Sangrur: ਪੰਜਾਬ ਦੇ ਟਰੱਕ ਆਪ੍ਰੇਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਵਿਰੱਧ ਮੋਰਚਾ ਖੋਲ੍ਹ ਦਿੱਤਾ ਹੈ ਜਿਸ ਤਹਿਤ ਉਨ੍ਹਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਨੇੜੇ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਹਾਲਾਂਕਿ ਅੱਜ ਤੜਕਸਾਰ ਤੋਂ ਪੰਜਾਬ ਵਿੱਚ ਸੰਘਣੀ ਧੁੰਦ ਪੈ ਰਹੀ ਹੈ ਤੇ ਇਸ ਦੌਰਾਨ ਤਾਪਮਾਨ ਵੀ ਬਹੁਤ ਘੱਟ ਹੈ ਪਰ ਇਸ ਦੇ ਬਾਵਜੂਦ ਟਰੱਕ ਅਪ੍ਰੇਟਰ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਰੂਰ ਪੁੱਜੇ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰ ਰਹੀ ਹੈ ਜਿਸ ਕਰਕੇ ਉਹ ਧਰਨੇ ਲਾਉਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਕੈਬਨਿਟ ਅਤੇ ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਖੇ ਉਨ੍ਹਾਂ ਨਾਲ ਮੀਟਿੰਗ ਹੋਈ ਸੀ, ਜਿੱਥੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਾਡੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ, ਪਰ ਹੁਣ ਪੰਜਾਬ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਤੋਂ ਟਰੱਕ ਯੂਨੀਅਨ ਬਹਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਟਰੱਕ ਯੂਨੀਅਨ ਭੰਗ ਕਰਕੇ ਟਰਾਂਸਪੋਰਟ ਪ੍ਰਾਈਵੇਟ ਹੱਥਾਂ 'ਚ ਦਿੱਤੀ ਜਾ ਰਹੀ ਹੈ ਜਿਸ ਨਾਲ ਯੂਨੀਅਨ ਵਿੱਚ ਗੋਰਖਧੰਦਾ ਹੋਵੇਗਾ।
ਇਸ ਦੌਰਾਨ ਸਰਕਾਰਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹੇ ਸਮੇਂ ਤੱਕ ਧਰਨਾ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਪੰਜਾਬ ਵਿੱਚ ਲੱਖਾਂ ਟਰੱਕ ਹਨ ਅਤੇ ਸਾਰਿਆਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੰਜਾਬ ਵਿੱਚ ਕੰਮ ਕਰਨ ਦਿੱਤਾ ਜਾਵੇ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਤੇ ਗੌਰ ਨਹੀਂ ਕਰਦੀ ਤਾਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਟਰੱਕ ਅਪ੍ਰੇਟਰਾਂ ਨੇ ਕਿਹਾ ਕਿ ਅਸੀਂ ਪਿਛਲੀ ਸਰਕਾਰ ਦੇ ਸਮੇਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਆ ਰਹੇ ਹਾਂ। ਉਨ੍ਹਾਂ ਨੂੰ ਆਸ ਸੀ ਕਿ ਜੇ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਜਾਂਦੀ ਹੈ ਤਾਂ ਸਾਡੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਾਡੇ ਟਰੱਕ ਅਪਰੇਟਰਾਂ ਅਤੇ ਡਰਾਈਵਰਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਵੋਟ ਪਾਈ ਹੈ ਤਾਂ ਕਿ ਸਰਕਾਰ ਬਣਨ ਤੋਂ ਬਾਅਦ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਅੱਜ ਤੱਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ।