ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 'ਬਾਦਸ਼ਾਹ ਦਰਵੇਸ਼' ਕਹਿ ਕੇ ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਕਸੂਤੇ ਘਿਰ ਗਏ ਹਨ। ਸਿੱਖ ਸੰਗਤ ਵਿੱਚ ਉਨ੍ਹਾਂ ਖਿਲਾਫ ਰੋਸ ਹੈ ਤੇ ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਅਲੋਚਨਾ ਹੋ ਰਹੀ ਹੈ।


 

ਇਸ ਦੌਰਾਨ ਸਿਆਸੀ ਪਾਰਟੀਆਂ ਨੇ ਵੀ ਭੂੰਦੜ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਮੈਂਬਰ ਰਹੇ ਭਾਈ ਗੁਰਸੇਵ ਸਿੰਘ ਹਰਪਾਲਪੁਰ ਨੇ ਮੁਹਾਲੀ ਦੇ ਸੋਹਾਣਾ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਸ਼ਿਕਾਇਤ ਦੀ ਕਾਪੀ ਪੰਜਾਬ ਦੇ ਡੀਜੀਪੀ ਤੇ ਗ੍ਰਹਿ ਵਿਭਾਗ ਦੇ ਸਕੱਤਰ ਨੂੰ ਵੀ ਭੇਜੀ ਹੈ।

ਇਸ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਨੇ ਕਿਹਾ ਕਿ ਭੂੰਦੜ ਨੇ ਅਜਿਹਾ ਕਹਿ ਕੇ ਬਾਦਲ ਨੂੰ ਗੁਰੂ ਸਾਹਿਬ ਦੇ ਬਰਾਬਰ ਮੇਲਣ ਦੀ ਕੋਸ਼ਿਸ਼ ਕੀਤੀ ਹੈ। ਮੋਫਰ ਨੇ ਇਲਜ਼ਾਮ ਲਾਇਆ ਕਿ ਸਿਆਸੀ ਨੇਤਾਵਾਂ ਨੂੰ ਆਪਣੇ ਆਗੂਆਂ ਦੀ ਗੁਰੂਆਂ ਨਾਲ ਤੁਲਨਾ ਤੇ ਵਡਿਆਈ ਕਰਨੀ ਹਰ ਪੱਖੋ ਮਾੜੀ ਹੈ।

ਉਨ੍ਹਾਂ ਕਿਹਾ ਕਿ ਸੀਨੀਅਰ ਆਗੂ ਨੂੰ ਅਜਿਹਾ ਕਰਨ ਲਈ ਆਪਣਾ ਪੱਖ ਸਪੱਸ਼ਟ ਕਰਨਾ ਚਾਹੀਦਾ ਹੈ ਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਅਕਾਲ ਤਖਤ ਦੇ ਜਥੇਦਾਰ ਵੱਲੋਂ ਉਨ੍ਹਾਂ ਨੂੰ ਤੁਰੰਤ ਤਲਬ ਕਰਕੇ ਪੂਰੇ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇ। ਰਾਜ ਸਭਾ ਮੈਂਬਰ ਵੱਲੋਂ ਸਾਬਕਾ ਮੁੱਖ ਮੰਤਰੀ ਬਾਰੇ ਫਿਰੋਜ਼ਪੁਰ ਰੈਲੀ ਦੌਰਾਨ ਕੀਤੀ ਗਈ ਟਿੱਪਣੀ ਦੀ ਸੋਸ਼ਲ ਮੀਡੀਆ ’ਤੇ ਪੂਰੀ ਚਰਚਾ ਹੈ।