ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਦੇ ਤਫਤੀਸ਼ ਵਿੱਚ ਸ਼ਾਮਲ ਹੁੰਦੇ ਹੀ ਵਿਸ਼ੇਸ਼ ਜਾਂਚ ਟੀਮ ਕੋਲ ਮਾਮਲੇ ਦਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਤਾਂ ਅਕਾਲੀ ਸਰਕਾਰ ਦੌਰਾਨ ਆਪਣੇ ਹੀ ਬਣਾਏ ਕਮਿਸ਼ਨ ਦੀ ਰਿਪੋਰਟ ਮੰਨਣ ਤੋਂ ਇਨਕਾਰ ਕਰ ਗਏ ਸੀ। ਹੁਣ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਸਵਾਲ ਕਰ ਰਹੇ ਹਨ।

ਬਾਜਵਾ ਨੇ ਦਾਅਵਾ ਕੀਤਾ ਕਿ ਐਸਆਈਟੀ ਜਾਂਚ ਵਿੱਚ ਸਾਰਾ ਕੁਝ ਸਾਫ਼ ਕਰ ਦੇਵੇਗੀ। ਉਸ ਤੋਂ ਬਾਅਦ ਅਕਾਲੀ ਦਲ ਦਾ ਪੰਜਾਬ ਵਿੱਚ ਵਜੂਦ ਖ਼ਤਮ ਹੋ ਜਾਵੇਗਾ। ਟਕਸਾਲੀ ਲੀਡਰਾਂ ਨੂੰ ਪਾਰਟੀ ਵਿੱਚੋਂ ਕੱਢਣ ਬਾਰੇ ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਸੁਖਬੀਰ ਅਕਾਲੀ ਦਲ਼ ਬਣ ਚੁੱਕਾ ਹੈ। ਪੁਰਾਣੇ ਲੀਡਰਾਂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਵਿਖਾਇਆ ਜਾ ਰਿਹਾ ਹੈ। ਇਸ ਤੋਂ ਸਪੱਸ਼ਟ ਹੁੰਦਾ ਨਜ਼ਰ ਆ ਰਿਹਾ ਹੈ ਕਿ ਅਕਾਲ਼ੀ ਦਲ ਦਾ ਅੰਤ ਨਜ਼ਦੀਕ ਹੈ।

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ 'ਤੇ ਰਾਜ ਸਰਕਾਰ ਵੱਲੋਂ ਲਾਏ ਜਾਣ ਵਾਲੇ ਟੈਕਸ ਬਾਰੇ ਬਾਜਵਾ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮਹਿਕਮਾ ਮਨਪ੍ਰੀਤ ਬਾਦਲ ਦਾ ਹੈ, ਉਹੀ ਟਿੱਪਣੀ ਕਰਨ ਤਾਂ ਜਾਇਜ਼ ਹੈ।