Sikh News: ਉੱਤਰਾਖੰਡ ਦੇ ਰਿਸ਼ੀਕੇਸ਼ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਭੀੜ ਵੱਲੋਂ ਇੱਕ ਸ਼ੋਅਰੂਮ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ ਤੇ ਇਸ ਦੇ ਸਿੱਖ ਮਾਲਕ ਦੋ ਭਰਾਵਾਂ ਦੀ ਕੁੱਟਮਾਰ ਕੀਤੀ ਜਾਂਦੀ ਹੈ ਤੇ ਉਨ੍ਹਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਭੀੜ ਦੇ ਖ਼ਿਲਾਫ਼ ਪੰਜਾਬ ਵਿੱਚੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਸਰਵਹਰਾ ਨਗਰ ਵਿੱਚ ਇੱਕ ਬਾਈਕ ਸ਼ੋਅਰੂਮ ਦੇ ਮਾਲਕ ਅਤੇ ਕੌਂਸਲਰ ਵਿਚਕਾਰ ਪਾਰਕਿੰਗ ਨੂੰ ਲੈ ਕੇ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਧਿਰਾਂ ਵਿਚਕਾਰ ਜ਼ਬਰਦਸਤ ਲੜਾਈ ਹੋ ਗਈ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਮੌਕੇ ਭੀੜ ਨੇ ਬਾਈਕ ਸ਼ੋਅਰੂਮ 'ਤੇ ਪੱਥਰਬਾਜ਼ੀ ਕੀਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਨੂੰ ਸ਼ਾਂਤ ਕੀਤਾ। ਇਸ ਤੋਂ ਬਾਅਦ ਦੋਵੇਂ ਧਿਰਾਂ ਥਾਣੇ ਪਹੁੰਚ ਗਈਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਸੀਂ ਰਿਸ਼ੀਕੇਸ਼ ਵਿੱਚ ਦੋ ਸਿੱਖ ਕਾਰੋਬਾਰੀਆਂ 'ਤੇ ਹੋਏ ਭੀੜ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਾਂ। ਅਸੀਂ ਉੱਤਰਾਖੰਡ ਸਰਕਾਰ ਨੂੰ ਸਾਰੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਅਪੀਲ ਕਰਦੇ ਹਾਂ। ਸਰਕਾਰਾਂ ਨੂੰ ਦੇਸ਼ ਭਰ ਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ।

ਇਸ ਤੋਂ ਬਾਅਦ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ ਕੀਤਾ ਗਿਆ, ਉਨ੍ਹਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਉਤਰਾਖੰਡ ਸਰਕਾਰ ਨੂੰ ਕਾਨੂੰਨ ਅਨੁਸਾਰ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਦੇਸ਼ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਉਤਰਾਖੰਡ ਵਿਚ ਸਿੱਖ ਭਰਾਵਾਂ ਦੀ ਕੀਤੀ ਕੁੱਟਮਾਰ ਦੀ ਘਟਨਾ ਦੀ ਨਿੰਦਿਆਂ ਕਰਦਿਆਂ ਕਿਹਾ ਕਿ ਇਸ ਵੀਡੀਓ ਵਿਚ ਸਿੱਖ ਭਰਾਵਾਂ ’ਤੇ ਹਮਲਾ ਕਰਨਾ ਤੇ ਦਸਤਾਰ ਲਾਹੁਣਾ ਬਹੁਤ ਮੰਦਭਾਗਾ ਹੈ।  ਉੱਤਰਾਖੰਡ ਦੇ ਗਵਰਨਰ ਜੋ ਕਿ ਖੁ਼ਦ ਸਿੱਖ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ। ਇਹ ਕੋਈ ਦੋ ਵਿਅਕਤੀਆਂ ਤੇ ਪਾਰਕਿੰਗ ਦਾ ਮਸਲਾ ਦਿਖਾਈ ਨਹੀਂ ਦੇ ਰਿਹਾ। ਇੰਨਾ ਹਜ਼ੂਮ ਇਕੱਠਾ ਹੋ ਕੇ ਸਿੱਖਾਂ ਨਾਲ ਜੋ ਕਰ ਰਿਹਾ ਉਹ ਇੱਕ ਵੱਖਰਾ ਸੰਕੇਤ ਦੇ ਰਿਹਾ ਹੈ। ਉਤਰਾਖੰਡ ਦੀ ਭਾਜਪਾ ਸਰਕਾਰ ਇਹ ਸੁਨਿਸਚਿਤ ਕਰੇ ਕਿ ਸੂਬੇ ਵਿਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿਚ ਦੇਖਿਆ ਗਿਆ ਕਿ ਉਥੇ ਛੁਡਾਉਣ ਵਾਲਾ ਕੋਈ ਨਹੀਂ ਸੀ ਪੁਲਿਸ ਵੀ ਮੂਕ ਦਰਸ਼ਕ ਬਣੀ ਹੋਈ ਸੀ।  ਇਸ ਘਟਨਾ ਨੇ ਸਾਬਤ ਕਰ ਦਿੱਤਾ ਕਿ ਦੇਸ਼ ਵਿਚ ਸਿੱਖਾਂ ਪ੍ਰਤੀ ਨਫ਼ਰਤ ਦਾ ਦੌਰ ਚੱਲ ਰਿਹਾ ਹੈ।