ਸ਼੍ਰੀ ਮੁਕਤਸਰ ਸਾਹਿਬ: ਪੰਜਾਬ ਪਹੁੰਚੇ ਕੇਂਦਰੀ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਨਵਾਂ ਵਿਵਾਦ ਛੇੜ ਦਿੱਤਾ ਹੈ। ਉਨ੍ਹਾਂ ਪੰਜਾਬ ਚੋਣਾਂ ਦਾ ਕੁਨੈਕਸ਼ਨ ਪਾਕਿਸਤਾਨ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਤੋਂ ਬਿਨਾਂ ਕਿਸੇ ਦੀ ਸਰਕਾਰ ਬਣੀ ਤਾਂ ਪਾਕਿਸਤਾਨ ਤੇ ਪਟਾਕੇ ਚੱਲਣਗੇ। ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਬੀਜੇਪੀ ਦੇ ਉਮੀਦਵਾਰ ਰਾਜੇਸ਼ ਪਠੇਲਾ ਗੋਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਮੁਕਤਸਰ ਪਹੁੰਚੇ ਸਨ।



ਇਸ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਤੇ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੱਧੂ ਉਪਰ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਿਹਾ ਕਿ ਸਭ ਜਾਣਦੇ ਨੇ ਸਿੱਧੂ ਦੇ ਪਾਕਿਸਤਾਨ ਨਾਲ ਕਿਸ ਤਰ੍ਹਾਂ ਦੇ ਸਬੰਧ ਹਨ। ਜੇਕਰ ਪੰਜਾਬ ਵਿੱਚ ਕਾਂਗਰਸ ਸਰਕਾਰ ਬਣਦੀ ਹੈ ਤਾਂ ਪੰਜਾਬ ਦੇ ਨਾਲ-ਨਾਲ ਪਾਕਿਸਤਾਨ ਵਿੱਚ ਵੀ ਪਟਾਕੇ ਚਲਾਏ ਜਾਣਗੇ ਤੇ ਜਿੱਤ ਦੇ ਜਸ਼ਨ ਮਨਾਏ ਜਾਣਗੇ। ਇਸ ਤਰ੍ਹਾਂ ਅਸੀਂ ਹੋਣ ਨਹੀਂ ਦੇਵਾਂਗੇ ਤੇ ਭਾਰਤੀ ਜਨਤਾ ਪਾਰਟੀ ਨੂੰ ਪੂਰੇ ਬਹੁਮਤ ਨਾਲ ਪੰਜਾਬ ਵਿੱਚ ਜਿਤਾਵਾਂਗੇ।

ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਬੀਜੇਪੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਬਹੁਤ ਸਾਰਾ ਪਿਆਰ ਮਿਲਿਆ ਜਦ ਵੀ ਉਹ ਲੋਕਾਂ ਦੇ ਨਾਲ ਮਿਲਦੇ ਹਨ। ਕੈਲਾਸ਼ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ ਸੋਚ ਦੇ ਮਾਲਕ ਹਨ ਤੇ ਪਹਿਲਾਂ ਉਹ ਘੁੱਟ ਕੇ ਕਾਂਗਰਸ ਵਿਚ ਕੰਮ ਕਰ ਰਹੇ ਸਨ।

ਹਾਸਲ ਜਾਣਕਾਰੀ ਮੁਤਾਬਕ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਮੁਕਤਸਰ ਸਾਹਿਬ ਹਲਕੇ ਤੋਂ ਉਮੀਦਵਾਰ ਰਾਜੇਸ਼ ਪਠੇਲਾ ਗੋਰਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ। ਹਲਕੇ ਵਿੱਚ ਵੱਖ-ਵੱਖ ਥਾਵਾਂ 'ਤੇ ਖੇਤੀਬਾੜੀ ਰਾਜ ਮੰਤਰੀ ਕੈਲਾਸ਼ ਚੌਧਰੀ ਨੂੰ ਵਰਕਰਾਂ ਤੇ ਲੋਕਾਂ ਵੱਲੋਂ ਲੱਡੂਆਂ ਨਾਲ ਤੋਲ ਕੇ ਉਨ੍ਹਾਂ ਦਾ ਮਾਣ ਸਨਮਾਨ ਕੀਤਾ ਗਿਆ। ਆਪਣੇ ਵੱਖ ਵੱਖ ਪ੍ਰੋਗਰਾਮਾਂ ਦੌਰਾਨ ਸੰਬੋਧਨ ਕਰਦਿਆਂ ਕੈਲਾਸ਼ ਚੌਧਰੀ ਨੇ ਭਾਜਪਾ ਦੇ ਹੱਕ ਦੇ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904