ਭਗਵੰਤ ਮਾਨ ਨੇ ਕੇਂਦਰ ਸਰਕਾਰ 'ਤੇ ਬੋਲਿਆ ਹਮਲਾ, ਯੁਕਰੇਨ 'ਚ ਭਾਰਤੀ ਵਿਦਿਆਰਥੀਆਂ ਦੇ ਫਸੇ ਹੋਣ ਲਈ ਠਹਿਰਾਇਆ ਜ਼ਿੰਮੇਵਾਰ
ਚੰਡੀਗੜ੍ਹ: ਰੂਸ ਤੇ ਯੂਕਰੇਨ (Ukraine) ਵਿਚਾਲੇ ਚੱਲ ਰਹੀ ਜੰਗ ਦੌਰਾਨ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਕਰਨ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ।
ਚੰਡੀਗੜ੍ਹ: ਰੂਸ ਤੇ ਯੂਕਰੇਨ (Ukraine) ਵਿਚਾਲੇ ਚੱਲ ਰਹੀ ਜੰਗ ਦੌਰਾਨ ਉੱਥੇ ਫਸੇ ਭਾਰਤੀ ਵਿਦਿਆਰਥੀਆਂ ਦੀ ਮਦਦ ਕਰਨ ਦਾ ਮਾਮਲਾ ਲਗਾਤਾਰ ਗਰਮਾਇਆ ਹੋਇਆ ਹੈ। ਭਾਰਤ ਦੇ ਲਗਪਗ 18 ਹਜ਼ਾਰ ਵਿਦਿਆਰਥੀ ਮੈਡੀਕਲ ਦੀ ਪੜ੍ਹਾਈ ਕਰਨ ਲਈ ਯੂਕਰੇਨ ਜਾਂਦੇ ਹਨ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਇਸ ਮੁੱਦੇ 'ਤੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਭਗਵੰਤ ਮਾਨ ਨੇ ਸੂਬੇ ਦੇ ਮੈਡੀਕਲ ਕਾਲਜਾਂ ਦੀਆਂ ਫੀਸਾਂ ਤੈਅ ਕਰਨ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਭਾਰਤੀ ਵਿਦਿਆਰਥੀਆਂ ਦੇ ਉੱਚ ਸਿੱਖਿਆ ਲਈ ਵਿਦੇਸ਼ ਜਾਣ ਦੇ ਕਾਰਨਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ।
ਭਗਵੰਤ ਮਾਨ ਨੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ, ''ਜੇਕਰ ਹਜ਼ਾਰਾਂ ਪੰਜਾਬੀ, ਹਰਿਆਣਵੀ ਤੇ ਹੋਰ ਭਾਰਤੀ ਵਿਦਿਆਰਥੀ ਯੁੱਧਗ੍ਰਸਤ ਯੂਕਰੇਨ ਵਿੱਚ ਫਸ ਜਾਂਦੇ ਹਨ ਤਾਂ ਇਸ ਲਈ ਪੰਜਾਬ, ਹਰਿਆਣਾ ਸਰਕਾਰ ਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਭਗਵੰਤ ਮਾਨ ਨੇ ਅੱਗੇ ਕਿਹਾ, "ਸਰਕਾਰ ਨੇ ਕਦੇ ਵੀ ਭਾਰਤੀ ਵਿਦਿਆਰਥੀਆਂ ਨੂੰ ਮੈਡੀਕਲ ਦੀ ਪੜ੍ਹਾਈ ਅਤੇ ਉੱਚ ਸਿੱਖਿਆ ਲਈ ਯੂਕਰੇਨ, ਰੂਸ, ਚੀਨ, ਫਿਲੀਪੀਨ ਤੇ ਤਾਜਿਕਸਤਾਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਮਜਬੂਰੀ ਵੱਲ ਧਿਆਨ ਨਹੀਂ ਦਿੱਤਾ।"
ਇਸ ਕਾਰਨ ਵਧੀ ਮੁਸ਼ਕਲ -
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਉਹ ਦੇਸ਼ ਭਰ ਵਿੱਚ ਵੱਡੀ ਗਿਣਤੀ ਵਿੱਚ ਸਰਕਾਰੀ ਮੈਡੀਕਲ ਕਾਲਜ ਖੋਲ੍ਹਣ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਗੈਰ-ਵਾਜਬ ਫੀਸਾਂ ਵਸੂਲਣ ਤੋਂ ਰੋਕਣ ਲਈ ਠੋਸ ਯੋਜਨਾ ਤਿਆਰ ਕਰਨ। ਮਾਨ ਨੇ ਕਿਹਾ, "ਆਜ਼ਾਦੀ ਤੋਂ ਬਾਅਦ, ਪੰਜਾਬ ਵਿੱਚ ਜ਼ਿਲ੍ਹਾ ਪੱਧਰ 'ਤੇ ਕੋਈ ਵੀ ਨਵਾਂ ਮੈਡੀਕਲ ਕਾਲਜ ਸਥਾਪਤ ਨਹੀਂ ਕੀਤਾ ਗਿਆ ਹੈ ਅਤੇ ਪਟਿਆਲਾ, ਅੰਮ੍ਰਿਤਸਰ ਤੇ ਫਰੀਦਕੋਟ ਦੇ ਸਰਕਾਰੀ ਕਾਲਜਾਂ ਵਿੱਚ ਸੀਟਾਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਹੋਇਆ ਹੈ।"
ਹਾਲਾਂਕਿ ਕੇਂਦਰ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਮਦਦ ਲਈ ਕਈ ਕਦਮ ਚੁੱਕੇ ਜਾ ਰਹੇ ਹਨ ਪਰ ਯੂਕਰੇਨ ਦੇ ਹਵਾਈ ਅੱਡੇ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਲਿਆਉਣ ਵਿੱਚ ਮੁਸ਼ਕਲ ਕਾਫੀ ਵਧ ਗਈ ਹੈ।