Punjab News: ਬਠਿੰਡਾ ਵਿੱਚ ਅਧਿਕਾਰੀ ਤੋਂ ਜ਼ਬਰਨ ਪਰਾਲੀ ਜਲਵਾਉਣ ਵਾਲੇ ਦੋ ਕਿਸਾਨ ਗ੍ਰਿਫਤਾਰ, ਸੱਤ ਦੀ ਤਲਾਸ਼ ਵਿੱਚ ਜੁਟੀ ਪੁਲਿਸ
Bathinda : ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਥਾਣਾ ਨੇਹੀਆਂਵਾਲਾ ਪੁਲਿਸ ਨੇ 9 ਕਿਸਾਨਾਂ ਦੀ ਪਛਾਣ ਕਰਕੇ ਉਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
Stubble Burning : ਬਠਿੰਡਾ ਦੇ ਪਿੰਡ ਬੁਰਜ ਮਹਿਮਾ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਕਿਸਾਨਾਂ ਵੱਲੋਂ ਇੱਕ ਅਧਿਕਾਰੀ ਨੂੰ ਬੰਧਕ ਬਣਾ ਕੇ ਪਰਾਲੀ ਸਾੜਨ ਲਈ ਮਜਬੂਰ ਕਰਨ ਦੇ ਮਾਮਲੇ ਵਿੱਚ ਨਾਮਜ਼ਦ 9 ਵਿਅਕਤੀਆਂ ਵਿੱਚੋਂ ਸੁਰਜੀਤ ਸਿੰਘ ਅਤੇ ਸ਼ਿਵਰਾਜ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਥਾਣਾ ਨੇਹੀਆਂਵਾਲਾ ਦੀ ਇੰਸਪੈਕਟਰ ਕਰਮਜੀਤ ਕੌਰ ਨੇ ਕੀਤੀ ਹੈ। ਉਹਨਾਂ ਦੱਸਿਆ ਕਿ ਬਾਕੀ ਸੱਤ ਕਿਸਾਨਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਉਧਰ ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਨਾਮਜ਼ਦ ਕੀਤੇ ਗਏ ਸਾਰੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਕਿਸਾਨਾਂ ਨੇ ਸਰਕਾਰੀ ਅਧਿਕਾਰੀ ਤੋਂ ਜ਼ਬਰਨ ਜਲਵਾਈ ਸੀ ਪਰਾਲੀ
ਦੱਸਣਯੋਗ ਹੈ ਕਿ 3 ਨਵੰਬਰ ਨੂੰ ਲੋਕ ਨਿਰਮਾਣ ਵਿਭਾਗ ਦੇ ਐਸਡੀਓ ਆਪਣੇ ਸਾਥੀਆਂ ਸਮੇਤ ਪਿੰਡ ਬੁਰਜ ਮਹਿਮਾ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਜਾਗਰੂਕ ਕਰਨ ਪਹੁੰਚੇ ਸਨ। ਉੱਥੇ ਮੌਜੂਦ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਜੁੜੇ ਕਿਸਾਨਾਂ ਨੇ ਸਰਕਾਰੀ ਅਧਿਕਾਰੀ ਤੋਂ ਜ਼ਬਰਨ ਪਰਾਲੀ ਜਲਵਾਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਪੁਲਿਸ ਨੇ ਮਾਮਲੇ ਦੀ ਕੀਤੀ ਜਾਂਚ
ਮਾਮਲੇ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਥਾਣਾ ਨੇਹੀਆਂਵਾਲਾ ਪੁਲਿਸ ਨੇ 9 ਕਿਸਾਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।
ਧੱਕੇਸ਼ਾਹੀ ਨੂੰ ਕਦੇ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਮੰਗਲਵਾਰ ਨੂੰ ਨੇਹੀਆਂਵਾਲਾ ਥਾਣਾ ਪੁਲਿਸ ਨਾਮੀ ਕਿਸਾਨਾਂ ਦੇ ਘਰ ਪਹੁੰਚੀ। ਇਸ ਦੌਰਾਨ ਦੋ ਕਿਸਾਨ ਸੁਰਜੀਤ ਸਿੰਘ ਅਤੇ ਸ਼ਿਵਰਾਜ ਸਿੰਘ ਮਿਲੇ। ਜਦਕਿ ਬਾਕੀ ਸੱਤ ਕਿਸਾਨ ਗੁਰਮੀਤ ਸਿੰਘ, ਦਾਰਾ ਸਿੰਘ, ਰਾਮ ਸਿੰਘ, ਹਰਸ਼ਦੀਪ ਸਿੰਘ, ਬਚਿੱਤਰ ਸਿੰਘ, ਪਿੰਡ ਨੇਹੀਆਂਵਾਲਾ ਬਲਜੀਤ ਸਿੰਘ ਅਤੇ ਮਹਿੰਦਰ ਸਿੰਘ ਫਰਾਰ ਹੋ ਗਏ। ਐਸਐਸਪੀ ਗੁਲਨੀਤ ਸਿੰਘ ਖੁਰਾਣਾ ਦਾ ਕਹਿਣਾ ਹੈ ਕਿ ਸਾਰੇ ਕਿਸਾਨਾਂ ਖ਼ਿਲਾਫ਼ ਨੇਹੀਆਂਵਾਲਾ ਥਾਣੇ ਵਿੱਚ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਡੀਸੀ ਸ਼ੌਕਤ ਅਹਿਮਦ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਅਜਿਹੀ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।