ਚੰਡੀਗੜ੍ਹ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸੇ ਵੇਲੇ ਸੈਣੀ ਦੇ ਖਾਸ-ਮ-ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਉਨ੍ਹਾਂ ਖਿਲਾਫ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਦੋਵਾਂ ਸਾਬਕਾ ਪੁਲਿਸ ਅਫਸਰਾਂ ਨੇ ਸੈਮੀ ਖਿਲਾਫ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ।
ਦੱਸ ਦਈਏ ਕਿ ਸੁਮੇਧ ਸੈਣੀ ਖਿਲਾਫ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦਾ ਕੇਸ ਚੱਲ ਰਿਹਾ ਹੈ। ਹੁਣ ਇਸ ਕੇਸ ਵਿੱਚ ਮੁਹਾਲੀ ਅਦਾਲਤ ਨੇ ਚੰਡੀਗੜ੍ਹ ਪੁਲਿਸ ਦੇ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਇਨ੍ਹਾਂ ਦੋਵਾਂ ਨੇ ਮੰਗਲਵਾਰ ਨੂੰ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਬਿਆਨ ਦਰਜ ਕਰਵਾਏ ਹਨ।
ਇਨ੍ਹਾਂ ਸਾਬਕਾ ਅਫ਼ਸਰਾਂ ਨੇ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐਸਐਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲਿਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ।
ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਾਉਣ ਲਈ ਵੱਖ-ਵੱਖ ਪੁਲਿਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲਿਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲਿਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ।
ਇਸ ਤਰ੍ਹਾਂ ਉਦੋਂ ਪੁਲਿਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਤੇ ਉਸ ਦੇ ਸਰੀਰ ’ਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲਿਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਆਖਰ ਉਸ ਨੇ ਦਮ ਤੋੜ ਦਿੱਤਾ।
ਇਸ ਤੋਂ ਪਹਿਲਾਂ ਵੀ ਇਸ ਕੇਸ ਵਿੱਚ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਹਾਈ ਕੋਰਟ ਦੀ ਸੀਨੀਅਰ ਮਹਿਲਾ ਵਕੀਲ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾਂ ਵਿੱਚ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲਿਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਸੀ ਤੇ ਉਹ ਚੱਲਣ ਫਿਰਨ ਤੋਂ ਵੀ ਲਾਚਾਰ ਸੀ।
ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਮੁਲਜ਼ਮਾਂ ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ, ਹਰ ਸਹਾਏ ਸ਼ਰਮਾ (69) ਵਾਸੀ ਸੈਕਟਰ-51 ਡੀ, ਜਗੀਰ ਸਿੰਘ (70) ਵਾਸੀ ਸੈਕਟਰ-51, ਅਨੋਖ ਸਿੰਘ (65) ਵਾਸੀ ਸੈਕਟਰ-21 ਤੇ ਕੁਲਦੀਪ ਸਿੰਘ ਸੰਧੂ (66) ਵਾਸੀ ਮਨੀਮਾਜਰਾ ਖ਼ਿਲਾਫ਼ ਮਟੌਰ ਥਾਣੇ ਵਿੱਚ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਸਪੀ ਬਲਦੇਵ ਸਿੰਘ ਸੈਣੀ ਤੇ ਇੰਸਪੈਕਟਰ ਸਤਵੀਰ ਸਿੰਘ ਦੀ ਮੌਤ ਹੋ ਚੁੱਕੀ ਹੈ।
Election Results 2024
(Source: ECI/ABP News/ABP Majha)
ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ, ਸਾਬਕਾ ਅਫਸਰ ਬਣੇ ਵਾਅਦਾ ਮੁਆਫ਼ ਗਵਾਹ
ਏਬੀਪੀ ਸਾਂਝਾ
Updated at:
19 Aug 2020 10:35 AM (IST)
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਕਿਸੇ ਵੇਲੇ ਸੈਣੀ ਦੇ ਖਾਸ-ਮ-ਖਾਸ ਰਹੇ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਤੇ ਕੁਲਦੀਪ ਸਿੰਘ ਸੰਧੂ ਉਨ੍ਹਾਂ ਖਿਲਾਫ ਵਾਅਦਾ ਮੁਆਫ਼ ਗਵਾਹ ਬਣ ਗਏ ਹਨ। ਦੋਵਾਂ ਸਾਬਕਾ ਪੁਲਿਸ ਅਫਸਰਾਂ ਨੇ ਸੈਮੀ ਖਿਲਾਫ ਆਪਣੇ ਬਿਆਨ ਵੀ ਦਰਜ ਕਰਵਾ ਦਿੱਤੇ ਹਨ।
ਫਾਇਲ ਫੋਟੋ: ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ
- - - - - - - - - Advertisement - - - - - - - - -