Farmers Protest: ਸੀਐਮ ਦੀ ਕੋਠੀ ਸਾਹਮਣੇ ਨੀਲੇ ਆਸਮਾਨ ਹੇਠ ਦੀਵਾਲੀ ਮਨਾਉਣਗੇ ਹਜ਼ਾਰਾਂ ਕਿਸਾਨ, ਦੋ ਹਫਤਿਆਂ ਮਗਰੋਂ ਵੀ ਸਰਕਾਰ ਖਾਮੋਸ਼!
ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਦੀਵਾਲੀ ਵੀ ਧਰਨੇ ਵਿੱਚ ਹੀ ਮਨਾਉਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਹਜ਼ਾਰਾਂ ਕਿਸਾਨ ਅਣਮਿਥੇ ਸਮੇਂ ਲਈ ਪੱਕੇ ਮੋਰਚੇ ’ਤੇ ਡਟੇ ਹੋਏ ਹਨ।
Farmers Protest: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਹਜ਼ਾਰਾਂ ਕਿਸਾਨ ਸੰਗਰੂਰ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਸਾਹਮਣੇ ਡਟੇ ਹੋਏ ਹਨ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ ਉਹ ਦੀਵਾਲੀ ਵੀ ਧਰਨੇ ਵਿੱਚ ਹੀ ਮਨਾਉਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਦੱਸ ਦਈਏ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਦੋ ਹਫ਼ਤਿਆਂ ਤੋਂ ਹਜ਼ਾਰਾਂ ਕਿਸਾਨ ਅਣਮਿਥੇ ਸਮੇਂ ਲਈ ਪੱਕੇ ਮੋਰਚੇ ’ਤੇ ਡਟੇ ਹੋਏ ਹਨ।
ਹਾਸਲ ਜਾਣਕਾਰੀ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਕਿਯੂ ਏਕਤਾ ਉਗਰਾਹਾਂ ਦੀ ਸੂਬਾਈ ਟੀਮ ਨਾਲ ਦੋ ਗੇੜ ’ਚ ਮੀਟਿੰਗ ਕੀਤੀ ਗਈ। ਪਹਿਲੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਹੇਠ ਪੰਜ ਮੈਂਬਰੀ ਸੂਬਾਈ ਵਫ਼ਦ ਦੀ ਮੀਟਿੰਗ ਡੀਸੀ ਜਤਿੰਦਰ ਜ਼ੋਰਵਾਲ ਤੇ ਐਸਐਸਪੀ ਮਨਦੀਪ ਸਿੰਘ ਸਿੱਧੂ ਨਾਲ ਹੋਈ। ਇਸ ਮਗਰੋਂ ਜਥੇਬੰਦੀ ਵੱਲੋਂ ਪ੍ਰਸ਼ਾਸਨ ਦਾ ਪੱਖ ਸੁਣਨ ਮਗਰੋਂ ਸੂਬਾਈ ਕਮੇਟੀ ਨਾਲ ਮੀਟਿੰਗ ਕਰਕੇ ਵਿਚਾਰ ਵਿਟਾਂਦਰਾ ਕੀਤਾ ਗਿਆ।
ਇਸ ਮਗਰੋਂ ਬਾਅਦ ਦੁਪਹਿਰ ਫ਼ਿਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜਥੇਬੰਦੀ ਦੀ ਮੀਟਿੰਗ ਹੋਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੋਵੇਂ ਮੀਟਿੰਗਾਂ ਦੀ ਰਿਪੋਰਟ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਪੱਕੇ ਮੋਰਚੇ ਦੌਰਾਨ ਜਾਨਾਂ ਗੁਆਉਣ ਵਾਲੇ ਤੇ ਜਥੇਬੰਦੀ ਵੱਲੋਂ ਸ਼ਹੀਦ ਐਲਾਨੇ ਗਏ ਦੋਵੇਂ ਕਿਸਾਨਾਂ ਸਬੰਧੀ ਰੱਖੀਆਂ ਗਈਆਂ ਮੰਗਾਂ ਪ੍ਰਵਾਨ ਨਾ ਕਰਨ ਕਰਕੇ ਸ਼ਨੀਵਾਰ ਵੀ ਦੋਵਾਂ ਦਾ ਸਸਕਾਰ ਨਹੀਂ ਕੀਤਾ ਗਿਆ ਸੀ।
ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ 15 ਦਿਨਾਂ ਤੋਂ ਪੰਜਾਬ ਭਰ ਦੇ ਕਿਸਾਨ ਮੁੱਖ ਮੰਤਰੀ ਦੀ ਕੋਠੀ ਅੱਗੇ ਮੰਨੀਆਂ ਮੰਗਾਂ ਲਾਗੂ ਕਰਾਉਣ ਲਈ ਬੈਠੇ ਹਨ ਤੇ ਇਸ ਦੌਰਾਨ ਗੁਰਚਰਨ ਸਿੰਘ ਬਖੋਰਾ ਕਲਾਂ ਤੇ ਕਰਨੈਲ ਸਿੰਘ ਅਕੋਈ ਸਾਹਿਬ ਸ਼ਹੀਦ ਹੋ ਗਏ ਹਨ, ਪਰ ਹਾਲੇ ਵੀ ਸਰਕਾਰ ਨੇ ਆਪਣੀ ਚੁੱਪ ਨਹੀਂ ਤੋੜੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸ਼ਨੀਵਾਰ ਦੋ ਮੀਟਿੰਗਾਂ ਹੋਈਆਂ ਹਨ, ਪਰ ਹਾਲੇ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ, ਉਦੋਂ ਤੱਕ ਘਿਰਾਓ ਤੇ ਪੱਕਾ ਮੋਰਚਾ ਜਾਰੀ ਰਹੇਗਾ।