Punjab News : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਬਰਨਾਲਾ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਦਿਨ-ਰਾਤ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੁਆਰਾ ਇਹ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।  



ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਉੱਤੇ ਹੜ੍ਹ ਪੀੜਤਾਂ ਨੂੰ ਕੋਈ ਮਦਦ ਨਾ ਦੇਣ ਦਾ ਦੋਸ਼ ਲਾਇਆ ਹੈ। ਕਿਸਾਨਾਂ ਮੁਤਾਬਕ ਇੱਕ ਪਾਸੇ ਪੰਜਾਬ ਸਰਕਾਰ ਮੁਰਗੀਆਂ ਤੇ ਬੱਕਰੀਆਂ ਲਈ ਮੁਆਵਜ਼ਾ ਦੇਣ ਦੀ ਗੱਲ ਕਰ ਰਹੀ ਹੈ ਪਰ ਦੂਜੇ ਪਾਸੇ ਬਹੁਤ ਹੀ ਘੱਟ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਜਿਸ ਨਾਲ ਇੱਕ ਬੱਕਰੀ ਵੀ ਖਰੀਦੀ ਨਹੀਂ ਜਾ ਸਕਦੀ। 


ਮੰਤਰੀਆਂ ਦੇ ਘਰ ਦੇ ਬਾਹਰ ਤਿੰਨ ਰੋਜ਼ਾ ਧਰਨੇ ਸ਼ੁਰੂ - ਕਿਸਾਨ ਆਗੂਆਂ 


ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਂਝੇ ਕਿਸਾਨ ਮੋਰਚੇ ਦੇ ਸੱਦੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਆਗੂਆਂ ਦੇ ਘਰਾਂ ਅੱਗੇ ਤਿੰਨ ਰੋਜ਼ਾ ਧਰਨੇ ਸ਼ੁਰੂ ਕੀਤੇ ਜਾ ਰਹੇ ਹਨ। ਜਿਸ ਤਹਿਤ ਅੱਜ ਕਿਸਾਨ ਜਥੇਬੰਦੀਆਂ ਨੇ ਬਰਨਾਲਾ ਵਿਖੇ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿਵਾਉਣ ਲਈ ਇਹ ਧਰਨਾ ਲਾਇਆ ਗਿਆ ਹੈ। ਪੰਜਾਬ ਸਰਕਾਰ ਪੀੜਤ ਕਿਸਾਨਾਂ ਨੂੰ 6-7 ਹਜ਼ਾਰ ਰੁਪਏ ਮਾਮੂਲੀ ਮੁਆਵਜ਼ਾ ਦੇ ਰਹੀ ਹੈ। ਜਿਸ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋ ਰਹੀ। 


ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਤੋਂ ਵੱਧ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ, ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਕਿਸਾਨਾਂ ਦੇ ਇਸ ਨੁਕਸਾਨ ਦੀ ਬਿਲਕੁਲ ਵੀ ਚਿੰਤਾ ਨਹੀਂ ਹੈ। ਸਰਕਾਰਾਂ ਦੀਆਂ ਕਾਰਵਾਈਆਂ ਅਖਬਾਰੀ ਬਿਆਨਾਂ ਤੋਂ ਹੀ ਝਲਕਦੀਆਂ ਹਨ। ਮੁੱਖ ਮੰਤਰੀ ਮੁਰਗੀ ਤੋਂ ਲੈ ਕੇ ਬੱਕਰੀ ਤੱਕ ਦੇ ਮੁਆਵਜ਼ੇ ਦੀ ਗੱਲ ਕਰ ਰਹੇ ਹਨ। ਪਰ ਕਿਸਾਨਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ ਵੀ ਨਹੀਂ ਦਿੱਤਾ ਜਾ ਰਿਹਾ। 


ਕੇਂਦਰ ਸਰਕਾਰ ਵੱਲੋਂ 200 ਕਰੋੜ ਰੁਪਏ ਦਾ ਮੁਆਵਜ਼ਾ ਆਇਆ ਪੰਜਾਬ ਨੇ ਜਾਰੀ ਕੀਤੇ ਸਿਰਫ਼ 168 ਕਰੋੜ 


ਕਿਸਾਨਾਂ ਨੇ ਦੋ ਵਾਰ ਫ਼ਸਲਾਂ ਬੀਜੀਆਂ ਅਤੇ ਦੋਵੇਂ ਵਾਰ ਹੜ੍ਹ ਆਏ। ਇੱਥੋਂ ਤੱਕ ਕਿ ਪਸ਼ੂ ਵੀ ਵੱਡੀ ਗਿਣਤੀ ਵਿੱਚ ਮਰ ਗਏ।  ਸਰਕਾਰ ਵੱਲੋਂ 6800 ਰੁਪਏ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਪਰ ਇਸ ਰਕਮ ਨਾਲ ਇੱਕ ਵੀ ਬੱਕਰੀ ਨਹੀਂ ਖਰੀਦੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 200 ਕਰੋੜ ਰੁਪਏ ਦਾ ਮੁਆਵਜ਼ਾ ਆਇਆ, ਪਰ ਪੰਜਾਬ ਸਰਕਾਰ ਸਿਰਫ਼ 168 ਕਰੋੜ ਰੁਪਏ ਹੀ ਜਾਰੀ ਕਰ ਰਹੀ ਹੈ। ਇਸ ਰਕਮ ਨਾਲ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਨਹੀਂ ਹੋਵੇਗੀ।



13 ਸਤੰਬਰ ਨੂੰ ਹੋਵੇਗੀ ਇੱਕ ਹੋਰ ਮੀਟਿੰਗ 



ਉਨ੍ਹਾਂ ਕਿਹਾ, ਮੰਚਾਂ ਤੋਂ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਪਰ ਜ਼ਮੀਨੀ ਪੱਧਰ ’ਤੇ ਕੋਈ ਕੰਮ ਨਹੀਂ ਹੋ ਰਿਹਾ। ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਰਵਾਇਤੀ ਅਕਾਲੀ-ਕਾਂਗਰਸੀ ਸਰਕਾਰ ਦੇ ਰਾਹ 'ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ, ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਤਿੰਨ ਦਿਨਾਂ ਤੱਕ ਧਰਨਾ ਜਾਰੀ ਰਹੇਗਾ। 13 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਇੱਕ ਹੋਰ ਮੀਟਿੰਗ ਹੋਵੇਗੀ। ਇਸ ਮੀਟਿੰਗ ਤੋਂ ਬਾਅਦ ਅਗਲੇ ਸੰਘਰਸ਼ ਦੀ ਰਣਨੀਤੀ ਬਣਾਈ ਜਾਵੇਗੀ।