Punjab News: ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। 


ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। 






ਭਗਵੰਤ ਸਿੰਘ ਨੇ ਇੱਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। 


ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਤਿਕਾਰ ਵਜੋਂ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ੍ਹਾਂ ਨੇ ਜ਼ੁਲਮ ਅਤੇ ਬੇਇਨਸਾਫੀ ਅੱਗੇ ਈਨ ਨਹੀਂ ਮੰਨੀ। 


ਮੁੱਖ ਮੰਤਰੀ ਨੇ ਕਿਹਾ, “ਮੈਨੂੰ ਹੈਰਾਨੀ ਇਸ ਗੱਲ ਦੀ ਹੈ ਕਿ ਅਕਾਲੀ ਦਲ ਨੇ ਕਦੇ ਵੀ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸਤਿਕਾਰ ਭੇਟ ਬਾਰੇ ਅਰਜ਼ੀ ਤੱਕ ਨਹੀਂ ਦਿੱਤੀ ਜਦਕਿ ਇਹ ਪਾਰਟੀ ਪੰਥਪ੍ਰਸਤ ਅਤੇ ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਦੀ ਹੈ। ਪੰਜਾਬ ਦੇ ਮਸਲਿਆਂ ਬਾਰੇ ਇਨ੍ਹਾਂ ਕੋਲੋਂ ਹੋਰ ਕੀ ਉਮੀਦ ਰੱਖੀ ਜਾ ਸਕਦੀ ਹੈ।”


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।