ਚੰਡੀਗੜ੍ਹ: ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਿਦੇਸ਼ੀ ਅਧਾਰਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰਦੇ ਹੋਏ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਸੋਮਵਾਰ ਨੂੰ ਭਗੌੜੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ।


ਫੜੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਰਾਘਵ ਦੋਵੇਂ ਵਾਸੀ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 44 ਜਿੰਦਾ ਰੌਂਦ ਸਮੇਤ ਵਿਦੇਸ਼ੀ ਐਮਪੀ-5 ਬੰਦੂਕ ਵੀ ਬਰਾਮਦ ਕੀਤੀ ਹੈ।ਵੇਰਵਿਆਂ ਦਾ ਖੁਲਾਸਾ ਕਰਦੇ ਹੋਏ, ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਦੀ ਇੱਕ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੂੰ ਮੋਗਾ ਪੁਲਿਸ ਨੇ ਜਨਵਰੀ 2022 ਵਿੱਚ ਗ੍ਰਨੇਡਾਂ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ।ਡੀਜੀਪੀ ਨੇ ਕਿਹਾ ਕਿ ਗੋਪੀ ਦੀ ਗ੍ਰਿਫਤਾਰੀ ਤੋਂ ਬਾਅਦ, ਅਰਸ਼ ਡੱਲਾ ਨੇ ਐਨਕ੍ਰਿਪਟਡ ਐਪਸ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਬਣਾਇਆ ਅਤੇ ਉਸਨੂੰ ਉਸਦੇ ਲਈ ਕੰਮ ਕਰਨ ਲਈ ਪ੍ਰੇਰਿਤ ਕੀਤਾ, ਜਦਕਿ ਅਰਸ਼ ਡੱਲਾ ਨੇ ਘੱਟੋ ਘੱਟ ਦੋ ਮੌਕਿਆਂ 'ਤੇ ਹਰਸ਼ ਕੁਮਾਰ ਨੂੰ ਫੰਡ ਵੀ ਭੇਜੇ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ।


ਮੋਗਾ ਦਾ ਵਸਨੀਕ ਅਤੇ ਹੁਣ ਕਨੇਡਾ ਵਿੱਚ ਸਥਿਤ, ਅਰਸ਼ ਡੱਲਾ ਇੱਕ ਬਹੁਤ ਐਕਟਿਵ ਗੈਂਗਸਟਰ ਤੋਂ ਅੱਤਵਾਦੀ ਬਣਿਆ ਹੈ ਅਤੇ ਪਿਛਲੇ ਸਮੇਂ ਵਿੱਚ ਕਈ ਗੈਂਗਸਟਰ ਅਤੇ ਅੱਤਵਾਦ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਪੰਜਾਬ ਪੁਲਿਸ ਨੇ ਪਹਿਲਾਂ ਹੀ ਅਰਸ਼ ਡੱਲਾ ਦੇ ਸਹਿਯੋਗੀ ਕਈ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਉਸਦੇ ਨਜ਼ਦੀਕੀ ਸਾਥੀਆਂ ਦੀ ਗ੍ਰਿਫਤਾਰੀ ਅਤੇ ਆਈਈਡੀ, ਹੈਂਡ-ਗ੍ਰੇਨੇਡ ਅਤੇ ਹੋਰ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਉਸ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਵੱਲੋਂ ਢੁੱਕਵੇਂ ਪੱਧਰ 'ਤੇ ਸਖ਼ਤ ਯਤਨ ਕੀਤੇ ਜਾ ਰਹੇ ਹਨ।