Pathankot News: ਪਠਾਨਕੋਟ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਤਿੰਨ ਸ਼ੱਕੀ ਵਿਅਕਤੀ ਦੇਖੇ ਗਏ ਹਨ। ਦੱਸਿਆ ਜਾਂਦਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ 'ਚ ਇਕ ਔਰਤ ਨੇ ਤਿੰਨ ਸ਼ੱਕੀ ਲੋਕਾਂ ਨੂੰ ਦੇਖਿਆ ਹੈ। ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਤਰਥੱਲੀ ਮੱਚ ਗਈ।



ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ


ਘਟਨਾ ਸਵੇਰੇ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਔਰਤ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਪੂਰੇ ਪਿੰਡ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।


ਇਸ ਤੋਂ ਪਹਿਲਾਂ ਵੀ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀਆਂ ਰਿਪੋਰਟਾਂ ਆਈਆਂ ਸਨ


ਦੱਸ ਦੇਈਏ ਕਿ ਪਠਾਨਕੋਟ ਬਹੁਤ ਹੀ ਸੰਵੇਦਨਸ਼ੀਲ ਜ਼ਿਲ੍ਹਾ ਹੈ। ਜਿਸ ਦੇ ਇੱਕ ਪਾਸੇ ਭਾਰਤ-ਪਾਕਿਸਤਾਨ ਸਰਹੱਦ ਹੈ ਅਤੇ ਦੂਜੇ ਪਾਸੇ ਜੰਮੂ-ਕਸ਼ਮੀਰ ਦੀ ਸਰਹੱਦ ਹੈ। ਪੁਲਿਸ ਵਿਭਾਗ ਇਸ ਸਬੰਧੀ ਅਲਰਟ 'ਤੇ ਹੈ ਪਰ ਇਸ ਦੇ ਬਾਵਜੂਦ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਠਾਨਕੋਟ 'ਚ ਵੱਖ-ਵੱਖ ਥਾਵਾਂ 'ਤੇ ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।



ਅੱਜ ਵੀ ਪਠਾਨਕੋਟ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਛੋਡੀਆ ਵਿੱਚ ਇੱਕ ਔਰਤ ਵੱਲੋਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਦੇਖਿਆ ਗਿਆ। ਜਿਸ ਨੇ ਘਰ ਦਾ ਦਰਵਾਜ਼ਾ ਖੜਕਾਇਆ ਅਤੇ ਔਰਤ ਤੋਂ ਕੁਝ ਪੈਸੇ ਮੰਗੇ। ਜਿਸ ਕਾਰਨ ਔਰਤ ਨੂੰ ਉਨ੍ਹਾਂ ਲੋਕਾਂ 'ਤੇ ਸ਼ੱਕ ਹੋ ਗਿਆ ਅਤੇ ਦਰਵਾਜ਼ਾ ਖੋਲ੍ਹੇ ਬਿਨ੍ਹਾਂ ਹੀ ਉਸ ਨੇ ਆਲੇ-ਦੁਆਲੇ ਦੇ ਲੋਕਾਂ ਨੂੰ ਸੂਚਨਾ ਦਿੱਤੀ। ਜਦੋਂ ਤੱਕ ਲੋਕ ਇਕੱਠੇ ਹੋਏ, ਤਿੰਨੋਂ ਮੌਕੇ ਤੋਂ ਫਰਾਰ ਹੋ ਚੁੱਕੇ ਸਨ।


ਡਰੋਨ ਰਾਹੀਂ ਪੂਰੇ ਇਲਾਕੇ 'ਚ ਕੀਤੀ ਜਾ ਰਹੀ ਤਲਾਸ਼


ਦੱਸਿਆ ਜਾਂਦਾ ਹੈ ਕਿ ਤਿੰਨੇ ਸ਼ੱਕੀ ਗੰਨੇ ਦੇ ਖੇਤਾਂ ਵਿੱਚ ਲੁਕ ਗਏ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਹੁਣ ਡਰੋਨ ਰਾਹੀਂ ਪੂਰੇ ਇਲਾਕੇ 'ਚ ਸ਼ੱਕੀ ਵਿਅਕਤੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਦੇ ਹੱਥ ਪਹਿਲਾਂ ਵਾਂਗ ਹੀ ਖਾਲੀ ਹਨ।