ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਅਤੇ ਜਲਾਲਾਬਾਦ ਅਦਾਲਤ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਜਲਾਲਾਬਾਦ ਅਦਾਲਤ ਵਿੱਚ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਪੇਸ਼ ਕਰੇਗੀ। ਦੂਜੇ ਪਾਸੇ ਚਡੀਗੜ੍ਹ ਵਿੱਚ ਹਾਈ ਕੋਰਟ ਅੰਦਰ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰ ਖਿਲਾਫ਼ ਜੋ ਪਟੀਸ਼ਨ ਦਾਇਰ ਕੀਤੀ ਹੈ ਇਸ ਮਾਮਲੇ ਵਿੱਚ ਸੁਣਵਾਈ ਹੋਵੇਗੀ। 



ਦਰਅਸਲ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਫਾਜ਼ਿਲਕਾ ਦੀ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਪਾਟਿਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਸੁਖਪਾਲ ਸਿੰਘ ਖਾਹਿਰਾ ਦਾ ਰਿਮਾਂਡ ਮੰਗਿਆ ਸੀ ਜੋ ਜਲਾਲਾਬਾਦ ਕੋਰਟ ਦੁਆਰਾ ਨਹੀਂ ਦਿੱਤਾ ਗਿਆ। ਜਿਸ ਨੂੰ ਲੈ ਕੇ ਅੱਜ ਸੁਣਵਾਈ ਹੋਈ ਤੇ ਅਦਾਲਤ ਨੇ ਫਿਰ ਤੋਂ ਜਲਾਲਾਬਾਦ ਕੋਰਟ ਦਾ ਰੁਖ਼ ਕਰਨ ਦਾ ਹੁਕਮ ਦਿੱਤਾ ਹੈ। ਜਿਸ ਦੇ ਤਹਿਤ ਅੱਜ ਸੁਖਪਾਲ ਖਾਹਿਰ ਨੂੰ ਨਾਭਾ ਜੇਲ੍ਹ ਤੋਂ ਲਿਆ ਕੇ ਜਲਾਲਾਬਾਦ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। 



ਓਧਰ ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਹੈ। ਪਿਛਲੇ ਵੀਰਵਾਰ ਨੂੰ ਜਸਟਿਸ ਵਿਕਾਸ ਬਹਿਲ ਨੇ ਨਿੱਜੀ ਕਾਰਨਾਂ ਕਰਕੇ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪਟੀਸ਼ਨ ਨੂੰ ਚੀਫ਼ ਜਸਟਿਸ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਜਸਟਿਸ ਅਨੂਪ ਚਿਤਕਾਰਾ ਨੇ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਅੱਜ ਆਪਣਾ ਜਵਾਬ ਦਰਜ ਕਰਨ ਦੇ ਹੁਕਮ ਦਿੱਤੇ ਹਨ।



ਸੁਖਪਾਲ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਆਪਣੀ ਪਟੀਸ਼ਨ 'ਚ ਖਹਿਰਾ ਨੇ ਕਿਹਾ ਹੈ ਕਿ ਇਸ ਮਾਮਲੇ 'ਚ ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੋਈ ਹੈ, ਫਿਰ ਵੀ ਉਨ੍ਹਾਂ ਨੂੰ ਇਸ ਮਾਮਲੇ 'ਚ ਗ੍ਰਿਫਤਾਰ ਕਰਨਾ ਨਾ ਸਿਰਫ ਗਲਤ ਹੈ ਸਗੋਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਵੀ ਹੈ।



ਸੁਖਪਾਲ ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਸੁਖਪਾਲ ਖਹਿਰਾ ਦੇ ਖਿਲਾਫ ਸੰਮਨ ਦੇ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।