Punjab News: ਅਮਰੀਕਾ ਵੱਲੋਂ 104 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ ਤੇ ਮੰਗਲਵਾਰ ਨੂੰ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ। ਡਿਪੋਰਟ ਕੀਤੇ ਗਏ ਲੋਕਾਂ ਵਿੱਚ ਪੰਜਾਬ ਤੋਂ 31, ਹਰਿਆਣਾ ਤੋਂ 35, ਗੁਜਰਾਤ ਤੋਂ 33, ਯੂਪੀ ਤੋਂ 3 ਅਤੇ ਮਹਾਰਾਸ਼ਟਰ ਤੋਂ 2 ਸ਼ਾਮਲ ਸਨ। ਇਸ ਘਟਨਾ ਤੋਂ ਬਾਅਦ ਰਾਜਨੀਤਿਕ ਹਲਕਿਆਂ ਵਿੱਚ ਤਿੱਖੀ ਪ੍ਰਤੀਕਿਰਿਆ ਦੇਖਣ ਨੂੰ ਮਿਲੀ ਹੈ। ਇਸ ਵਿੱਚ ਸਭ ਤੋਂ ਵੱਧ ਚਰਚਾ ਭਾਰਤੀਆਂ ਨੂੰ ਹੱਥ ਕੜੀਆਂ ਲਾ ਕੇ ਲਿਆਉਣ ਉੱਤੇ ਹੋ ਰਹੀ ਹੈ। ਇਸ ਨੂੰ ਲੈ ਕੇ ਹੁਣ ਸੁਖਬੀਰ ਬਾਦਲ ਨੇ ਸਵਾਲ ਖੜ੍ਹੇ ਕੀਤੇ ਹਨ।



ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ,  ਜਿਸ ਤਰੀਕੇ ਭਾਰਤੀਆਂ ਨੂੰ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਹੱਥਕੜੀਆਂ ਲਗਾ ਕੇ ਡਿਪੋਰਟ ਕੀਤਾ ਗਿਆ ਹੈ, ਇਹ ਦੇਸ਼ ਦਾ ਅਪਮਾਨ ਹੈ । ਪ੍ਰਵਾਸੀ ਹਾਲਾਤਾਂ ਦੇ ਸ਼ਿਕਾਰ ਹਨ, ਕੋਈ ਅਪਰਾਧੀ ਨਹੀਂ । ਉਨ੍ਹਾਂ ਨਾਲ ਮਨੁੱਖੀ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ । ਮੈਂ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਇਸ ਮੁੱਦੇ ਨੂੰ ਅਮਰੀਕਾ ਦੀ ਸਰਕਾਰ ਕੋਲ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਭਾਰਤੀਆਂ ਨਾਲ ਇਸ ਤਰ੍ਹਾਂ ਦੁਰਵਿਵਹਾਰ ਨਾ ਕੀਤਾ ਜਾਵੇ । ਇਹ ਵੀ ਬਹੁਤ ਨਿੰਦਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਅਲੀ ਟ੍ਰੈਵਲ ਏਜੰਟਾਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ, ਜਿਨ੍ਹਾਂ ਨੇ ਸਾਡੇ ਉੱਦਮੀ ਪੰਜਾਬੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚਾ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਤਬਾਹ ਕਰਨ ਦੀ ਕੋਸ਼ਿਸ਼ ਕੀਤੀ । ਇਹ ਸਾਰੇ ਟ੍ਰੈਵਲ ਏਜੰਟਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਤੇ ਇਨ੍ਹਾਂ ਪੀੜਤ ਪ੍ਰਵਾਸੀਆਂ ਦੇ ਮਾਪਿਆਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ।






ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਜੋ ਅਮਰੀਕਾ ਨੇ ਕੀਤਾ, ਉਸਦਾ ਬੇਹੱਦ ਅਫ਼ਸੋਸ। ਅਮਰੀਕਾ ਦੁਆਰਾ ਹੱਥ ਕੜੀਆਂ ਤੇ ਬੇੜੀਆਂ ਲਾ ਕੇ ਸਾਡੇ ਨਾਗਰਿਕਾਂ ਨੂੰ ਭੇਜਣਾ ਸਾਡੇ ਦੇਸ਼ ਲਈ ਬਹੁਤ ਹੀ ਸ਼ਰਮ ਦੀ ਗੱਲ ਹੈ। ਮਾਨਸਿਕ ਅਤੇ ਆਰਥਿਕ ਤੌਰ 'ਤੇ ਟੁੱਟੇ ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਦੇ ਜ਼ਖ਼ਮਾਂ 'ਤੇ ਮੱਲ੍ਹਮ ਲਾਉਣ ਦੀ ਥਾਂ ਮੋਦੀ ਜੀ ਦੀ ਹਰਿਆਣਾ ਸਰਕਾਰ ਵਲੋਂ ਪੁਲਿਸ ਦੀਆਂ ਕੈਦੀਆਂ ਵਾਲੀਆਂ ਗੱਡੀਆਂ 'ਚ ਲੈ ਕੇ ਜਾਣਾ, ਜ਼ਖ਼ਮਾਂ ਉੱਤੇ ਲੂਣ ਲਾਉਣ ਦੇ ਬਰਾਬਰ ਹੈ।



ਦੱਸ ਦਈਏ ਕਿ ਬੁੱਧਵਾਰ (5 ਫਰਵਰੀ) ਦੁਪਹਿਰ ਨੂੰ, 104 ਭਾਰਤੀਆਂ ਨੂੰ ਇੱਕ ਅਮਰੀਕੀ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਾਰਿਆ ਗਿਆ। ਇਹ ਉਹ ਲੋਕ ਸਨ ਜੋ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ, ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ਉਨ੍ਹਾਂ ਦੀ ਨਵੀਂ ਨੀਤੀ ਕਾਰਨ ਇਨ੍ਹਾਂ ਲੋਕਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ। ਦਰਅਸਲ, ਟਰੰਪ ਸਰਕਾਰ ਅਮਰੀਕਾ ਵਿੱਚ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ਾਂ ਵਿੱਚ ਭੇਜ ਰਹੀ ਹੈ।