SGPC Meeting: ਤਿੰਨ ਤਖਤਾਂ ਦੇ ਜਥੇਦਾਰਾਂ ਨੂੰ ਹਟਾਉਣ ਤੇ ਨਵੇਂ ਜਥੇਦਾਰਾਂ ਦੀ ਨਿਯਕਤੀ ਨੂੰ ਲੈ ਕੇ ਪੰਥਕ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਖਿਲਾਫ ਡਟੀਆਂ ਅਹਮ ਸ਼ਖਤਸੀਅਤਾਂ ਤੇ ਜਥੇਬੰਦੀਆਂ ਤਾਬੜਤੋੜ ਹਮਲਾ ਬੋਲ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦਾ ਬਾਗੀ ਧੜਾ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਿੱਧਾ ਸੰਗਤਾਂ ਅੰਦਰ ਜਾ ਕੇ ਲਾਮਬੰਦੀ ਕਰ ਰਿਹਾ ਹੈ। ਅਜਿਹੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੀ ਐਕਸ਼ਨ ਮੋਡਰ ਵਿੱਚ ਆ ਗਈ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰਾਂ ਦੀ ਤਬਦੀਲੀ ਮਗਰੋਂ ਅੱਜ ਕਈ ਅਧਿਕਾਰੀਆਂ ਤੇ ਮੁਲਾਜ਼ਮਾਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਗਲੀ ਰਣਨੀਤੀ ਘੜਨ ਲਈ ਐਸਜੀਪੀਸੀ ਦੀ ਕਾਰਜਕਾਰੀ ਕਮੇਟੀ ਦੀ ਅਗਲੀ ਮੀਟਿੰਗ 17 ਮਾਰਚ ਨੂੰ ਚੰਡੀਗੜ੍ਹ ਵਿੱਚ ਬੁਲਾ ਲਈ ਹੈ। ਚਰਚਾ ਹੈ ਕਿ ਮੀਟਿੰਗ ਵਿੱਚ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ 'ਤੇ ਫੈਸਲਾ ਵੀ ਲਿਆ ਜਾ ਸਕਦਾ ਹੈ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਨੇ ਮੀਟਿੰਗ ਦੇ ਏਜੰਡੇ ਦਾ ਖੁਲਾਸਾ ਨਹੀਂ ਕੀਤਾ ਪਰ ਸੰਕੇਤ ਦਿੱਤਾ ਕਿ ਕਮੇਟੀ ਨਾਲ ਸਬੰਧਤ ਮਾਮਲਿਆਂ 'ਤੇ ਚਰਚਾ ਕੀਤੀ ਜਾਵੇਗੀ। ਖਾਸ ਗੱਲ ਇਹ ਹੈ ਕਿ ਇਸ ਵਾਰ ਮੀਟਿੰਗ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ਵਿੱਚ ਕੀਤੀ ਗਈ ਹੈ। ਇਸ ਲਈ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਮੀਟਿੰਗ ਵਿੱਚ ਜਥੇਦਾਰਾਂ ਨੂੰ ਹਟਾਉਣ ਤੇ ਨਵੇਂ ਜਥੇਦਾਰਾਂ ਦੀ ਨਿਯਕਤੀ ਕਰਕੇ ਸੰਗਤਾਂ ਵਿੱਚ ਪੈਦਾ ਹੋਏ ਰੋਸ ਬਾਰੇ ਚਰਚਾ ਕੀਤੀ ਜਾਏਗੀ।
ਇਹ ਵੀ ਪਤਾ ਲੱਗਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਾਰੇ ਵੀ ਕੋਈ ਫੈਸਲਾ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਚਾਰ ਵਾਰ ਪ੍ਰਧਾਨ ਰਹੇ ਹਰਜਿੰਦਰ ਸਿੰਘ ਧਾਮੀ ਨੇ ਲਗਪਗ ਇੱਕ ਮਹੀਨਾ ਪਹਿਲਾਂ ਨੈਤਿਕ ਆਧਾਰ 'ਤੇ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਸੀ। ਇਹ ਕਦਮ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸੋਸ਼ਲ ਮੀਡੀਆ 'ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਉਣ ਦੇ ਤਰੀਕੇ ਦੀ ਆਲੋਚਨਾ ਕਰਨ ਤੋਂ ਬਾਅਦ ਲਿਆ ਗਿਆ ਸੀ।
ਅਸਤੀਫ਼ਾ ਦੇਣ ਤੋਂ ਬਾਅਦ ਪ੍ਰਧਾਨ ਧਾਮੀ ਨੂੰ ਮਨਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸੀ ਪਰ ਉਨ੍ਹਾਂ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਪ੍ਰਧਾਨ ਦੇ ਅਹੁਦੇ ਤੋਂ ਇਸ ਅਸਤੀਫ਼ੇ ਤੋਂ ਇਲਾਵਾ ਉਨ੍ਹਾਂ ਨੇ 7 ਮੈਂਬਰੀ ਕਮੇਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਅਕਾਲੀ ਦਲ ਦੇ ਪੁਨਰਗਠਨ ਲਈ ਬਣਾਈ ਗਈ ਸੀ। ਜੇਕਰ ਧਾਮੀ ਆਪਣੇ ਸਟੈਂਡ ਉਪਰ ਦ੍ਰਿੜ੍ਹ ਰਹਿੰਦੇ ਹਨ ਤਾਂ ਸ਼੍ਰੋਮਣੀ ਕਮੇਟੀ ਦੇ ਅਗਲੇ ਪ੍ਰਧਾਨ ਬਾਰੇ ਵੀ ਚਰਚਾ ਹੋ ਸਕਦੀ ਹੈ।