ਫ਼ਰੀਦਕੋਟ: ਬੇਅਦਬੀ ਮਗਰੋਂ ਵਾਪਰੇ ਗੋਲੀ ਕਾਂਡ ਵਿੱਚ ਗ੍ਰਿਫਤਾਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਉਮਰਾਨੰਗਲ ਦਾ ਦੋ ਵਾਰ ਪੁਲਿਸ ਰਿਮਾਂਡ ਲੈ ਚੁੱਕੀ ਹੈ। ਅੱਜ ਅਦਾਲਤ ਨੇ ਉਮਰਾਨੰਗਲ ਨੂੰ 12 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ। ਇਸ ਤੋਂ ਪਹਿਲਾਂ ਸਿੱਟ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ ਗ੍ਰਿਫ਼ਤਾਰ ਉਮਰਾਨੰਗਲ ਦਾ ਦੋ ਵਾਰ ਚਾਰ ਤੇ ਤਿੰਨ ਦਿਨਾਂ ਲਈ ਪੁਲਿਸ ਰਿਮਾਂਡ ਲਿਆ ਸੀ। ਅੱਜ ਉਮਰਾਨੰਗਲ ਨੂੰ ਰਿਮਾਂਡ ਖ਼ਤਮ ਹੋਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਉਮਰਾਨੰਗਲ ਨੂੰ ਅਕਤੂਬਰ 2015 ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਗਰੋਂ ਵਾਪਰੇ ਕੋਟਕਪੂਰਾ ਗੋਲ਼ੀਕਾਂਡ ਵਿੱਚ ਬੀਤੀ 18 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।