ਪਟਿਆਲਾ: ਜ਼ਿਲ੍ਹਾ ਪਟਿਆਲਾ ਵਿੱਚ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਲਗਾਤਾਰ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤਾਂ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ ਵੀ ਟਾਵਰ ਉਪਰ ਡਟਿਆ ਹੋਇਆ ਹੈ। 


ਪੰਜਾਬ ਸਰਕਾਰ ਦੇ ਮੰਤਰੀਆਂ ਤੇ ਅਧਿਕਾਰੀਆਂ ਦੇ ਨਾਲ ਮੀਟਿੰਗ ਹੋਣ ਤੋਂ ਬਾਅਦ ਵੀ ਬੇਰੁਜ਼ਗਾਰ ਅਧਿਆਪਕਾਂ ਦੀ ਜਦੋਂ ਸਾਰ ਨਹੀਂ ਲਈ ਗਈ ਤਾਂ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀ ਆਵਾਜ਼ ਨੂੰ ਬੁਲੰਦ ਕਰਨ ਲਈ ਅੱਜ ਮੋਤੀ ਮਹਿਲ ਦਾ ਘਿਰਾਓ ਕੀਤਾ । 


ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੂਬਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਕੁਲਦੀਪ ਖੋਖਰ, ਨਿਰਮਲ ਜ਼ੀਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ  2364 .ਟੀ.ਟੀ. ਅਧਿਆਪਕਾਂ ਦੀ ਭਰਤੀ ਕੱਢੀ ਗਈ ਜਿਸ ਵਿਚ ਬੀ.ਐੱਡ ਉਮੀਦਵਾਰਾਂ ਨੂੰ  ਬਰਾਬਰ ਵਿਚਾਰਿਆ ਗਿਆ। 


ਉਨ੍ਹਾਂ ਕਿਹਾ ਕਿ "ਇਸ  ਨਾਲ ਬੀ ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ.  ਉਮੀਦਵਾਰਾਂ ਦੀਆਂ ਹੱਕੀ ਪੋਸਟਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ।ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਈ.ਟੀ.ਟੀ. ਪੋਸਟਾਂ ਦੇ ਉੱਪਰ ਸਿਰਫ ਈ.ਟੀ.ਟੀ ਦੇ ਯੋਗ ਉਮੀਦਵਾਰਾਂ ਨੂੰ ਹੀ ਰੱਖਣ ਬਾਕੀ ਬੀ.ਐਡ. ਉਮੀਦਵਾਰਾਂ ਨੂੰ ਈਟੀਟੀ ਦੀਆਂ ਪੋਸਟਾਂ ਤੋਂ ਅਯੋਗ ਕਰਾਰ ਦੇ ਦੇਣ ।"


ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ :- 
1) 10000 ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਦੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ । 
2) 2364 ਈ.ਟੀ.ਟੀ. ਦੀਆਂ ਅਸਾਮੀਆਂ ਵਿੱਚ ਸਿਰਫ਼ ਈ.ਟੀ.ਟੀ. ਟੈੱਟ ਪਾਸ    ਉਮੀਦਵਾਰਾਂ ਨੂੰ ਹੀ ਵਿਚਾਰਿਆ ਜਾਵੇ  ।
3)  ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰਾਂ ਨੂੰ ਦਿੱਤੇ ਗਏ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ  ।
4)  ਉਚੇਰੀ ਯੋਗਤਾ ਦੇ ਨੰਬਰਾਂ ਦੀ ਸ਼ਰਤ ਹਟਾਈ ਜਾਵੇ ।
5)  ਉਮਰ ਹੱਦ ਵਿਚ ਛੋਟ ਦਿੱਤੀ ਜਾਵੇ ।