ਤਰਨਤਾਰਨ :  ਪੰਜਾਬ 'ਚ ਅਜ਼ਾਦੀ ਦਿਵਸ ਤੋਂ ਪਹਿਲਾਂ ਇੱਕ ਵੱਡੀ ਸਾਜਿਸ਼ ਦਾ ਪਰਦਾਫਾਸ਼ ਹੋਇਆ ਹੈ। ਤਰਨਤਾਰਨ ਦੇ ਥਾਣਾ ਵੈਰੋਵਾਲ ਇਲਾਕੇ ਤੋਂ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਦੇ ਕਬਜ਼ੇ 'ਚੋਂ ਅਸਲਾ, ਪਿਸਤੌਲ ਅਤੇ ਹੈਰੋਇਨ ਬਰਾਮਦ ਹੋਈ ਹੈ। ਇਹ ਦੋਵੇਂ ਅੱਤਵਾਦੀ 15 ਅਗਸਤ ਨੂੰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਸਨ। ਹਾਲਾਂਕਿ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੀਆਂ ਯੋਜਨਾਵਾਂ 'ਤੇ ਪਾਣੀ ਫ਼ਿਰ ਗਿਆ।

ਫੜੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਬਾਬਾ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਅੱਤਵਾਦੀ ਸੁੱਖ ਭਿਖਾਰੀਵਾਲ ਅਤੇ ਹੈਰੀ ਚੱਠਾ ਦੇ ਕਰੀਬੀ ਹਨ। ਇਨ੍ਹਾਂ ਵਿੱਚੋਂ ਗੁਰਵਿੰਦਰ ਸਿੰਘ ਉਰਫ਼ ਬਾਬਾ ਵੀ ਐਨਆਈਏ ਅਧਿਕਾਰੀ ਦੇ ਕਤਲ ਕੇਸ ਵਿੱਚ ਮੁਲਜ਼ਮ ਹੈ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਵਿੱਚ ਵੀ ਭਗੌੜਾ ਦੱਸਿਆ ਜਾ ਰਿਹਾ ਹੈ।

ਆਈਜੀਪੀ ਨੇ ਦੱਸਿਆ ਕਿ ਗੁਰਵਿੰਦਰ ਬਾਬਾ ਦੇ ਖੁਲਾਸੇ ਤੋਂ ਬਾਅਦ ਪੁਲਿਸ ਨੇ ਜ਼ਿਲ੍ਹਾ ਬਟਾਲਾ ਦੇ ਖੇਤਰ ਵਿੱਚ ਸਥਿਤ ਟਿਕਾਣੇ ਤੋਂ ਇੱਕ ਹੈਂਡ ਗ੍ਰਨੇਡ, ਇੱਕ ਆਰਡੀਐਕਸ-ਆਈਈਡੀ ਅਤੇ 33 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਬਰਾਮਦ ਕੀਤੇ ਗਏ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ ਸੀ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਐਫ.ਆਈ.ਆਰ ਨੰ. 118 ਐਨਡੀਪੀਐਸ ਐਕਟ ਦੀਆਂ ਧਾਰਾਵਾਂ 18, 21, 25 ਅਤੇ 29, ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7), ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4 ਅਤੇ 5 ਅਤੇ ਧਾਰਾ 10, 11 ਅਤੇ 12 ਤਹਿਤ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਿਫਤਾਰੀਆਂ ਨਾਲ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।


ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।