(Source: ECI/ABP News/ABP Majha)
Farmers Protest: ਪੀਐਮ ਮੋਦੀ ਦੀਆਂ ਪੰਜਾਬ ਰੈਲੀਆਂ ਤੋਂ ਪਹਿਲਾਂ ਉਗਰਾਹਾਂ ਧੜੇ ਨੇ ਵੀ ਕਰ ਦਿੱਤਾ ਵੱਡਾ ਐਲਾਨ
23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨ ਲਈ ਪਟਿਆਲਾ ਆ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
Barnala News: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਚੋਣ ਮੁਹਿੰਮ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਬਰਨਾਲਾ ਵਿੱਚ ਸੂਬਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ ਗਿਆ। ਮੀਟਿੰਗ ਵਿੱਚ 23 ਮਈ ਨੂੰ ਪਟਿਆਲਾ ਵਿੱਚ ਹੋਣ ਵਾਲੀ ਭਾਜਪਾ ਦੀ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਧਰਨੇ ਲਈ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵਰਕਰ ਪਟਿਆਲਾ ਪੁੱਜਣਗੇ।
ਇਸ ਬਾਰੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸਾਡੇ ਰੋਸ ਕਾਰਨ ਪ੍ਰਸ਼ਾਸਨ ਸਾਡੇ ਘਰਾਂ 'ਤੇ ਛਾਪੇਮਾਰੀ ਵੀ ਕਰ ਸਕਦਾ ਹੈ, ਅਸੀਂ ਹਰ ਕੀਮਤ 'ਤੇ ਸੁਚੇਤ ਰਹਾਂਗੇ ਤੇ ਰੋਸ ਪ੍ਰਦਰਸ਼ਨ ਕਰਾਂਗੇ। ਉਗਰਾਹਾਂ ਨੇ ਦੱਸਿਆ ਕਿ 23 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹੱਕ ਵਿੱਚ ਚੋਣ ਰੈਲੀ ਕਰਨ ਲਈ ਪਟਿਆਲਾ ਆ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਭਾਜਪਾ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੰਗਾਂ ਲਟਕਦੀਆਂ ਰਹੀਆਂ ਹਨ ਤੇ ਭਾਜਪਾ ਸਰਕਾਰ ਦੀਆਂ 10 ਸਾਲਾਂ ਦੀਆਂ ਨੀਤੀਆਂ ਕਾਰਪੋਰੇਟ ਪੱਖੀ ਤੇ ਲੋਕ ਵਿਰੋਧੀ ਰਹੀਆਂ ਹਨ। ਇਸ ਕਾਰਨ ਪਟਿਆਲਾ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਥੇਬੰਦੀ ਇਸ ਧਰਨੇ ਵਿੱਚ ਵੱਧ-ਚੜ੍ਹ ਕੇ ਹਿੱਸਾ ਲਵੇਗੀ।
ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੀਆਂ ਜਥੇਬੰਦੀਆਂ ਜਿਨ੍ਹਾਂ ਨੇ ਭਾਜਪਾ ਦੇ ਵਿਰੋਧ ਦਾ ਐਲਾਨ ਕੀਤਾ ਹੈ, ਉਹ ਵੀ ਪ੍ਰਧਾਨ ਮੰਤਰੀ ਦਾ ਵਿਰੋਧ ਕਰ ਸਕਦੀਆਂ ਹਨ ਪਰ ਸਾਡੀ ਜਥੇਬੰਦੀ ਪ੍ਰਧਾਨ ਮੰਤਰੀ ਦਾ ਪੂਰੀ ਤਾਕਤ ਨਾਲ ਵਿਰੋਧ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਧਰਨੇ ਵਿੱਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਉਨ੍ਹਾਂ ਕਿਹਾ ਕਿ ਸਾਡੇ ਧਰਨੇ ਨੂੰ ਰੋਕਣ ਲਈ ਪ੍ਰਸ਼ਾਸਨ ਤੇ ਪੁਲਿਸ ਸਾਡੇ ਘਰਾਂ 'ਤੇ ਛਾਪੇਮਾਰੀ ਕਰਕੇ ਸਾਨੂੰ ਰੋਕਣ ਦੀ ਕੋਸ਼ਿਸ਼ ਵੀ ਕਰ ਸਕਦੀ ਹੈ ਪਰ ਅਸੀਂ ਵਿਰੋਧ ਕਰਨ ਲਈ ਪੂਰੀ ਤਰ੍ਹਾਂ ਸੁਚੇਤ ਰਹਾਂਗੇ।
ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ 23 ਮਈ ਨੂੰ ਹੀ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰੇਗੀ। ਜਦਕਿ ਉਨ੍ਹਾਂ ਦੀ ਜਲੰਧਰ 'ਚ ਰੋਸ ਜਾਂ ਹੋਰ ਕੋਈ ਰੈਲੀ ਕਰਨ ਦੀ ਕੋਈ ਯੋਜਨਾ ਨਹੀਂ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਜਦੋਂ ਪ੍ਰਧਾਨ ਮੰਤਰੀ ਪੰਜਾਬ ਵਿੱਚ ਰੈਲੀ ਕਰਨ ਆਏ ਸਨ ਤਾਂ ਰੈਲੀ ਵਿੱਚ ਭੀੜ ਨਹੀਂ ਸੀ। ਇਸ ਕਾਰਨ ਉਨ੍ਹਾਂ ਕਿਸਾਨਾਂ ਦੇ ਰੋਸ ਦਾ ਬਹਾਨਾ ਬਣਾਇਆ।
ਹੁਣ ਉਹ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਆ ਰਹੇ ਹਨ ਪਰ ਅਸੀਂ ਲੋਕਾਂ ਨੂੰ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਵਾਂਗੇ। 10 ਸਾਲਾਂ ਤੱਕ ਉਸ ਨੇ ਕਿਸਾਨ, ਮਜ਼ਦੂਰ ਤੇ ਵਪਾਰ ਵਿਰੋਧੀ ਨੀਤੀਆਂ ਬਣਾਈਆਂ। ਉਸ ਨੇ ਆਪਣੇ ਸ਼ਾਸਨ ਦੌਰਾਨ ਕਾਰਪੋਰੇਟ ਲੋਕਾਂ ਨੂੰ ਹੀ ਫਾਇਦਾ ਪਹੁੰਚਾਇਆ ਹੈ।