ਚੰਡੀਗੜ੍ਹ: ਆਮ ਆਦਮੀ ਪਾਰਟੀ ਹੁਣ ਬਾਦਲ ਪਰਿਵਾਰ ਦੀ ਮਾਲਕੀ ਵਾਲੀ ਆਰਬਿਟ ਬੱਸਾਂ ਦੁਆਲੇ ਹੋਈ ਹੈ। ਆਰਬਿਟ ਟਰਾਂਸਪੋਰਟ ਦੇ ਕਰਿੰਦਿਆਂ ਵੱਲੋਂ ਰੋਡਵੇਜ਼ ਦੇ ਕਰਮਚਾਰੀਆਂ ਨਾਲ ਧੱਕਾ ਕਰਨ ਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਤੈਅ ਰੂਟਾਂ 'ਤੇ ਬੱਸਾਂ ਚਲਾਉਣ ਤੋਂ ਰੋਕਣ ਦਾ ਆਮ ਆਦਮੀ ਪਾਰਟੀ ਨੇ ਸਖ਼ਤ ਨੋਟਿਸ ਲਿਆ ਹੈ।


ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਤੇ ਮੁੱਖ ਬੁਲਾਰੀ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਬਾਦਲਾਂ ਦਾ ਟਰਾਂਸਪੋਰਟ ਮਾਫ਼ੀਆ ਕੈਪਟਨ ਰਾਜ ਵਿੱਚ ਜਿਉਂ ਦਾ ਤਿਉਂ ਚੱਲਣਾ ਬਾਦਲਾਂ ਤੇ ਕੈਪਟਨ ਦੀ ਮਿਲੀਭੁਗਤ ਨੂੰ ਨੰਗਾ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਤੇ ਸੰਪੂਰਨ ਜੰਗਲ ਰਾਜ ਹੈ।

ਚੀਮਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਬਾਦਲਾਂ ਨੂੰ ਜੇਲ੍ਹ ਵਿੱਚ ਸੁੱਟਣ ਤੇ ਉਨ੍ਹਾਂ ਦੇ ਨਾਜਾਇਜ਼ ਕਾਰੋਬਾਰ ਦੀ ਜਾਂਚ ਕਰਾਉਣ ਦੇ ਕੈਪਟਨ ਅਮਰਿੰਦਰ ਦੇ ਦਾਅਵੇ ਹਵਾ ਹੋ ਗਏ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ 2017 ਦੀਆਂ ਚੋਣਾਂ ਵਿੱਚ ਕਾਂਗਰਸ ਦੀ ਜਿੱਤ ਵਿੱਚ ਯੋਗਦਾਨ ਪਾਇਆ ਸੀ। ਇਸੇ ਕਾਰਨ ਹੀ ਬਾਦਲ ਖ਼ਿਲਾਫ਼ ਕਾਰਵਾਈ ਕਰਨ ਤੋਂ ਕੈਪਟਨ ਕਤਰਾ ਰਹੇ ਹਨ। ਚੀਮਾ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੇ ਕੰਮ ਵਿੱਚ ਅੜਿੱਕਾ ਪਾਉਣ ਤੇ ਉਨ੍ਹਾਂ ਨੂੰ ਡਰਾਉਣ-ਧਮਕਾਉਣ ਕਾਰਨ ਆਰਬਿਟ ਦੇ ਕਰਿੰਦਿਆਂ ‘ਤੇ ਕੇਸ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਕਾਲੀ-ਕਾਂਗਰਸੀ ਮਿਲੇ ਹੋਏ ਹਨ। ਪਿਛਲੀ ਸਰਕਾਰ ਸਮੇਂ ਦੇ ਚੱਲ ਰਹੇ ਗੈਰ ਕਾਨੂੰਨੀ ਕਾਰਜ ਉਸੇ ਤਰ੍ਹਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਅਦਾਰਿਆਂ ਨੂੰ ਲੁੱਟ ਕੇ ਬਾਦਲ ਕੈਪਟਨ ਆਪਣੀਆਂ ਜੇਬਾਂ ਭਰ ਰਹੇ ਹਨ। ਪੰਜਾਬ ਰੋਡਵੇਜ਼/ਪਨਬੱਸ ਦੇ ਕਰਮਚਾਰੀਆਂ ਦੇ ਹੱਕ ਵਿੱਚ ਖੜਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲ ਪਰਿਵਾਰ ਉਨਾਂ ਨੂੰ ਆਪਣੀ ਡਿਊਟੀ ਕਰਨ ਤੋਂ ਨਹੀਂ ਰੋਕ ਸਕਦਾ ਤੇ ਜੇਕਰ ਭਵਿੱਖ ਵਿੱਚ ਵੀ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਆਮ ਆਦਮੀ ਪਾਰਟੀ ਉਨਾਂ ਦੇ ਨਾਲ ਸੰਘਰਸ਼ ਵਿਚ ਹਿੱਸਾ ਲਵੇਗੀ।