Cabinet Meeting: ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਹੋ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਇਸ ਕੈਬਨਿਟ ਮੀਟਿੰਗ ਵਿੱਚ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ। ਇਸ ਤੋਂ ਇਲਾਵਾ ਪੰਜ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਤੇ ਪੰਚਾਇਤੀ ਚੋਣਾਂ ਕਰਕੇ ਵੀ ਇਹ ਮੀਟਿੰਗ ਖਾਸ ਰਹਿਣ ਵਾਲੀ ਹੈ। 



ਹਾਸਲ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿੱਚ ਹਰੇਕ ਵਰਗ ਨੂੰ ਲੈ ਕੇ ਮੁੱਦਿਆਂ 'ਤੇ ਚਰਚਾ ਹੋਵੇਗੀ। ਇਹ ਵੀ ਚਰਚਾ ਹੈ ਕਿ ਪੰਚਾਇਤੀ ਰਾਜ ਐਕਟ 1994 ਵਿੱਚ ਸੋਧ ਕਰਨ ਨੂੰ ਲੈ ਕੇ ਏਜੰਡਾ ਲਿਆਂਦਾ ਜਾ ਸਕਦਾ ਹੈ।


ਦੱਸ ਦਈਏ ਕਿ 2 ਸਤੰਬਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਤੋਂ ਠੀਕ ਪਹਿਲਾਂ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ ਹੈ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ ਪੀਸੀਐਸ ਅਧਿਕਾਰੀਆਂ ਦੀਆਂ 60 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦੇਣ ਦਾ ਏਜੰਡਾ ਹੋਵੇਗਾ। 


ਦਰਅਸਲ ਕਾਫੀ ਸਮਾਂ ਪਹਿਲਾਂ ਨਵੇਂ ਜ਼ਿਲ੍ਹੇ ਤੇ ਸਬ-ਡਵੀਜ਼ਨਾਂ ਦਾ ਗਠਨ ਹੋਇਆ ਸੀ। ਉਦੋਂ ਤੋਂ ਹੀ ਇਨ੍ਹਾਂ ਅਸਾਮੀਆਂ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ। ਰਾਜ ਵਿੱਚ ਪਹਿਲੇ ਪੀਸੀਐਸ ਅਧਿਕਾਰੀਆਂ ਦੀਆਂ 310 ਅਸਾਮੀਆਂ ਹਨ। ਜਦੋਂਕਿ ਨਵੀਆਂ ਅਸਾਮੀਆਂ ਦੀ ਪ੍ਰਵਾਨਗੀ ਤੋਂ ਬਾਅਦ ਇਨ੍ਹਾਂ ਦੀ ਗਿਣਤੀ ਵਧ ਕੇ 370 ਹੋ ਜਾਵੇਗੀ।



ਇਸੇ ਤਰ੍ਹਾਂ ਮਲੇਰਕੋਟਲਾ ਦੀ ਸੈਸ਼ਨ ਕੋਰਟ ਲਈ 36 ਨਵੀਆਂ ਅਸਾਮੀਆਂ ਪੈਦਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਜੀਐਸਟੀ ਨਾਲ ਸਬੰਧਤ ਕਈ ਤਕਨੀਕੀ ਬਿੱਲਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੁਝ ਹੋਰ ਪ੍ਰਸਤਾਵ ਆਉਣੇ ਹਨ। ਇਸ ਤੋਂ ਇਲਾਵਾ ਕੁਝ ਨਵੇਂ ਪ੍ਰੋਜੈਕਟਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਪੰਚਾਇਤੀ ਚੋਣਾਂ ਹੋਣੀਆਂ ਹਨ।