵਿੱਚ ਨਾਕਾਮ ਰਹਿਣ ’ਤੇ 2000 ਕਰੋੜ ਰੁਪਏ ਦਾ ਜੁਰਮਾਨਾ ਲਾਇਆ ਗਿਆ ਹੈ। ਟ੍ਰਿਬਿਊਨਲ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਾਕਾਮੀ ਕਰਕੇ ਕੂੜੇ ਦੀ ਪੈਦਾਵਾਰ ਤੇ ਪ੍ਰਬੰਧਨ ਵਿਚ ਵੱਡਾ ਖੱਪਾ ਬਣ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਇਸ ਲਈ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। 


ਸੰਤ ਬਲਬੀਰ ਸੀਚੇਵਾਲ ਨੇ ਕਿਹਾ ਕਿ ਇਹ ਸਾਰਾ ਕੁਝ ਪ੍ਰਸ਼ਾਸਕੀ ਅਧਿਕਾਰੀਆਂ ਦੀ ਲਾਪ੍ਰਵਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਫ਼ਸਰਾਂ ਨੇ ਜੇ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨਿਭਾਉਂਦਿਆਂ 1974 ਦੇ ਵਾਟਰ ਐਕਟ ਨੂੰ ਲਾਗੂ ਕੀਤਾ ਹੁੰਦਾ ਤਾਂ ਇਸ ਜੁਰਮਾਨੇ ਤੋਂ ਬਚਿਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। 


ਦੱਸ ਦਈਏ ਕਿ ਐਨਜੀਟੀ ਚੇਅਰਪਰਸਨ ਜਸਟਿਸ ਏਕੇ ਗੋਇਲ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸਹੀ ਕਦਮ ਪੁੱਟਣ ਲਈ ਅਣਮਿੱਥੀ ਉਡੀਕ ਨਹੀਂ ਕੀਤੀ ਜਾ ਸਕਦੀ ਤੇ ਨਾ ਹੀ ਸਿਹਤ ਨਾਲ ਜੁੜੇ ਮਸਲਿਆਂ ਨੂੰ ਲਮਕਾਇਆ ਜਾ ਸਕਦਾ ਹੈ। ਪੰਜਾਬ ਸਰਕਾਰ 100 ਕਰੋੜ ਰੁਪਏ ਦੀ ਅਦਾਇਗੀ ਪਹਿਲਾਂ ਹੀ ਕਰ ਚੁੱਕੀ ਹੈ ਜਦੋਕਿ ਟ੍ਰਿਬਿਊਨਲ ਨੇ ਬਕਾਇਆ ਰਕਮ ਇਕ ਵੱਖਰੇ ਖਾਤੇ ’ਚ ਦੋ ਮਹੀਨਿਆਂ ਵਿੱਚ ਜਮ੍ਹਾਂ ਕਰਵਾਉਣ ਦੀ ਹਦਾਇਤ ਕੀਤੀ ਹੈ।


ਇਸ ਦੇ ਨਾਲ ਹੀ ਬੈਂਚ ਨੇ ਕਿਹਾ, ‘‘ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਵਿਆਪਕ ਯੋਜਨਾ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਇਹ ਸਰਕਾਰ ਦੀ ਹੀ ਜ਼ਿੰਮੇਵਾਰੀ ਹੈ, ਜੋ ਨਹੀਂ ਸਮਝੀ ਗਈ। ਬਜਟ ਵਿੱਚ ਰੱਖਿਆ ਪੈਸਾ ਵੰਡਣ ਮੌਕੇ ਜੇਕਰ ਕੋਈ ਪੂੰਜੀ ਘਾਟਾ ਪੈਂਦਾ ਹੈ ਤਾਂ ਇਹ ਸਰਕਾਰ ਤੇ ਸਿਰਫ਼ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਢੁੱਕਵੀਂ ਯੋਜਨਾਬੰਦੀ ਕਰਕੇ ਲਾਗਤ ਖਰਚੇ ਨੂੰ ਘਟਾਏ ਜਾਂ ਸਰੋਤਾਂ ਨੂੰ ਵਧਾਏ।’’ 


ਬੈਂਚ ਨੇ ਕਿਹਾ ਕਿ ਰਹਿੰਦੂ-ਖੂੰਹਦ ਦੇ ਪ੍ਰਬੰਧਨ ਨਾਲ ਜੁੜੇ ਵਿਸ਼ੇ ਬਾਰੇ ਵਾਤਾਵਰਨਕ ਨਿਯਮਾਂ ਦੀ ਪਾਲਣਾ ਸਿਖਰਲੀ ਤਰਜੀਹ ਹੋਣੀ ਚਾਹੀਦੀ ਹੈ। ਬੈਂਚ ਨੇ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਨਾ ਹੋਣ ਕਰਕੇ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਐਨਜੀਟੀ ਮੁਤਾਬਕ ਕੁੱਲ ਜੁਰਮਾਨਾ 2180 ਕਰੋੜ ਰੁਪਏ ਹੈ, ਜਿਸ ਵਿੱਚੋਂ ਟ੍ਰਿਬਿਊਨਲ ਨੂੰ 100 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਰਕਾਰ ਪਹਿਲਾਂ ਹੀ ਕਰ ਚੁੱਕੀ ਹੈ। 


ਇਹ ਜੁਰਮਾਨਾ ਠੋਸ ਰਹਿੰਦ-ਖੂੰਹਦ ਤੇ ਗੰਦੇ ਪਾਣੀ ਨੂੰ ਸੋਧਣ ’ਚ ਨਾਕਾਮ ਰਹਿਣ ਬਦਲੇ ਲਾਇਆ ਗਿਆ ਸੀ। ਬੈਂਚ ਨੇ ਕਿਹਾ, ‘‘ਪੰਜਾਬ ਸਰਕਾਰ 2080 ਕਰੋੜ ਰੁਪਏ ਦੀ ਬਕਾਇਆ ਰਕਮ ਦੋ ਮਹੀਨਿਆਂ ਅੰਦਰ ਵੱਖਰੇ ਖਾਤੇ ਵਿੱਚ ਜਮ੍ਹਾਂ ਕਰਵਾ ਸਕਦੀ ਹੈ।’’ ਐਨਜੀਟੀ ਮਿਉਂਸਿਪਲ ਸੋਲਿਡ ਵੇਸਟ ਮੈਨੇਜਮੈਂਟ ਨੇਮ 2016 ਤੇ ਵਾਤਾਵਰਨ ਨਾਲ ਜੁੜੇ ਹੋਰਨਾਂ ਮਸਲਿਆਂ ਦੀ ਪਾਲਣਾ ਨੂੰ ਯਕੀਨੀ ਬਣਾਉਂਦੀ ਹੈ।