ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ 'ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ 'ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।