ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਗੁਰਪੁਰਬ ਸਬੰਧੀ ਉਨ੍ਹਾਂ ਦੇ ਪਟਨਾ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਮੁਫ਼ਤ ਯਾਤਰਾ ਟ੍ਰੇਨਾਂ ਨੂੰ ਰਵਾਨਾ ਕੀਤਾ ਗਿਆ। ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਇਸ ਯਾਤਰਾ ਟਰੇਨ ਨੂੰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ।
ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੋਂ ਇਸ ਸਪੈਸ਼ਲ ਟਰੇਨ ਨੂੰ ਰਵਾਨਾ ਕਰਨ ਮੌਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਸਿੱਖਾਂ 'ਤੇ ਗੁਰੂ ਗੋਬਿੰਦ ਸਿੰਘ ਜੀ ਦੀ ਵਿਚਾਰਧਾਰਾ ਨੂੰ ਮੰਨਣ ਵਾਲਿਆਂ ਨੂੰ ਜੋੜਨ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਰੇਲ ਗੱਡੀ ਰਾਹੀਂ ਯਾਤਰਾ 'ਤੇ ਜਾ ਰਹੇ ਲੋਕਾਂ ਦੇ ਚਿਹਰਿਆਂ 'ਤੇ ਇੱਕ ਵੱਖਰੀ ਖ਼ੁਸ਼ੀ ਝਲਕ ਰਹੀ ਹੈ ਕਿਉਂਕਿ ਇਹ ਲੋਕ ਆਪਣੇ ਗੁਰੂ ਦਾ ਜਨਮ ਦਿਹਾੜਾ ਮਨਾਉਣ ਲਈ ਜਾ ਰਹੇ ਹਨ।
ਸਿੱਧੂ ਨੇ ਕਿਹਾ ਕਿ ਸਿੱਖਾਂ ਨੇ ਅਨੇਕਾਂ ਕੁਰਬਾਨੀਆਂ ਦਿੱਤੀਆਂ ਹਨ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਜ਼ੁਲਮ ਖਿਲਾਫ ਲੜਾਈ ਲੜੀ ਜੋ ਅੱਜ ਵੀ ਉਨ੍ਹਾਂ ਜੇ ਜ਼ਿਹਨ ਵਿੱਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਧਰਮ ਨੂੰ ਰਾਜਨੀਤੀ ਤੋਂ ਉੱਪਰ ਰੱਖਿਆ ਹੈ ਅਤੇ ਕਦੇ ਵੀ ਧਰਮ 'ਤੇ ਰਾਜਨੀਤੀ ਨਹੀਂ ਕੀਤੀ ਪਰ ਕੁਝ ਪਾਰਟੀਆਂ ਧਰਮ ਦੇ ਨਾਂਅ 'ਤੇ ਰਾਜਨੀਤੀ ਕਰ ਕੇ ਲੋਕਾਂ ਨੂੰ ਵੰਡਣ ਦਾ ਕੰਮ ਕਰਦੀਆਂ ਹਨ ਜੋ ਗ਼ਲਤ ਹੈ। ਇਸ ਰੇਲ ਗੱਡੀ ਰਾਹੀਂ ਪਟਨਾ ਸਾਹਿਬ ਦੀ ਯਾਤਰਾ ਦੇ ਜਾ ਰਹੇ ਯਾਤਰੀਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।