ਚੰਡੀਗੜ੍ਹ: ਪੰਜਾਬ ਸਰਕਾਰ ਡਰੱਗ ਸਮੱਗਲਿੰਗ ਵਿੱਚ ਸ਼ਾਮਲ ਪੁਲਿਸ ਅਫ਼ਸਰਾਂ ਨੂੰ ਵੀ ਨਹੀਂ ਬਖ਼ਸ਼ੇਗੀ। ਉਨ੍ਹਾਂ ਨੂੰ ਨੌਕਰੀ ਤੋਂ ਬਾਹਰ ਕੱਢ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਏਬੀਪੀ ਸਾਂਝਾ ਨੂੰ ਦੱਸਿਆ ਕਿ ਸਰਕਾਰ ਛੇਤੀ ਹੀ ਨਸ਼ੇ ਦੇ ਧੰਦੇ ਵਿੱਚ ਸ਼ਾਮਲ ਪੁਲਿਸ ਅਧਿਕਾਰੀਆਂ ਨੂੰ ਨੌਕਰੀ ਤੋਂ ਬਰਖ਼ਾਸਤ ਕਰੇਗੀ। ਬਾਜਵਾ ਨੇ ਨਸ਼ੇ ਕਾਰਨ ਬੀਤੇ ਮਹੀਨੇ ਵੱਡੀ ਗਿਣਤੀ ਵਿੱਚ ਹੋਈਆਂ ਮੌਤਾਂ ਤੋਂ ਬਾਅਦ ਸੱਦੀ ਹੰਗਾਮੀ ਕੈਬਨਿਟ ਮੀਟਿੰਗ ਤੋਂ ਬਾਅਦ ਏਬੀਪੀ ਸਾਂਝਾ ਨੂੰ ਜਾਣਕਾਰੀ ਦਿੰਦੇ ਕਈ ਵੱਡੇ ਦਾਅਵੇ ਕੀਤੇ।
ਉਨ੍ਹਾਂ ਇਹ ਵੀ ਕਿਹਾ ਕਿ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਵਿਰੁੱਧ ਧਾਰਾ 311 ਤਹਿਤ ਕਾਰਵਾਈ ਹੋ ਸਕਦੀ ਹੈ, ਅਗਲੇ ਦੋ ਚਾਰ ਦਿਨਾਂ ਵਿੱਚ ਪਤਾ ਲੱਗ ਜਾਵੇਗਾ। ਬਾਜਵਾ ਨੇ ਦਾਅਵਾ ਕੀਤਾ ਕਿ ਇਹੋ ਜਿਹੇ 20 ਰਾਜਜੀਤ ਪੰਜਾਬ ਪੁਲਿਸ ਵਿੱਚ ਹੋਣਗੇ, ਸਭ ਨੂੰ ਡਿਸਮਿਸ ਕੀਤਾ ਜਾਵੇਗਾ। ਮੰਤਰੀ ਨੇ ਕਿਹਾ ਕਿ ਜੇਕਰ ਡੀਜੀਪੀ ਪੱਧਰ ਦਾ ਵੀ ਕੋਈ ਅਧਿਕਾਰੀ ਹੋਵੇ ਉਸ ਵਿਰੁੱਧ ਕਾਰਵਾਈ ਕਰਨ ਤੋਂ ਝਿਜਕਿਆ ਨਹੀਂ ਜਾਵੇਗਾ।
ਬਾਜਵਾ ਨੇ ਕਿਹਾ ਕਿ ਨਸ਼ੇ ਦੇ ਸਮਗਲਰਾਂ ਨੂੰ ਫਾਂਸੀ ਦੀ ਸਜ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖਣਗੇ। ਉਨ੍ਹਾਂ ਕਿਹਾ ਕਿ ਸਾਡੀ ਕਿਸੇ ਨੂੰ ਕੋਈ ਸਿਆਸੀ ਸਰਪ੍ਰਸਤੀ ਨਹੀਂ। ਮੰਤਰੀ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਾਂਭਣ ਲਈ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਬੱਚਿਆਂ ਨੂੰ ਬਚਾਉਣਾ ਸਾਡਾ ਫਰਜ਼ ਹੈ ਤੇ ਅਸੀਂ ਲੋਕਾਂ ਤੋਂ ਸਹਿਯੋਗ ਮੰਗਦੇ ਹਾਂ।