ਚੰਡੀਗੜ੍ਹ: ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਹਾਲਤ ਬਾਰੇ ਵਾਇਟ ਪੇਪਰ ਲਿਆਉਣ ’ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਇਹ ਜੁੰਮਲਾ ਬਣਾਇਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਧਾਨ ਸਭਾ ’ਚ ਪਹਿਲੀ ਵਾਰ ’ਚ ਹੀ ਵਾਇਟ ਪੇਪਰ ਪੇਸ਼ ਕਰ ਰਹੀ ਹੈ।
ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਹਰ ਖੇਤਰ ’ਚ ਮਹੱਤਵਪੂਰਨ ਕੰਮ ਕੀਤੇ ਹਨ। ਸਰਕਾਰ ਨੇ ਖੇਤੀ, ਇਲਾਜ, ਸਿੱਖਿਆ ਅਤੇ ਰੋਜ਼ਗਾਰ ਦੇ ਮਾਮਲਿਆਂ ’ਚ ਸੁਧਾਰ ਦੇ ਕੰਮ ਵੱਡੇ ਪੱਧਰ ’ਤੇ ਸ਼ੁਰੂ ਕਰਵਾਏ ਹਨ।
ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲ ਰਿਹਾ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਲਈ ਮਾਨ ਸਰਕਾਰ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ ਬੇਹੱਦ ਸ਼ਰਮਨਾਕ ਹੈ ।
ਪੋਪਲੀ ਦੇ ਭ੍ਰਿਸ਼ਟਾਚਾਰ ਦਾ ਬੁਰਾ ਅਸਰ ਉਸ ਦੇ ਬੇਟੇ ’ਤੇ ਪਿਆ: ਮਲਵਿੰਦਰ ਸਿੰਘ ਕੰਗ
ਮਲਵਿੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਇਨ ਨੰਬਰ ਦੀ ਤਰੀਫ਼ ਕਰਦਿਆਂ ਕਿਹਾ ਕਿ ਇਹ ਨੰਬਰ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਮਾਨ ਸਰਕਾਰ ਨੇ ਪਿਛਲੇ 100 ਦਿਨਾਂ ’ਚ ਕਰੀਬ 50 ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ।