Congress Tractor March: ਹਰਿਆਣਾਂ ਦੀਆਂ ਸਰਹੱਦਾਂ 'ਤੇ ਡਟੇ ਹੋਏ ਕਿਸਾਨਾਂ ਦੇ ਹੱਕ ਵਿੱਚ ਹੁਣ ਪੰਜਾਬ ਕਾਂਗਰਸ ਵੀ ਸਾਹਮਣੇ ਆਈ ਹੈ। ਕਾਂਗਰਸੀ ਲੀਡਰ ਵਰਕਰ ਵੀ ਹੁਣ ਆਪੋ ਆਪਣੇ ਟਰੈਕਟਰ ਬਾਹਰ ਕੱਢ ਰਹੇ ਹਨ। ਹਲਾਂਕਿ ਇਹ ਦਿੱਲੀ ਨੂੰ ਕੂਚ ਨਹੀਂ ਕਰਨਗੇ ਪਰ ਪੂਰੇ ਪੰਜਾਬ ਵਿੱਚ ਕੇਂਦਰ ਸਰਕਾਰ ਖਿਲਾਫ਼ ਟਰੈਕਟਰ ਮਾਰਚ ਕਰਨਗੇ।



ਇਸ ਤੋਂ ਪਹਿਲਾਂ ਜਦੋਂ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨ ਲੈ ਕੇ ਆਈ ਸੀ ਤਾਂ ਉਦੋਂ ਵੀ ਕਾਂਗਰਸ ਨੇ ਪੰਜਾਬ ਵਿੱਚ ਟਰੈਕਟਰ ਮਾਰਚ ਕੱਢਿਆ ਸੀ। ਉਦੋਂ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਇੱਕ ਟਰੈਕਟਰ 'ਤੇ ਬੈਠੇ ਸਨ। ਪਰ ਅੱਜ ਦੇ ਮਾਰਚ ਵਿੱਚ ਸਿਰਫ਼ ਰਾਜਾ ਵੜਿੰਗ ਹੀ ਅਜਿਹੇ ਲੀਡਰ ਹਨ ਜੋ ਰੈਲੀ ਦੀ ਅਗਵਾਈ ਕਰ ਰਹੇ ਹਨ। ਨਵਜੋਤ ਸਿੰਘ ਸਿੱਧੂ ਆਉਣਗੇ ਜਾਂ ਨਹੀਂ ਇਹ ਹਾਲੇ ਤੱਕ ਵੀ ਸਾਫ਼ ਨਹੀਂ ਹੋਇਆ ਹੈ।



ਜ਼ਿਲ੍ਹਿਆਂ ਵਿੱਚ ਟਰੈਕਟਰ ਮਾਰਚ ਨੂੰ ਸਫ਼ਲ ਬਣਾਉਣ ਦੀ ਜ਼ਿੰਮੇਵਾਰੀ ਸਥਾਨਕ ਆਗੂਆਂ ’ਤੇ ਹੋਵੇਗੀ। ਹਾਲਾਂਕਿ ਕਾਂਗਰਸ ਦਾ ਦਾਅਵਾ ਹੈ ਕਿ ਇਸ ਮਾਰਚ ਨਾਲ ਆਮ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਹ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਸਹੀ ਢੰਗ ਨਾਲ ਕਰਵਾਇਆ ਜਾਵੇਗਾ।


ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਨਾਗਰਿਕ ਹੋਣ ਦੇ ਨਾਤੇ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਔਖੀ ਘੜੀ ਵਿੱਚ ਕਿਸਾਨਾਂ ਦੇ ਨਾਲ ਖੜੇ ਹਾਂ। ਉਨ੍ਹਾਂ ਦੱਸਿਆ ਕਿ ਉਹ ਜੰਡਿਆਲਾ ਤੋਂ ਟਰੈਕਟਰ ਮਾਰਚ ਦੌਰਾਨ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਭਾਵੇਂ ਉਹ ਕਿਸੇ ਸਿਆਸੀ ਜਥੇਬੰਦੀ ਨਾਲ ਜੁੜੇ ਹੋਏ ਹਨ ਪਰ ਉਹ ਕਿਸਾਨਾਂ ਦੇ ਹੱਕ ਵਿੱਚ ਡਟੇ ਰਹਿਣਗੇ।


ਇਸ ਤੋਂ ਪਹਿਲਾਂ ਯੂਥ ਕਾਂਗਰਸ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਬਾਈਕ ਰੈਲੀ ਕੱਢੀ ਗਈ। ਇਸ ਵਿੱਚ ਕਈ ਨੌਜਵਾਨ ਆਗੂਆਂ ਨੇ ਸ਼ਮੂਲੀਅਤ ਕੀਤੀ। ਕਾਂਗਰਸ ਕਿਸਾਨਾਂ ਦੇ ਹੱਕ ਵਿੱਚ ਪਹਿਲੇ ਦਿਨ ਤੋਂ ਹੀ ਕਿਸਾਨ ਅੰਦੋਲਨ ਵਿੱਚ ਲੱਗੀ ਹੋਈ ਹੈ। ਕਾਂਗਰਸ ਨੇ ਕਿਸਾਨਾਂ ਨੂੰ ਕਾਨੂੰਨੀ ਮਾਮਲਿਆਂ ਤੋਂ ਬਚਾਉਣ ਲਈ ਮੁਫਤ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਹੈਲਪਲਾਈਨ ਸ਼ੁਰੂ ਕੀਤੀ ਹੈ। 


ਕਾਂਗਰਸ ਦਾ ਕਾਨੂੰਨੀ ਸੈੱਲ ਇਹ ਕੰਮ ਦੇਖ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਰਾਜਪੁਰਾ ਦੇ ਹਸਪਤਾਲ ਪਹੁੰਚ ਕੇ ਅੱਥਰੂ ਗੈਸ ਦੇ ਗੋਲਿਆਂ ਨਾਲ ਜ਼ਖਮੀ ਕਿਸਾਨਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਦਰਦ ਜਾਣਿਆ ਅਤੇ ਰਾਹੁਲ ਗਾਂਧੀ ਨਾਲ ਫ਼ੋਨ 'ਤੇ ਗੱਲ ਕੀਤੀ।


ਇਸ ਮਾਮਲੇ 'ਚ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਅਤੇ ਪੁਲਿਸ ਅਧਿਕਾਰੀਆਂ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਸਾਰੇ ਜ਼ਿਲਿਆਂ 'ਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਤੇ ਆਗੂ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋ ਰਹੇ ਹਨ।