ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਟਕਸਾਲੀ ਲੀਡਰਾਂ ਨੇ ਅੱਜ ਲੁਧਿਆਣਾ ਦੇ ਗੁਰਦੁਆਰਾ ਸਾਹਿਬ ਵਿਖੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਦਾ ਨਾਂ ਵੀ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਗਿਆ ਹੈ। ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੂੰ ਪਾਰਟੀ ਦਾ ਪ੍ਰਧਾਨ ਐਲਾਨਿਆ ਗਿਆ ਹੈ।

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਤੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਕਿ ਲੋੜ ਪੈਣ 'ਤੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਨੂੰ ਲੈ ਕੇ ਕਾਨੂੰਨੀ ਲੜਾਈ ਵੀ ਲੜਨ ਨੂੰ ਤਿਆਰ ਹਨ। ਜੇਕਰ ਰਜਿਸਟ੍ਰੇਸ਼ਨ ਕਰਵਾਉਣ ਲਈ ਫਿਰ ਵੀ ਅੜਚਨ ਆਈ ਤਾਂ ਪਾਰਟੀ ਦੇ ਨਾਲ ਡੈਮੋਕ੍ਰੇਟਿਕ ਲਾਇਆ ਜਾਵੇਗਾ। ਇਸ ਦੌਰਾਨ ਸੇਵਾ ਸਿੰਘ ਸੇਖਵਾਂ, ਸੁਖਦੇਵ ਸਿੰਘ ਢੀਂਡਸਾ, ਪਰਮਿੰਦਰ ਸਿੰਘ ਢੀਂਡਸਾ, ਮਨਜੀਤ ਸਿੰਘ ਜੀਕੇ, ਬਲਵੰਤ ਸਿੰਘ ਰਾਮੂਵਾਲੀਆ, ਬੀਰਦਵਿੰਦਰ ਸਿੰਘ ਮੌਜੂਦ ਰਹੇ। ਇਸ ਮੌਕੇ ਰਣਜੀਤ ਸਿੰਘ ਬ੍ਰਹਮਪੁਰਾ ਸ਼ਾਮਲ ਨਹੀਂ ਹੋਏ।



ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਰਵਾਇਤੀ ਨੀਤੀਆਂ ਤੋਂ ਰਾਹ ਭਟਕ ਗਈ ਹੈ। ਆਪਣੇ ਲੀਡਰਾਂ ਦਾ ਸਨਮਾਨ ਨਹੀਂ ਕੀਤਾ ਜਾ ਰਿਹਾ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਇਹ ਪਾਰਟੀ ਬਣਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਦਾ ਨਾਂ ਇਸ ਕਰਕੇ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਗਿਆ ਹੈ ਕਿਉਂਕਿ ਅਸਲੀ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ ਹੀ ਪਾਰਟੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਧਾਨ ਸਭਾ ਤੇ ਐਸਜੀਪੀਸੀ ਚੋਣਾਂ ਦੋਵਾਂ 'ਚ ਪਾਰਟੀ ਹਿੱਸਾ ਲਵੇਗੀ। ਇਸ ਦੇ ਨਾਲ ਹੀ ਢੀਂਡਸਾ ਨੇ ਕਿਹਾ ਕਿ ਸਾਡੀ ਪਾਰਟੀ ਵਿੱਚ ਕਿਸੇ ਤਰ੍ਹਾਂ ਦਾ ਕੋਈ ਪਰਿਵਾਰਵਾਦ ਨਹੀਂ ਹੈ।



ਉਨ੍ਹਾਂ ਕਿਹਾ ਕਿ ਫਿਲਹਾਲ ਤਾਂ ਪੰਜਾਬ ਭਰ ਵਿੱਚ ਪਾਰਟੀ ਦਾ ਵਿਸਥਾਰ ਕੀਤਾ ਜਾਣਾ ਹੈ। ਹਾਲੇ ਤਾਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ। ਪਾਰਟੀ ਪ੍ਰਧਾਨ ਦਾ ਐਲਾਨ ਪਰਮਜੀਤ ਕੌਰ ਗੁਲਸ਼ਨ ਸਾਬਕਾ ਮੈਂਬਰ ਪਾਰਲੀਮੈਂਟ ਵੱਲੋਂ ਕੀਤਾ ਗਿਆ। ਫਿਰ ਸਾਰਿਆਂ ਨੇ ਇਸ ਨਾਂ 'ਤੇ ਆਪਣੀ ਸਹਿਮਤੀ ਜਤਾਈ।

ਉਧਰ, ਦੂਜੇ ਪਾਸੇ ਪਾਰਟੀ ਨੂੰ ਆਪਣੀ ਹਮਾਇਤ ਦੇਣ ਪਹੁੰਚੇ ਬਲਵੰਤ ਸਿੰਘ ਰਾਮੂਵਾਲੀਆਂ ਨੇ ਕਿਹਾ ਕਿ ਉਹ ਫਿਲਹਾਲ ਪਾਰਟੀ 'ਚ ਸ਼ਾਮਲ ਨਹੀਂ ਹੋਏ ਪਰ ਪਾਰਟੀ ਨੂੰ ਉਨ੍ਹਾਂ ਵੱਲੋਂ ਆਪਣਾ ਸਮਰਥਨ ਦਿੱਤਾ ਗਿਆ ਹੈ ਕਿਉਂਕਿ ਬਾਦਲਾਂ ਵੱਲੋਂ ਲੁੱਟ-ਖਸੁੱਟ ਕੀਤੀ ਜਾ ਰਹੀ ਸੀ ਜਿਸ ਕਰਕੇ ਅੱਜ ਪਾਰਟੀ ਦਾ ਗਠਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:ਸੌਂਗੀ ਤੇ ਸ਼ਹਿਦ ਦੇ ਇਹ ਫਾਇਦੇ ਕਰ ਦੇਣਗੇ ਹੈਰਾਨ, ਪੁਰਸ਼ਾਂ ਲਈ ਬੇਹੱਦ ਲਾਭਕਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ