Punjab News: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਪੰਜਬ ਅੰਦਰ ਵੱਡੀ ਉਥਲ-ਪੁਥਲ ਚੱਲ ਰਹੀ ਹੈ। ਅਜਿਹੇ ਵਿੱਚ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ਨੀਵਾਰ ਨੂੰ ਬਿਆਸ ਵਿਖੇ ਡੇਰਾ ਰਾਧਾ ਸਵਾਮੀ ਦਾ ਦੌਰਾ ਕਰਕੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਰੱਖਿਆ ਮੰਤਰੀ ਲਗਪਗ ਡੇਢ ਘੰਟਾ ਡੇਰੇ ’ਚ ਰਹੇ। ਉਨ੍ਹਾਂ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਬੰਦ ਕਮਰਾ ਮੀਟਿੰਗ ਵੀ ਕੀਤੀ।
ਹਾਲਾਂਕਿ ਮੀਟਿੰਗ ਦੇ ਵੇਰਵੇ ਜਨਤਕ ਨਹੀਂ ਕੀਤੇ ਗਏ ਪਰ ਪੰਜਾਬ ਦੇ ਭਖੇ ਮਾਹੌਲ ਨੂੰ ਵੇਖਦਿਆਂ ਇਸ ਮੀਟਿੰਗ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਬੇਸ਼ੱਕ ਇਸ ਤੋਂ ਪਹਿਲਾਂ ਵੀ ਸੀਨੀਅਰ ਬੀਜੇਪੀ ਲੀਡਰ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰ ਚੁੱਕੇ ਹਨ ਪਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਇਸ ਮੀਟਿੰਗ ਨੂੰ ਪੰਜਾਬ ਦੇ ਮੌਜੂਦਾ ਹਾਲਾਤ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਭਾਜਪਾ ਦੇ ਸੀਨੀਅਰ ਆਗੂ ਰਾਜਨਾਥ ਸਿੰਘ ਦੇ ਇਸ ਦੌਰੇ ਨੂੰ ਸਿਆਸਤ ਤੇ 2024 ਵਿੱਚ ਹੋਣ ਵਾਲੀਆਂ ਸੰਸਦੀ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਦੱਸ ਦਈਏ ਕਿ ਪੰਜਾਬ ਵਿੱਚ ਭਾਜਪਾ ਆਪਣੇ ਆਪ ਨੂੰ ਮਜ਼ਬੂਤ ਕਰਨ ਦੇ ਯਤਨ ਕਰ ਰਹੀ ਹੈ ਤੇ ਭਵਿੱਖ ਵਿੱਚ ਉਹ ਇਕੱਲਿਆਂ ਹੀ ਚੋਣਾਂ ਲੜਨ ਦੇ ਰੌਂਅ ’ਚ ਹੈ। ਬੀਜੇਪੀ ਵੱਲੋਂ ਪਿੰਡਾਂ ਵਿੱਚ ਵੀ ਆਧਾਰ ਬਣਾਇਆ ਜਾ ਰਿਹਾ ਹੈ। ਡੇਰਾ ਬਿਆਸ ਦਾ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਹੋਰ ਸੂਬਿਆਂ ਵਿੱਚ ਵੀ ਚੰਗਾ ਪ੍ਰਭਾਵ ਹੈ। ਹਿਮਾਚਲ ਵਿਧਾਨ ਸਭਾ ਚੋਣਾਂ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਦਾ ਦੌਰਾ ਕੀਤਾ ਸੀ। ਪ੍ਰਧਾਨ ਮੰਤਰੀ ਵੀ ਡੇਰਾ ਬਿਆਸ ਵੱਲੋਂ ਕੀਤੇ ਜਾਂਦੇ ਲੋਕ ਕਲਿਆਣ ਦੇ ਕਾਰਜਾਂ ਤੇ ਉਸ ਦੀ ਕਾਰਜ ਪ੍ਰਣਾਲੀ ਤੋਂ ਪ੍ਰਭਾਵਿਤ ਹੋਏ ਸਨ।
ਹਾਸਲ ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਰਾਜਨਾਥ ਸਿੰਘ ਸਤਿਸੰਗ ਸਥਾਨ ਤੇ ਵੀ ਗਏ ਤੇ ਲੰਗਰ ਘਰ ਵੀ ਦੇਖਿਆ। ਇਸ ਮੌਕੇ ਡੇਰਾ ਮੁਖੀ ਬਾਬਾ ਢਿੱਲੋਂ ਵੱਲੋਂ ਰਾਜਨਾਥ ਸਿੰਘ ਨੂੰ ਡੇਰੇ ਦੇ ਵੱਖ-ਵੱਖ ਸਥਾਨਾਂ ਤੇ ਗਤੀਵਿਧੀਆਂ ਬਾਰੇ ਜਾਣੂ ਕਰਾਇਆ ਗਿਆ। ਇਸ ਤੋਂ ਪਹਿਲਾਂ ਡੇਰਾ ਮੁਖੀ ਨੇ ਰੱਖਿਆ ਮੰਤਰੀ ਦਾ ਡੇਰਾ ਬਿਆਸ ਪੁੱਜਣ ਤੇ ਨਿੱਘਾ ਸਵਾਗਤ ਕੀਤਾ। ਰਾਜਨਾਥ ਸਿੰਘ ਨੇ ਡੇਰੇ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।
ਰੱਖਿਆ ਮੰਤਰੀ ਸ਼ਨੀਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜੇ, ਜਿਥੇ ਭਾਜਪਾ ਆਗੂ ਜੀਵਨ ਗੁਪਤਾ, ਰਾਜ ਸਭਾ ਦੇ ਸਾਬਕਾ ਮੈਂਬਰ ਸ਼ਵੇਤ ਮਲਿਕ, ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਤੇ ਹੋਰ ਆਗੂਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।