ਬੇਰੁਜ਼ਗਾਰ ਅਧਿਆਪਕਾਂ ਨੇ ਪਾਇਆ ਮੰਤਰੀ ਦੀ ਕੋਠੀ ਨੂੰ ਘੇਰਾ
ਏਬੀਪੀ ਸਾਂਝਾ | 22 Jul 2018 05:47 PM (IST)
ਸੰਗਰੂਰ: ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸੰਦੀਪ ਕੁਮਾਰ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ। ਜ਼ਿਕਰਯੋਗ ਹੈ ਕਿ ਭਾਰੀ ਬਾਰਸ਼ ਦੇ ਬਾਵਜੂਦ ਸੁਤੰਤਰ ਭਵਨ ਵਿੱਚ ਸੰਗਰੂਰ, ਬਰਨਾਲਾ ਤੇ ਮਾਨਸਾ ਜਿਲ੍ਹਿਆਂ ਦੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੱਡੀ ਗਿਣਤੀ 'ਚ ਕੈਬਨਿਟ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਮੰਗਾਂ ਰੱਖਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕਾਂ ਦੀਆਂ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ ਤੇ ਨਾਲ ਹੀ ਟੈੱਟ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤੇ ਜਾਣ ਲਈ ਕਿਹਾ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ। ਅਜਿਹੇ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ’ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 50,000 ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਰੈਗੂਲਰ ਭਰਤੀ ਦੀ ਉਡੀਕ ਵਿੱਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੰਗਾਂ: 1. ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ। 2. ਵੱਖ-ਵੱਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ। 3. ਭਰਤੀ ਪ੍ਰਕਿਰਿਆ ਨੂੰ ਤੈਅ ਦਿਨਾਂ ਵਿੱਚ ਪੂਰਾ ਕੀਤਾ ਜਾਵੇ। 4. ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ। 5. ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਤਾਂ ਕਿ ਦੂਸਰੇ ਵਿਸੇ ਦੇ ਅਧਿਆਪਕ ਦਾ ਰੁਜ਼ਗਾਰ ਨਾ ਮਾਰਿਆ ਜਾਵੇ। 6. ਅਧਿਆਪਕ ਯੋਗਤਾ ਪ੍ਰੀਖਿਆ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।