Amritsar News: ਸ੍ਰੋਮਣੀ ਕਮੇਟੀ ਵੱਲੋਂ ਅੱਜ ਜਨਰਲ ਇਜਲਾਸ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿੱਲ ਨੂੰ ਰੱਦ ਕੀਤਾ ਜਾ ਸਕਦਾ ਹੈ। ਇਸ ਨਾਲ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਟਕਰਾਅ ਹੋਰ ਵਧ ਸਕਦਾ ਹੈ। ਇਸ ਲਈ ਸਭ ਦੀਆਂ ਨਜ਼ਰਾਂ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਉੱਪਰ ਹਨ। 


ਸੂਤਰਾਂ ਮੁਤਾਬਕ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗੁਰਦੁਆਰਾ ਸੋਧ ਬਿਲ ਨੂੰ ਸ੍ਰੋਮਣੀ ਕਮੇਟੀ ਵੱਲੋਂ ਅੱਜ ਸੱਦੇ ਗਏ ਜਨਰਲ ਇਜਲਾਸ ਵਿੱਚ ਰੱਦ ਕੀਤੇ ਜਾਣ ਤੇ ਇਸ ਮਾਮਲੇ ਵਿੱਚ ਸਰਕਾਰ ਖਿਲਾਫ ਕੋਈ ਸਖਤ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਦੌਰਾਨ ਦਲ ਖ਼ਾਲਸਾ ਨੇ ਵਿਸ਼ੇਸ਼ ਇਜਲਾਸ ਵਿੱਚ ਹਾਜ਼ਰ ਹੋਣ ਵਾਲੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਲਈ ਆਪਣਾ ਖ਼ੁਦ ਦਾ ਚੈਨਲ ਲਾਂਚ ਕਰਨ ਦਾ ਫੈਸਲਾ ਕਰਨ ਦੀ ਅਪੀਲ ਕੀਤੀ ਹੈ। 



ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਪ੍ਰਸਾਰਨ ਮਾਮਲੇ ਦੇ ਹੱਕ ਹਰੇਕ ਮੀਡੀਆ ਘਰਾਣੇ ਨੂੰ ਦਿਤੇ ਜਾਣ ਦੇ ਫੈਸਲੇ ਤਹਿਤ ਗੁਰਦੁਆਰਾ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਦਾ ਸ੍ਰੋਮਣੀ ਕਮੇਟੀ ਸਮੇਤ ਵੱਖ ਵੱਖ ਸਿੱਖ ਜਥੇਬੰਦੀਆ ਵੱਲੋਂ ਸਖਤ ਵਿਰੋਧ ਕੀਤਾ ਗਿਆ ਤੇ ਇਸ ਨੂੰ ਸਰਕਾਰ ਦੀ ਧਾਰਮਿਕ ਮਾਮਲਿਆ ਵਿੱਚ ਦਖਲਅੰਦਾਜ਼ੀ ਕਰਾਰ ਦਿੱਤਾ ਹੈ। 


ਸ੍ਰੋਮਣੀ ਕਮੇਟੀ ਵਲੋਂ ਅੰਤ੍ਰਿਗ ਕਮੇਟੀ ਦੀ ਹੰਗਾਮੀ ਮੀਟਿੰਗ ਵਿੱਚ ਸਰਕਾਰ ਵੱਲੋਂ ਪਾਸ ਕੀਤੇ ਇਸ ਬਿਲ ਨੂੰ ਮੁੱਢੋਂ ਰੱਦ ਕਰ ਦਿੱਤਾ ਗਿਆ ਸੀ ਤੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਬਿੱਲ ਨੂੰ ਮਨਜ਼ੂਰੀ ਨਾ ਦੇਣ ਦੀ ਅਪੀਲ ਕੀਤੀ ਹੈ। ਹੁਣ ਅੱਜ ਸੱਦੇ ਜਨਰਲ ਇਜਲਾਸ ਵਿੱਚ ਵੀ ਸਰਕਾਰ ਦੇ ਫੈਸਲੇ ਨੂੰ ਰੱਦ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਇਸ ਤੋਂ ਬਾਅਦ ਸਰਕਾਰ ਦੇ ਰੱਦ ਕੀਤੇ ਬਿੱਲ ਸਬੰਧੀ ਜਨਰਲ ਹਾਉਸ ਦੀ ਕਾਰਵਾਈ ਰਾਸ਼ਟਰਪਤੀ ਨੂੰ ਸੌਂਪੇ ਜਾਣ ਦੀ ਸੰਭਾਵਨਾ ਹੈ।