Punjab News: ਪੰਜਾਬ-ਹਰਿਆਣਾ ਹਾਈ ਕੋਰਟ ਨੇ ਐਨਡੀਪੀਐਸ ਕੇਸਾਂ ਵਿੱਚ ਗਵਾਹੀ ਲਈ ਪੁਲਿਸ ਅਧਿਕਾਰੀਆਂ ਦੇ ਪੇਸ਼ ਨਾ ਹੋਣ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਹੈ ਕਿ ਇਹ ਮੁਲਜ਼ਮਾਂ ਤੇ ਪੁਲਿਸ ਅਫ਼ਸਰਾਂ ਵਿਚਾਲੇ ਅਪਵਿੱਤਰ ਰਿਸ਼ਤਾ ਨਾਜ਼ਰ ਆਉਂਦਾ ਹੈ। ਹਾਈਕੋਰਟ ਨੇ ਕਿਹਾ ਕਿ ਨਸ਼ਾ ਸਮਾਜ ਨੂੰ ਸਿਉਂਕ ਵਾਂਗ ਖਾ ਰਿਹਾ ਹੈ ਤੇ ਅਜਿਹੇ 'ਚ ਸਰਕਾਰ ਨੂੰ ਜਾਗਣ ਤੇ ਪੁਲਿਸ ਨੂੰ ਸੰਗਠਿਤ ਕਰਨ ਦੀ ਲੋੜ ਹੈ। ਹਾਈ ਕੋਰਟ ਨੇ ਹੁਕਮਾਂ ਦੀ ਕਾਪੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜਣ ਦੇ ਨਿਰਦੇਸ਼ ਵੀ ਜਾਰੀ ਕੀਤੇ ਹਨ। 


ਹਾਸਲ ਜਾਣਕਾਰੀ ਮੁਤਾਬਕ ਨਸ਼ਾ ਤਸਕਰੀ ਮਾਮਲੇ 'ਚ ਜ਼ਮਾਨਤ ਦੀ ਮੰਗ ਵਾਲੀ ਪਟੀਸ਼ਨ ਹਾਈਕੋਰਟ ਪਹੁੰਚੀ ਸੀ, ਜਿਸ 'ਚ 11 ਸੁਣਵਾਈਆਂ ਹੋਣ ਦੇ ਬਾਵਜੂਦ ਇੱਕ ਵੀ ਸਰਕਾਰੀ ਗਵਾਹ ਪੇਸ਼ ਨਹੀਂ ਹੋਇਆ। ਇਸ ਤੋਂ ਬਾਅਦ ਅਦਾਲਤ ਨੂੰ ਸਰਕਾਰੀ ਗਵਾਹ ਖਿਲਾਫ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕਰਨਾ ਪਿਆ।


ਇਸ 'ਤੇ ਸਵਾਲ ਉਠਾਉਂਦੇ ਹੋਏ ਹਾਈਕੋਰਟ ਨੇ ਕਿਹਾ ਕਿ ਅਜਿਹੇ ਮਾਮਲਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿੱਥੇ ਸਰਕਾਰੀ ਗਵਾਹ ਪੇਸ਼ ਨਾ ਹੋਣ ਕਾਰਨ ਮੁਕੱਦਮੇ ਦੀ ਸੁਣਵਾਈ ਲਟਕ ਜਾਂਦੀ ਹੈ ਤੇ ਆਖਰਕਾਰ ਨਸ਼ਾ ਤਸਕਰਾਂ ਨੂੰ ਜ਼ਮਾਨਤ ਮਿਲ ਜਾਂਦੀ ਹੈ। ਅਜਿਹੇ ਮਾਮਲਿਆਂ 'ਚ ਜਦੋਂ ਪੁਲਿਸ ਅਧਿਕਾਰੀ ਗਵਾਹੀ ਦੇਣ ਲਈ ਨਹੀਂ ਆਉਂਦੇ ਤਾਂ ਹਾਈ ਕੋਰਟ ਐਸਐਸਪੀ ਨੂੰ ਸੰਮਨ ਕਰਦੀ ਹੈ ਤਾਂ ਪੁਲਿਸ ਅਧਿਕਾਰੀ ਅਗਲੀ ਤਰੀਕ 'ਤੇ ਹੀ ਗਵਾਹੀ ਦੇਣ ਲਈ ਟਰਾਇਲ ਕੋਰਟ 'ਚ ਪਹੁੰਚ ਜਾਂਦੇ ਹਨ। ਅਦਾਲਤ ਨੇ ਸਵਾਲ ਉਠਾਇਆ ਕਿ ਅਜਿਹਾ ਕੀ ਹੈ ਕਿ ਅਧਿਕਾਰੀ ਅਦਾਲਤ ਨੂੰ ਮੂੰਹ ਦਿਖਾਉਣ ਤੋਂ ਝਿਜਕ ਰਹੇ ਹਨ।



ਅਦਾਲਤ ਨੇ ਕਿਹਾ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਨਸ਼ਾ ਤਸਕਰਾਂ ਨੂੰ ਲੰਬੀ ਨਜ਼ਰਬੰਦੀ ਦੇ ਆਧਾਰ 'ਤੇ ਜ਼ਮਾਨਤ ਮਿਲ ਜਾਂਦੀ ਹੈ। ਇਸ ਲਈ ਪੁਲਿਸ ਅਧਿਕਾਰੀ ਗਵਾਹੀ ਲਈ ਪੇਸ਼ ਨਹੀਂ ਹੁੰਦੇ। ਇਹ ਦੋਨਾਂ ਵਿਚਾਲੇ ਅਪਵਿੱਤਰ ਰਿਸ਼ਤਾ ਜਾਪਦਾ ਹੈ। ਅਜਿਹਾ ਲੱਗਦਾ ਹੈ ਕਿ ਜਿਹੜੇ ਅਧਿਕਾਰੀ ਗਵਾਹੀ ਲਈ ਪੇਸ਼ ਨਹੀਂ ਹੋਏ, ਉਨ੍ਹਾਂ ਨੂੰ ਉਨ੍ਹਾਂ ਦੇ ਉੱਚ ਅਧਿਕਾਰੀਆਂ ਨੇ ਉਤਸ਼ਾਹਿਤ ਕੀਤਾ ਸੀ। ਹਾਈਕੋਰਟ ਨੇ ਕਿਹਾ ਕਿ ਹੁਣ ਸਰਕਾਰ ਨੂੰ ਜਾਗਣ ਤੇ ਪੁਲਿਸ ਨੂੰ ਸੰਗਠਿਤ ਕਰਨ ਦੀ ਲੋੜ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।