ਚੰਡੀਗੜ੍ਹ: ਪੰਜਾਬ 'ਚ ਯੂਨਾਈਟਿਡ ਅਕਾਲੀ ਦਲ ਸ਼ਨੀਵਾਰ ਨੂੰ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਨਾਲ ਇੱਕਠੇ ਹੋ ਗਏ। ਦੱਸ ਦਈਏ ਕਿ ਗੁਰੂਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿਚ ਯੂਨਾਈਟਿਡ ਅਕਾਲੀ ਦਲ ਦੇ ਮੁਖੀ ਭਾਈ ਮੋਕਮ ਸਿੰਘ ਨੇ ਪਾਰਟੀ ਵਿਚ ਰਲੇਵੇਂ ਦਾ ਐਲਾਨ ਕੀਤਾ।


ਇਸ ਦੌਰਾਨ ਭਾਈ ਮੋਕਮ ਸਿੰਘ ਨੇ ਕਿਹਾ ਕਿ ਉਨ੍ਹਾਂ ਲਈ ਪਹਿਲਾਂ ਪੰਥ ਤੇ ਪੰਜਾਬ ਹੈ। ਪਾਰਟੀ ਅਤੇ ਰਾਜਨੀਤੀ ਇਸ ਤੋਂ ਬਾਅਦ 'ਚ ਆਉਂਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਪੰਜਾਬ ਦਾ ਕਾਫੀ ਨੁਕਸਾਨ ਕੀਤਾ ਹੈ ਅਤੇ ਹੁਣ ਸਿੱਖ ਪੰਥ ਨੂੰ ਬਚਾਉਣ ਲਈ ਸੰਘਰਸ਼ ਕਰਨਾ ਪਏਗਾ।

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਦਾ ਹਿੱਤ ਹੈ ਅਤੇ ਨਾ ਤਾਂ ਉਹ ਕਿਸੇ ਅਹੁਦੇ ਦੀ ਇੱਛਾ ਰੱਖਦੇ ਹਨ ਅਤੇ ਨਾ ਹੀ ਉਹ ਚੋਣ ਲੜਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਜੇਕਰ ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਉਹ ਮੁੱਖ ਮੰਤਰੀ ਵੀ ਨਹੀਂ ਬਣਨਗੇ।

ਢੀਂਡਸਾ ਨੇ ਅੱਗੇ ਕਿਹਾ ਕਿ ਬਾਦਲ ਪਰਿਵਾਰ ਨੂੰ ਛੱਡਣ ਵਿੱਚ ਦੇਰ ਹੋਈ, ਪਰ ਉਹ ਬਗੈਰ ਕਿਸੇ ਦਾਗ ਦੇ ਬਾਹਰ ਆ ਗਏ ਤੇ ਹੁਣ ਪੰਜਾਬ ਦੇ ਹਿੱਤਾਂ ਲਈ ਲੜਾਈ ਲੜਣਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ ਅਤੇ ਇਸ ਮਾਮਲੇ ਵਿੱਚ ਡੇਰਾ ਸਿਰਸਾ ਨਾਲ ਬਾਦਲ ਪਰਿਵਾਰ ਦੀ ਮਿਲੀਭੁਗਤ ਵੀ ਸਾਹਮਣੇ ਆਈ ਹੈ। ਜਿਸ ਲਈ ਸੰਗਤ ਬਾਦਲਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ।

ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ 'ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਉਹ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਵਿਰੋਧ ਕਰਦੇ ਹਨ। ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਵਾਪਸ ਲੈਣਾ ਚਾਹੀਦਾ ਹੈ, ਇਸ ਦੇ ਲਈ ਪ੍ਰਧਾਨ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904