ਕੇਂਦਰ ਸਰਕਾਰ ਨੇ ਸੁਣੀ ਉਮਰਾਨੰਗਲ ਦੀ ਫਰਿਆਦ, ਢੁੱਕਵੀਂ ਸੁਰੱਖਿਆ ਦੇਣ ਦਾ ਹੁਕਮ
ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਮਾਮਲੇ ਦੇ ਮੁੱਖ ਮੁਲਜ਼ਮ ਉਮਰਾਨੰਗਲ ਨੇ ਕੇਂਦਰ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਉਸ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਗਰਮ ਖ਼ਿਆਲੀ ਸਿੱਖਾਂ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।
ਚੰਡੀਗੜ੍ਹ: ਸਸਪੈਂਡ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੇਂਦਰ ਸਰਕਾਰ ਤੋਂ ਵੱਡੀ ਰਾਹਤ ਮਿਲੀ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਉਮਰਾਨੰਗਲ ਨੂੰ ਢੁੱਕਵੀਂ ਸੁਰੱਖਿਆ ਦੇਣ ਦੀ ਸਿਫਾਰਸ਼ ਕੀਤੀ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਉਮਰਾਨੰਗਲ ਨੇ ਉਸ ਪਰਿਵਾਰ ਨੂੰ ਗਰਮ ਖਿਆਲੀਆਂ ਤੋਂ ਖਤਰਾ ਹੈ। ਇਸ ਲਈ ਢੁੱਕਵੀਂ ਸੁਰੱਖਿਆ ਦਿੱਤੀ ਜਾਵੇ।
ਦੱਸ ਦਈਏ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਮਾਮਲੇ ਦੇ ਮੁੱਖ ਮੁਲਜ਼ਮ ਉਮਰਾਨੰਗਲ ਨੇ ਕੇਂਦਰ ਸਰਕਾਰ ਤੋਂ ਸੁਰੱਖਿਆ ਦੀ ਮੰਗ ਕੀਤੀ ਸੀ। ਉਸ ਨੇ ਕੇਂਦਰ ਸਰਕਾਰ ਨੂੰ ਲਿਖੇ ਪੱਤਰ ਵਿੱਚ ਗਰਮ ਖ਼ਿਆਲੀ ਸਿੱਖਾਂ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ।
ਗ੍ਰਹਿ ਮੰਤਰਾਲੇ ਵੱਲੋਂ ਉਮਰਾਨੰਗਲ ਦੀ ਸੁਰੱਖਿਆ ਦਾ ਮਾਮਲਾ ਕੇਂਦਰੀ ਸੁਰੱਖਿਆ ਏਜੰਸੀਆਂ ਨਾਲ ਵਿਚਾਰਿਆ ਗਿਆ ਜਿਨ੍ਹਾਂ ਦੀ ਰਿਪੋਰਟ ਮੁਤਾਬਕ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਉਮਰਾਨੰਗਲ ਦਾ ਪਰਿਵਾਰ ਖਾੜਕੂਆਂ ਦੇ ਨਿਸ਼ਾਨੇ ’ਤੇ ਸੀ। ਉਮਰਾਨੰਗਲ ਦੇ ਪਿਤਾ 1987 ਵਿੱਚ ਭਿੰਡਰਾਂਵਾਲਾ ਟਾਈਗਰ ਫੋਰਸ ਦੇ ਖਾੜਕੂਆਂ ਹੱਥੋਂ ਮਾਰੇ ਗਏ ਸਨ ਤੇ 1988 ਵਿੱਚ ਉਮਰਾਨੰਗਲ ਦੇ ਜੱਦੀ ਘਰ ’ਤੇ ਵੀ ਹਮਲਾ ਹੋਇਆ ਸੀ।
ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਵਿੱਚ ਮੁੱਖ ਦੋਸ਼ੀ ਹੋਣ ਕਰਕੇ ਉਮਰਾਨੰਗਲ ਨੂੰ ਦੇਸ਼ ਤੇ ਵਿਦੇਸ਼ ਵਿਚ ਬੈਠੇ ਸਿੱਖ ਗਰਮ ਖ਼ਿਆਲੀਆਂ ਤੋਂ ਖ਼ਤਰਾ ਹੈ। ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਵੱਲੋਂ ਉਮਰਾਨੰਗਲ ਤੇ ਹੋਰ ਪੁਲਿਸ ਅਫਸਰਾਂ ਨੂੰ ਸਿੱਖਾਂ ’ਤੇ ਜ਼ਿਆਦਤੀਆਂ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਉਮਰਾਨੰਗਲ ਤੇ ਉਸ ਦੇ ਪਰਿਵਾਰ ਨੂੰ ਖ਼ਤਰੇ ਦੀ ਗੰਭੀਰਤਾ ਨੂੰ ਦੇਖਦਿਆਂ ਢੁੱਕਵੀਂ ਸੁਰੱਖਿਆ ਮੁਹੱਈਆ ਕਰਾਈ ਜਾਵੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904