Punjab News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਟਿਆਲਾ ਜੇਲ੍ਹ ਵਿੱਚ ਬੰਦ ਸਿੱਖ ਕੈਦੀ ਸੰਦੀਪ ਸਿੰਘ ਦੇ ਪਰਿਵਾਰ ਵੱਲੋਂ ਜੇਲ੍ਹ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਲਗਾਏ ਗਏ ਤਸ਼ੱਦਦ ਦੇ ਦੋਸ਼ਾਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। 

Continues below advertisement

ਗੜਗੱਜ ਨੇ ਕਿਹਾ ਕਿ ਪਟਿਆਲਾ ਜ਼ਿਲ੍ਹਾ ਅਦਾਲਤ ਦੇ 15 ਸਤੰਬਰ ਦੇ ਹੁਕਮਾਂ ਦੇ ਬਾਵਜੂਦ, ਸੰਦੀਪ ਸਿੰਘ ਦਾ ਅਜੇ ਤੱਕ ਡਾਕਟਰੀ ਮੁਆਇਨਾ ਨਹੀਂ ਕੀਤਾ ਗਿਆ ਹੈ, ਭਾਵੇਂ ਅਦਾਲਤ ਨੇ 17 ਸਤੰਬਰ ਨੂੰ ਸਵੇਰੇ 10:00 ਵਜੇ ਤੱਕ ਰਿਪੋਰਟ ਅਦਾਲਤ ਵਿੱਚ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਸਨ।

Continues below advertisement

ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਤੌਰ 'ਤੇ ਪੰਜਾਬ ਪੁਲਿਸ ਵੱਲੋਂ ਅਦਾਲਤੀ ਹੁਕਮਾਂ ਪ੍ਰਤੀ ਸਤਿਕਾਰ ਦੀ ਘਾਟ ਨੂੰ ਦਰਸਾਉਂਦਾ ਹੈ। ਡਾਕਟਰੀ ਮੁਆਇਨਾ ਕਰਵਾਉਣ ਤੇ ਅਦਾਲਤ ਵਿੱਚ ਰਿਪੋਰਟ ਜਮ੍ਹਾਂ ਕਰਵਾਉਣ ਦੀ ਬਜਾਏ, ਜੇਲ੍ਹ ਅਤੇ ਪੁਲਿਸ ਪ੍ਰਸ਼ਾਸਨ ਕੇਸ ਨੂੰ ਦੇਰੀ ਨਾਲ ਪੂਰਾ ਕਰ ਰਿਹਾ ਹੈ ਤੇ ਸੰਦੀਪ ਸਿੰਘ ਨੂੰ ਪਟਿਆਲਾ ਤੋਂ ਸੰਗਰੂਰ ਜੇਲ੍ਹ ਵਿੱਚ ਤਬਦੀਲ ਕਰ ਰਿਹਾ ਹੈ।

ਗਿਆਨੀ ਗੜਗੱਜ ਨੇ ਕਿਹਾ ਕਿ ਜੇਲ੍ਹ ਅਤੇ ਪੁਲਿਸ ਪ੍ਰਸ਼ਾਸਨ ਨੂੰ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ, ਪਰ ਸਿੱਖ ਨੌਜਵਾਨਾਂ 'ਤੇ ਅੱਤਿਆਚਾਰਾਂ ਦੇ ਦੋਸ਼ੀ ਪੁਲਿਸ ਅਧਿਕਾਰੀਆਂ ਨਾਲ ਸਬੰਧਤ ਇਸ ਮਾਮਲੇ ਵਿੱਚ ਹੁਣ ਤੱਕ ਕੀਤੀਆਂ ਗਈਆਂ ਕਾਰਵਾਈਆਂ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਪਾਰਦਰਸ਼ਤਾ ਦੀ ਘਾਟ ਨੂੰ ਦਰਸਾਉਂਦੀਆਂ ਹਨ। 

ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੇ ਬਾਵਜੂਦ ਸੰਦੀਪ ਸਿੰਘ ਦਾ ਡਾਕਟਰੀ ਮੁਆਇਨਾ ਨਾ ਕਰਵਾਉਣਾ ਦਰਸਾਉਂਦਾ ਹੈ ਕਿ ਜੇਲ੍ਹ ਅਤੇ ਪੁਲਿਸ ਵੱਲੋਂ ਉਸ 'ਤੇ ਗੰਭੀਰ ਤਸ਼ੱਦਦ ਕੀਤਾ ਗਿਆ ਹੈ।

ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਦੇਰੀ ਸੰਦੀਪ ਸਿੰਘ ਦਾ ਡਾਕਟਰੀ ਮੁਆਇਨਾ ਕਰੇ ਅਤੇ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ। ਉਨ੍ਹਾਂ ਡਾਕਟਰੀ ਮੁਆਇਨਾ ਕਰਨ ਵਾਲੇ ਡਾਕਟਰਾਂ ਅਤੇ ਅਧਿਕਾਰੀਆਂ ਨੂੰ ਵੀ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਜਾਂਚ ਕਰਨ ਦੀ ਅਪੀਲ ਕੀਤੀ।  ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸੰਦੀਪ ਸਿੰਘ 'ਤੇ ਤਸ਼ੱਦਦ ਸਾਬਤ ਹੁੰਦਾ ਹੈ ਤਾਂ ਦੋਸ਼ੀ ਜੇਲ੍ਹ ਅਤੇ ਪੁਲਿਸ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਨੌਕਰੀ ਤੋਂ ਮੁਅੱਤਲ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।