ਪੰਜਾਬੀਆਂ ‘ਤੇ ਕਹਿਰ ਬਣਕੇ ਵਰ੍ਹ ਰਿਹਾ ਮੀਂਹ ! ਮਾਨਸਾ 'ਚ ਛੱਤ ਡਿੱਗਣ ਕਾਰਨ ਚਾਚੇ-ਭਤੀਜੇ ਦੀ ਮੌਤ, ਮੀਂਹ ਕਾਰਨ ਹੋਇਆ ਹਾਦਸਾ
ਤਹਿਸੀਲਦਾਰ ਸਰਦੂਲਗੜ੍ਹ ਨੇ ਕਿਹਾ ਕਿ ਘਟਨਾ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ। ਇਸਨੂੰ ਜਲਦੀ ਹੀ ਸਰਕਾਰ ਨੂੰ ਭੇਜਿਆ ਜਾਵੇਗਾ। ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਮਦਦ ਦਿੱਤੀ ਜਾਵੇਗੀ।

Punjab Flood update: ਮਾਨਸਾ ਜ਼ਿਲ੍ਹੇ ਦੇ ਪਿੰਡ ਚੈਨੇਵਾਲਾ ਵਿੱਚ ਦੇਰ ਰਾਤ ਮੀਂਹ ਕਾਰਨ ਇੱਕ ਕੱਚੇ ਘਰ ਦੀ ਛੱਤ ਡਿੱਗ ਗਈ। ਇਸ ਹਾਦਸੇ ਵਿੱਚ 35 ਸਾਲਾ ਬਲਜੀਤ ਸਿੰਘ ਤੇ ਉਸਦੇ 10 ਸਾਲਾ ਭਤੀਜੇ ਗੁਰਜੋਤ ਸਿੰਘ ਦੀ ਮੌਤ ਹੋ ਗਈ। ਹਾਲਾਂਕਿ, ਇੱਕ 3 ਸਾਲਾ ਬੱਚੀ ਵਾਲ-ਵਾਲ ਬਚ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਚਾਚਾ-ਭਤੀਜਾ ਟੀਵੀ ਦੇਖ ਕੇ ਇੱਕ ਕਮਰੇ ਵਿੱਚ ਸੌਂ ਰਹੇ ਸਨ। ਕੁੜੀ ਵੀ ਉਨ੍ਹਾਂ ਦੇ ਨਾਲ ਸੀ। ਰਾਤ ਨੂੰ ਅਚਾਨਕ ਛੱਤ ਡਿੱਗ ਗਈ। ਛੱਤ ਦੇ ਮਲਬੇ ਹੇਠ ਦੱਬ ਜਾਣ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕੁੜੀ ਨੂੰ ਕੋਈ ਸੱਟ ਨਹੀਂ ਲੱਗੀ।
ਘਟਨਾ ਦੀ ਸੂਚਨਾ ਮਿਲਦੇ ਹੀ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਗਰੀਬ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਵਿਧਾਇਕ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਦੌਰਾਨ ਜਿਨ੍ਹਾਂ ਦੇ ਘਰ ਖਸਤਾ ਹਾਲਤ ਵਿੱਚ ਹਨ, ਉਹ ਗੁਰਦੁਆਰੇ ਜਾਂ ਧਰਮਸ਼ਾਲਾ ਵਿੱਚ ਸ਼ਰਨ ਲੈ ਸਕਦੇ ਹਨ।
ਤਹਿਸੀਲਦਾਰ ਸਰਦੂਲਗੜ੍ਹ ਨੇ ਕਿਹਾ ਕਿ ਘਟਨਾ ਦੀ ਰਿਪੋਰਟ ਤਿਆਰ ਕਰ ਲਈ ਗਈ ਹੈ। ਇਸਨੂੰ ਜਲਦੀ ਹੀ ਸਰਕਾਰ ਨੂੰ ਭੇਜਿਆ ਜਾਵੇਗਾ। ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਮਦਦ ਦਿੱਤੀ ਜਾਵੇਗੀ।
ਪੰਜਾਬ ਵਿੱਚ ਵਿਗੜ ਰਹੇ ਨੇ ਹਾਲਾਤ
ਪਹਾੜਾਂ ਵਿੱਚ ਪੈ ਰਹੀ ਬਾਰਸ਼ ਕਰਕੇ ਪੰਜਾਬ ਵਿੱਚ ਹੜ੍ਹਾਂ ਦੀ ਹਾਲਤ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਹੁਣ ਤੱਕ ਸੂਬੇ ਦੇ 9 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨ ਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਉਧਰ, ਹਾਲਾਤ ਦੀ ਗੰਭੀਰਤਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੀ ਐਕਸ਼ਨ ਮੋਡ ਵਿੱਚ ਆ ਗਈ ਹੈ।
ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਕੀਤੀ। ਫ਼ੋਨ 'ਤੇ ਗੱਲਬਾਤ ਦੌਰਾਨ ਰਾਜਪਾਲ ਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਬਚਾਅ ਤੇ ਰਾਹਤ ਕਾਰਜਾਂ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਸ਼ਾਹ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ।






















