ਮੁੜ ਐਕਸ਼ਨ 'ਚ ਆਏ ਟਰਾਂਸਪੋਰਟ ਮੰਤਰੀ ! ਲੁਧਿਆਣਾ ਦੇ ਬੱਸ ਸਟੈਂਡ ਦੀ ਅਚਨਚੇਤ ਚੈਕਿੰਗ, ਬੱਸਾਂ ਜ਼ਬਤ ਕਰਨ ਤੇ ਚਲਾਨ ਕੱਟਣ ਦੇ ਆਦੇਸ਼
ਉਨ੍ਹਾਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਾਈਆਂ ਗਈਆਂ ਬੱਸਾਂ ਦੇ ਚਲਾਨ ਕੱਟਣ ਤੇ ਇਨ੍ਹਾਂ ਨੂੰ ਜ਼ਬਤ ਕਰਨ ਲਈ ਆਖਿਆ।
Punjab News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੁਧਿਆਣਾ ਦੇ ਅਮਰ ਸ਼ਹੀਦ ਸੁਖਦੇਵ ਅੰਤਰਰਾਜੀ ਬੱਸ ਅੱਡੇ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਟੈਕਸ ਭਰਨ ਤੋਂ ਬਿਨਾਂ ਚੱਲ ਰਹੀਆਂ ਸਾਰੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਇਨ੍ਹਾਂ ਦੇ ਚਲਾਨ ਕੱਟੇ ਜਾਣ।
ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਨੇ ਬੱਸ ਅੱਡੇ ਨੇੜੇ ਖੜ੍ਹੀਆਂ ਟੂਰਿਸਟ ਬੱਸਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਬੱਸਾਂ ਟੈਕਸ, ਪਰਮਿਟ, ਟੂਰ ਪ੍ਰੋਗਰਾਮ, ਯਾਤਰੀਆਂ ਦੀ ਸੂਚੀ ਤੇ ਹੋਰ ਦਸਤਾਵੇਜ਼ ਤੋਂ ਬਗ਼ੈਰ ਪਾਈਆਂ ਗਈਆਂ। ਉਨ੍ਹਾਂ ਪੁਲਿਸ ਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਸਤਾਵੇਜ਼ਾਂ ਤੋਂ ਬਿਨਾਂ ਪਾਈਆਂ ਗਈਆਂ ਬੱਸਾਂ ਦੇ ਚਲਾਨ ਕੱਟਣ ਤੇ ਇਨ੍ਹਾਂ ਨੂੰ ਜ਼ਬਤ ਕਰਨ ਲਈ ਆਖਿਆ।
Transport Minister @LaljitBhullar carried out surprise check at Amar Shaheed Sukhdev Interstate Bus Terminus, Ludhiana & ordered officials to challan & impound buses plying without paying tax. Minister interacted with passengers in buses, sought suggestions to improve services. pic.twitter.com/G4JzqHJw8f
— Government of Punjab (@PunjabGovtIndia) January 19, 2023
ਵਿਭਾਗ ਵਿੱਚ ਪਾਰਦਰਸ਼ੀ ਪਹੁੰਚ ਅਤੇ ਕਾਰਜਕੁਸ਼ਲਤਾ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਭੁੱਲਰ ਨੇ ਕਿਹਾ ਕਿ ਜਿਹੜੇ ਬੱਸ ਆਪ੍ਰੇਟਰ ਟੈਕਸ ਨਹੀਂ ਭਰ ਰਹੇ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਾਰੀਆਂ ਸੇਵਾਵਾਂ ਸੁਚਾਰੂ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਬੱਸ ਸੇਵਾਵਾਂ ਮਿਲਣੀਆਂ ਯਕੀਨੀ ਬਣਾਉਣ ਲਈ ਨਵੀਆਂ ਵਾਲਵੋ ਬੱਸਾਂ ਸ਼ਾਮਲ ਕਰਨ ਦਾ ਫ਼ੈਸਲਾ ਲਿਆ ਹੈ।
ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਬੱਸਾਂ ਵਿੱਚ ਸਵਾਰ ਯਾਤਰੀਆਂ ਨਾਲ ਗੱਲਬਾਤ ਕੀਤੀ ਅਤੇ ਬੱਸ ਸੇਵਾਵਾਂ ਵਿੱਚ ਸੁਧਾਰ ਬਾਰੇ ਯਾਤਰੀਆਂ ਦੇ ਸੁਝਾਅ ਲਏ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੱਥੋਂ ਲੰਘਣ ਵਾਲੀ ਹਰੇਕ ਬੱਸ ਦਾ ਇਸ ਬੱਸ ਅੱਡੇ ਵਿੱਚ ਰੁਕਣਾ ਯਕੀਨੀ ਬਣਾਇਆ ਜਾਵੇ। ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।